ਸ਼ੰਕਰ ਦਾਸ ਦੀ ਰਿਪੋਰਟ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵਿੱਚ ਖਿਚੋਤਾਣ ਤੇ ਅਸੰਤੁਸ਼ਟੀ ਰੁਕਣ ਦਾ ਨਾਂ ਨਹੀਂ ਲੈ ਰਹੀ ਤੇ ਹੁਣ ਸਮੁੱਚੀ ਲੀਡਰਸ਼ਿਪ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਪਿਛਲੇ ਕੁਝ ਸਾਲਾਂ ਤੋਂ ਲੀਡਰਸ਼ਿਪ ਦੀਆਂ ਨੀਤੀਆਂ 'ਤੇ ਗੰਭੀਰ ਸਵਾਲ ਉਠਾਏ ਗਏ। ਮੀਟਿੰਗ ਵਿੱਚ ਪਾਰਟੀ ਦੇ ਵੱਖ-ਵੱਖ ਮੁੱਦਿਆਂ ਤੇ ਵਿਕਲਪਾਂ 'ਤੇ ਵੀ ਚਰਚਾ ਕੀਤੀ ਗਈ।
ਦਰਅਸਲ, ਇਕਬਾਲ ਸਿੰਘ ਝੂੰਦਾਂ ਕਮੇਟੀ ਦੀ ਰਿਪੋਰਟ ਨੂੰ ਲੈ ਕੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਸਮੁੱਚੀ ਲੀਡਰਸ਼ਿਪ ਦੇ ਅਸਤੀਫ਼ਿਆਂ ਦਾ ਮੁੱਦਾ ਉਠਿਆ। ਛੇ ਘੰਟੇ ਤੱਕ ਚੱਲੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਇਹ ਗੱਲ ਉੱਭਰ ਕੇ ਸਾਹਮਣੇ ਆਈ ਕਿ ਸ਼੍ਰੋਮਣੀ ਅਕਾਲੀ ਦਲ ਪਿਛਲੇ ਕੁਝ ਸਾਲਾਂ ਵਿੱਚ ਆਪਣੇ ਸਿਧਾਂਤਾਂ ਤੋਂ ਭਟਕ ਗਿਆ ਹੈ। ਪੰਥ, ਪੰਥਕ ਹਿੱਤਾਂ, ਰਾਜਾਂ ਦੇ ਅਧਿਕਾਰਾਂ ਤੇ ਘੱਟ ਗਿਣਤੀਆਂ ਦੇ ਹੱਕਾਂ ਲਈ ਲੜਨ ਵਾਲਾ ਸ਼੍ਰੋਮਣੀ ਅਕਾਲੀ ਦਲ ਹੁਣ ਇਨ੍ਹਾਂ ਮੁੱਦਿਆਂ ਨੂੰ ਓਨੀ ਜ਼ੋਰਦਾਰ ਢੰਗ ਨਾਲ ਨਹੀਂ ਉਠਾ ਰਿਹਾ, ਜਿਸ ਦੇ ਲਈ ਸੌ ਸਾਲ ਪਹਿਲਾਂ ਇਸ ਦਾ ਗਠਨ ਹੋਇਆ ਸੀ।
60 ਫੀਸਦੀ ਮੈਂਬਰ ਚਾਹੁੰਦੇ ਸੀ ਸੁਖਬੀਰ ਬਾਦਲ ਸਮੇਤ ਸਮੁੱਚੀ ਲੀਡਰਸ਼ਿਪ ਦਾ ਅਸਤੀਫਾ
ਕੋਰ ਕਮੇਟੀ ਦੇ ਕਰੀਬ ਸੱਠ ਫੀਸਦੀ ਮੈਂਬਰਾਂ ਨੇ ਇਸ ਗੱਲ 'ਤੇ ਸਹਿਮਤੀ ਪ੍ਰਗਟਾਈ ਕਿ ਸੁਖਬੀਰ ਬਾਦਲ ਸਮੇਤ ਸਮੁੱਚੀ ਲੀਡਰਸ਼ਿਪ ਨੂੰ ਅਸਤੀਫਾ ਦੇ ਕੇ ਨਵਾਂ ਢਾਂਚਾ ਖੜ੍ਹਾ ਕਰਨਾ ਚਾਹੀਦਾ ਹੈ, ਜਦਕਿ 40 ਫੀਸਦੀ ਮੈਂਬਰਾਂ ਦਾ ਮੰਨਣਾ ਸੀ ਕਿ ਪਾਰਟੀਆਂ 'ਚ ਕੰਮ ਕਰਨ 'ਚ ਗਲਤੀਆਂ ਹੁੰਦੀਆਂ ਹਨ ਪਰ ਇਸ ਦਾ ਮਤਲਬ ਇਹ ਨਹੀਂ ਕਿ ਸਾਰਿਆਂ ਨੂੰ ਅਸਤੀਫਾ ਦੇਣਾ ਚਾਹੀਦਾ ਹੈ। ਉਨ੍ਹਾਂ ਮੌਜੂਦਾ ਲੀਡਰਸ਼ਿਪ ਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ 'ਤੇ ਪੂਰਾ ਭਰੋਸਾ ਪ੍ਰਗਟਾਇਆ।
ਕਈ ਮੁੱਦਿਆਂ 'ਤੇ ਅਕਾਲੀ ਆਗੂਆਂ ਵਿਚਾਲੇ ਤਕਰਾਰ
ਦੱਸਿਆ ਜਾਂਦਾ ਹੈ ਕਿ ਪਾਰਟੀ ਆਗੂਆਂ ਵਿਚਾਲੇ ਕੁਝ ਮੁੱਦਿਆਂ ਨੂੰ ਲੈ ਕੇ ਤਕਰਾਰ ਹੋਈ। ਅੰਤ ਵਿੱਚ ਸਰਬਸੰਮਤੀ ਨਾਲ ਰਿਪੋਰਟ ਨੂੰ ਪ੍ਰਵਾਨ ਕਰਕੇ ਰਿਪੋਰਟ ਵਿੱਚ ਉਠਾਏ ਗਏ 42 ਨੁਕਤਿਆਂ ’ਤੇ ਦਿੱਤੇ ਸੁਝਾਵਾਂ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ।
ਸੁਖਬੀਰ ਬਾਦਲ ਦੀ ਅਗਵਾਈ ਹੇਠ ਹੋਈ ਕੋਰ ਕਮੇਟੀ ਦੀ ਮੀਟਿੰਗ ਵਿੱਚ ਸਮੀਖਿਆ ਪੈਨਲ ਦੀ ਰਿਪੋਰਟ ਦਾ ਨਾ ਸਿਰਫ਼ ਸਮਰਥਨ ਕੀਤਾ ਗਿਆ, ਸਗੋਂ ਉਨ੍ਹਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਇਸ ਨੂੰ ਪ੍ਰਵਾਨ ਵੀ ਕੀਤਾ ਗਿਆ। ਸੁਖਬੀਰ ਬਾਦਲ ਨੂੰ ਵੀ ਰਿਪੋਰਟ ਦੀਆਂ ਸਿਫ਼ਾਰਸ਼ਾਂ ਅਨੁਸਾਰ ਪਾਰਟੀ ਢਾਂਚੇ ਦਾ ਪੁਨਰਗਠਨ ਕਰਨ ਦੇ ਪੂਰੇ ਅਧਿਕਾਰ ਦਿੱਤੇ ਗਏ ਹਨ।