Punjab News : ਪੰਜਾਬ ਦੇ ਹਜ਼ਾਰਾਂ ਕਰੋੜਾਂ ਦੇ ਡਰੱਗਜ਼ ਮਾਮਲੇ 'ਚ ਭਗੌੜੇ ਏਆਈਜੀ ਰਾਜਜੀਤ ਸਿੰਘ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਦੋਸ਼ੀ ਰਾਜਜੀਤ 'ਤੇ ਹੁਣ ਅਪਰਾਧਿਕ ਸਾਜ਼ਿਸ਼ ਰਚਣ, ਰਿਕਾਰਡ 'ਚ ਹੇਰਾਫੇਰੀ ਅਤੇ ਜਬਰੀ ਵਸੂਲੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।



ਦਰਅਸਲ, ਸਾਲ 2017 'ਚ ਇੰਸਪੈਕਟਰ ਇੰਦਰਜੀਤ ਨੂੰ ਹਥਿਆਰ ਅਤੇ ਨਸ਼ਾ ਤਸਕਰੀ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਦੇ ਘਰ ਦੀ ਤਲਾਸ਼ੀ ਦੌਰਾਨ ਏ.ਕੇ.-47, 4 ਕਿਲੋ ਹੈਰੋਇਨ, 3 ਕਿਲੋ ਸਮੈਕ ਅਤੇ ਹੋਰ ਦੇਸੀ ਹਥਿਆਰ ਬਰਾਮਦ ਕੀਤੇ ਗਏ ਸੀ। ਜਿਸ ਤੋਂ ਬਾਅਦ ਇੰਸਪੈਕਟਰ ਇੰਦਰਜੀਤ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ।


 ਇਹ ਵੀ ਪੜ੍ਹੋ : ਬਰਨਾਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ , ਭੁੱਕੀ ਅਤੇ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ

ਇਸ ਮਾਮਲੇ ਵਿੱਚ ਏਆਈਜੀ ਰਾਜਜੀਤ ਸਿੰਘ ’ਤੇ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਦਾ ਬਚਾਅ ਕਰਦਿਆਂ ਝੂਠਾ ਰਿਕਾਰਡ ਪੇਸ਼ ਕਰਨ ਦਾ ਦੋਸ਼ ਹੈ। ਇਸ ਦੇ ਨਾਲ ਹੀ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨਾਲ ਛੇੜਛਾੜ ਕਰਨ, ਇੰਦਰਜੀਤ ਨੂੰ ਪ੍ਰਮੋਸ਼ਨ ਦੇਣ ਅਤੇ ਡਰੱਗ ਮਾਮਲੇ ਵਿੱਚ ਬਚਾਅ ਕਰਨ ਦੀ ਕੋਸ਼ਿਸ਼ ਕਰਨ ਦੇ ਵੀ ਆਰੋਪ ਹਨ।

ਜੇਲ੍ਹ ਵਿੱਚ ਬੰਦ ਇੰਸਪੈਕਟਰ ਇੰਦਰਜੀਤ ਅਤੇ ਏਆਈਜੀ ਰਾਜਜੀਤ ਸਿੰਘ ਦੇ ਸਬੰਧਾਂ ਦੀ ਜਾਂਚ ਲਈ ਏਡੀਜੀਪੀ ਆਰਕੇ ਜੈਸਵਾਲ ਦੀ ਪ੍ਰਧਾਨਗੀ ਵਿੱਚ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਆਰਕੇ ਜੈਸਵਾਲ ਇੱਕ ਮਹੀਨੇ ਵਿੱਚ ਮਾਮਲੇ ਦੀ ਜਾਂਚ ਕਰਕੇ ਆਪਣੀ ਰਿਪੋਰਟ ਸੂਬਾ ਸਰਕਾਰ ਨੂੰ ਸੌਂਪਣਗੇ।


 ਇਹ ਵੀ ਪੜ੍ਹੋ : Chandigarh News: ਚੰਡੀਗੜ੍ਹੀਆਂ ਲਈ ਖੁਸ਼ਖਬਰੀ! ਹੁਣ ਜਲਦ ਦੌੜੇਗੀ ਟਰਾਈਸਿਟੀ 'ਚ ਮੈਟਰੋ

ਦੱਸ ਦੇਈਏ ਕਿ ਮੁਲਜ਼ਮ ਏਆਈਜੀ ਰਾਜਜੀਤ ਸਿੰਘ ਖਿਲਾਫ਼ ਬੀਤੇ ਕੱਲ ਲੁੱਕਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ। ਉਸ ਨੂੰ ਲੱਭਣ ਲਈ ਐਸਟੀਐਫ ਵੱਖ-ਵੱਖ ਜ਼ਿਲ੍ਹਿਆਂ ਵਿੱਚ ਛਾਪੇਮਾਰੀ ਵੀ ਕਰ ਰਹੀ ਹੈ। ਵਿਜੀਲੈਂਸ ਨੇ ਮੁਲਜ਼ਮ ਰਾਜਜੀਤ ਅਤੇ ਇੰਦਰਜੀਤ ਸਿੰਘ ਦਾ ਸਰਵਿਸ ਰਿਕਾਰਡ ਵੀ ਜ਼ਬਤ ਕਰ ਲਿਆ ਹੈ। ਮੁਲਜ਼ਮ ਏਆਈਜੀ ਰਾਜਜੀਤ ਸਿੰਘ ਅਤੇ ਇੰਸਪੈਕਟਰ ਕਈ ਥਾਵਾਂ ’ਤੇ ਇਕੱਠੇ ਤਾਇਨਾਤ ਸਨ। ਰਾਜਜੀਤ ਸਿੰਘ ਨੂੰ 2012 ਤੋਂ 2017 ਤੱਕ ਜਿਨ੍ਹਾਂ ਥਾਵਾਂ 'ਤੇ ਤਾਇਨਾਤ ਕੀਤਾ ਗਿਆ, ਉਨ੍ਹਾਂ ਨੇ ਇੰਦਰਜੀਤ ਸਿੰਘ ਨੂੰ ਵੀ ਆਪਣੇ ਨਾਲ ਰੱਖਿਆ। ਇਸ ਦੇ ਲਈ ਰਾਜਜੀਤ ਸਿੰਘ ਸਿਫਾਰਿਸ਼ੀ ਪੱਤਰ ਲਿਖ ਕੇ ਇੰਦਰਜੀਤ ਦੀ ਬਦਲੀ ਕਰਵਾਉਂਦਾ ਰਿਹਾ ਹੈ। ਦੋਵੇਂ ਗੁਰਦਾਸਪੁਰ, ਤਰਨਤਾਰਨ, ਮੋਗਾ ਅਤੇ ਜਲੰਧਰ ਵਿਖੇ ਇਕੱਠੇ ਤਾਇਨਾਤ ਰਹੇ ਹਨ।