Rajjit Singh: ਮੋਹਾਲੀ ਅਦਾਲਤ ਵੱਲੋਂ ਨਸ਼ਾ ਤਸਕਰੀ ਦੇ ਮਾਮਲੇ 'ਚ ਬਰਖ਼ਾਸਤ AIG ਰਾਜਜੀਤ ਸਿੰਘ ਭਗੌੜਾ ਕਰਾਰ
Mohali News : ਮੋਹਾਲੀ ਅਦਾਲਤ ਨੇ ਪੰਜਾਬ ਪੁਲੀਸ ਦੇ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਨੂੰ ਭਗੌੜਾ ਕਰਾਰ ਦੇ ਦਿੱਤਾ ਹੈ। ਦਰਅਸਲ 'ਚ ਰਾਜਜੀਤ ਸਿੰਘ ਨਸ਼ਿਆਂ ਦੀ ਤਸਕਰੀ, ਫਿਰੌਤੀ ਅਤੇ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ
Mohali News: ਮੁਹਾਲੀ ਅਦਾਲਤ ਨੇ ਪੰਜਾਬ ਪੁਲਿਸ ਦੇ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਨੂੰ ਭਗੌੜਾ ਕਰਾਰ ਦੇ ਦਿੱਤਾ ਹੈ। ਦਰਅਸਲ ਰਾਜਜੀਤ ਸਿੰਘ ਨਸ਼ਿਆਂ ਦੀ ਤਸਕਰੀ, ਫਿਰੌਤੀ ਤੇ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮਾਰਚ ਮਹੀਨੇ ਤੋਂ ਫਰਾਰ ਹੈ। ਸਪੈਸ਼ਲ ਟਾਸਕ ਫੋਰਸ ਉਸ ਦੀ ਭਾਲ ਵਿੱਚ ਹੁਣ ਤੱਕ 600 ਤੋਂ ਵੱਧ ਥਾਵਾਂ 'ਤੇ ਛਾਪੇਮਾਰੀ ਕਰ ਚੁੱਕੀ ਹੈ।
ਹਾਸਲ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਬਹੁ-ਕਰੋੜੀ ਨਸ਼ਾ ਤਸਕਰੀ ਮਾਮਲੇ ਵਿੱਚ ਸੀਲਬੰਦ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਏਆਈਜੀ ਰਾਜਜੀਤ ਸਿੰਘ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਸੀ। ਉਦੋਂ ਤੋਂ ਹੀ ਉਹ ਫਰਾਰ ਹੈ। ਰਾਜਜੀਤ ਨੂੰ ਹਾਈਕੋਰਟ ਤੋਂ ਵੀ ਝਟਕਾ ਲੱਗ ਚੁੱਕਾ ਹੈ।
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੂਬੇ ਵਿੱਚ ਨਸ਼ਿਆਂ ਦੀ ਤਸਕਰੀ ਦੀ ਜਾਂਚ ਲਈ 2017 ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਸੀ। ਜਾਂਚ ਤੋਂ ਬਾਅਦ ਐਸਆਈਟੀ ਨੇ ਹਾਈ ਕੋਰਟ ਵਿੱਚ ਚਾਰ ਸੀਲਬੰਦ ਰਿਪੋਰਟਾਂ ਦਾਇਰ ਕੀਤੀਆਂ ਸਨ। ਇਨ੍ਹਾਂ ਵਿੱਚੋਂ ਤਿੰਨ ਰਿਪੋਰਟਾਂ ਹਾਈਕੋਰਟ ਨੇ ਖੋਲ੍ਹ ਕੇ ਪੰਜਾਬ ਸਰਕਾਰ ਨੂੰ ਕਾਰਵਾਈ ਲਈ ਭੇਜ ਦਿੱਤੀਆਂ ਸਨ। ਇਨ੍ਹਾਂ ਰਿਪੋਰਟਾਂ ਦੇ ਆਧਾਰ ’ਤੇ ਏਆਈਜੀ ਰਾਜਜੀਤ ਸਿੰਘ ਹੁੰਦਲ ਖ਼ਿਲਾਫ਼ ਕਾਰਵਾਈ ਕੀਤੀ ਗਈ ਸੀ।
ਜ਼ਿਕਰਯੋਗ ਹੈ ਕਿ ਸਾਲ 2017 'ਚ ਏਆਈਜੀ ਰਹੇ ਰਾਜਜੀਤ ਦੇ ਸਾਥੀ ਇੰਸਪੈਕਟਰ ਇੰਦਰਜੀਤ ਨੂੰ ਹਥਿਆਰ ਅਤੇ ਡਰੱਗ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਦੇ ਘਰ ਦੀ ਤਲਾਸ਼ੀ ਦੌਰਾਨ ਏਕੇ-47, 4 ਕਿਲੋ ਹੈਰੋਇਨ, 3 ਕਿਲੋ ਸਮੈਕ ਤੇ ਹੋਰ ਦੇਸੀ ਹਥਿਆਰ ਬਰਾਮਦ ਹੋਏ ਸਨ। ਇੰਸਪੈਕਟਰ ਇੰਦਰਜੀਤ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿਤਾ ਗਿਆ ਸੀ। ਇਸ ਮਾਮਲੇ 'ਚ ਰਾਜਜੀਤ ਸਿੰਘ 'ਤੇ ਬਰਖਾਸਤ ਇੰਸਪੈਕਟਰ ਇੰਦਰਜੀਤ ਦਾ ਬਚਾਅ ਕਰਦੇ ਹੋਏ ਗਲਤ ਰਿਕਾਰਡ ਪੇਸ਼ ਕਰਨ ਦਾ ਦੋਸ਼ ਹੈ।
ਇਸ ਦੇ ਨਾਲ ਹੀ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨਾਲ ਛੇੜਛਾੜ ਕਰਨ ਤੇ ਇੰਦਰਜੀਤ ਨੂੰ ਤਰੱਕੀ ਦੇਣ ਦੇ ਵੀ ਆਰੋਪ ਹਨ। ਮੁਲਜ਼ਮ ਰਾਜਜੀਤ ਸਿੰਘ ਅਤੇ ਇੰਸਪੈਕਟਰ ਕਈ ਥਾਵਾਂ ’ਤੇ ਇਕੱਠੇ ਤਾਇਨਾਤ ਸਨ। ਰਾਜਜੀਤ ਸਿੰਘ ਨੂੰ 2012 ਤੋਂ 2017 ਤੱਕ ਜਿਨ੍ਹਾਂ ਥਾਵਾਂ 'ਤੇ ਤਾਇਨਾਤ ਕੀਤਾ ਗਿਆ, ਉਨ੍ਹਾਂ ਨੇ ਵੀ ਇੰਦਰਜੀਤ ਸਿੰਘ ਨੂੰ ਅਪਣੇ ਨਾਲ ਰੱਖਿਆ। ਇਸ ਲਈ ਰਾਜਜੀਤ ਸਿੰਘ ਸਿਫਾਰਸ਼ ਪੱਤਰ ਲਿਖ ਕੇ ਇੰਦਰਜੀਤ ਦੀ ਬਦਲੀ ਕਰਵਾਉਂਦਾ ਰਹਿੰਦਾ ਸੀ। ਦੋਵੇਂ ਗੁਰਦਾਸਪੁਰ, ਤਰਨ ਤਾਰਨ, ਮੋਗਾ ਤੇ ਜਲੰਧਰ ਵਿਖੇ ਇਕੱਠੇ ਤਾਇਨਾਤ ਰਹੇ ਸਨ।