SGPC Election: ਬੀਬੀ ਜਗੀਰ ਕੌਰ ਦੇ ਖੁਲਾਸਿਆਂ ਨਾਲ ਅਕਾਲੀ ਦਲ 'ਚ ਖਲਬਲੀ! ਡੇਰਾ ਸਿਰਸਾ ਬਾਰੇ ਕਹੀ ਵੱਡੀ ਗੱਲ
SGPC Election: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਸਾਹਮਣੇ ਵੱਡੀ ਚੁਣੌਤੀ ਖੜ੍ਹੀ ਕਰ ਦਿੱਤੀ ਹੈ।
SGPC Election: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਸਾਹਮਣੇ ਵੱਡੀ ਚੁਣੌਤੀ ਖੜ੍ਹੀ ਕਰ ਦਿੱਤੀ ਹੈ। ਬੇਸ਼ੱਕ ਅਕਾਲੀ ਦਲ ਨੂੰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਨੂੰ ਲੈ ਕੇ ਕੋਈ ਫਿਕਰ ਨਹੀਂ ਪਰ ਬੀਬੀ ਜਗੀਰ ਕੌਰ ਵੱਲੋਂ ਕੀਤੇ ਜਾ ਰਹੇ ਨਿੱਤ ਖੁਲਾਸਿਆਂ ਨੇ ਪਾਰਟੀ ਦੀ ਨੀਂਦ ਉਡਾ ਦਿੱਤੀ ਹੈ। ਇਹ ਵੀ ਅਹਿਮ ਹੈ ਕਿ ਬੀਬੀ ਜਗੀਰ ਕੌਰ ਦੇ ਖੁਲਾਸਿਆਂ ਨਾਲ ਸਵਾਲ ਬਾਦਲ ਪਰਿਵਾਰ ਉੱਪਰ ਹੀ ਉੱਠ ਰਹੇ ਹਨ।
ਬੀਬੀ ਜਗੀਰ ਕੌਰ ਨੇ ਐਤਵਾਰ ਨੂੰ ਜਲੰਧਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ 2007 ਵਿੱਚ ਗੁਰੂ ਸਾਹਿਬ ਦਾ ਸਵਾਂਗ ਰਚਿਆ ਸੀ ਪਰ ਸਾਲ 2012 ਦੀਆਂ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਐਫਆਈਆਰ ਰੱਦ ਕਰਵਾਉਣੀ ਬਹੁਤ ਹੀ ਮੰਦਭਾਗੀ ਗੱਲ ਸੀ। ਜੇਕਰ ਡੇਰਾ ਮੁਖੀ ਵਿਰੁੱਧ ਪੰਜਾਬ ਸਰਕਾਰ ਗੰਭੀਰਤਾ ਨਾਲ ਕੇਸ ਲੜਦੀ ਤਾਂ 2015 ਵਿੱਚ ਬੇਅਦਬੀ ਵਰਗਾ ਦੁਖਾਂਤ ਨਾ ਵਾਪਰਦਾ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਲਿਫਾਫਾ ਕਲਚਰ ਵਿਰੁੱਧ ਸਟੈਂਡ ਲਏ ਜਾਣ ਤੋਂ ਬਾਅਦ ਹੀ ਦੋ ਦਹਾਕਿਆਂ ਤੋਂ ਚੱਲੀ ਆ ਰਹੀ ਪੁਰਾਣੀ ਪ੍ਰਥਾ ਨੂੰ ਖਤਮ ਕਰਨਾ ਪਿਆ ਹੈ ਤੇ ਪਾਰਟੀ ਨੂੰ ਚੋਣਾਂ ਤੋਂ ਪਹਿਲਾਂ ਹੀ ਆਪਣੇ ਉਮੀਦਵਾਰ ਦਾ ਐਲਾਨ ਕਰਨ ਲਈ ਮਜਬੂਰ ਹੋਣਾ ਪਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਜੇਕਰ ਉਹ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦੀ ਚੋਣ ਜਿੱਤਦੇ ਹਨ ਤਾਂ ਉਹ ਸ਼੍ਰੋਮਣੀ ਕਮੇਟੀ ਦੀ ਆਜ਼ਾਦ ਹਸਤੀ ਬਹਾਲ ਕਰਵਾਉਣਗੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਐਲਾਨ ਕਰਦਿਆਂ ਆਪਣਾ ਏਜੰਡਾ ਪੇਸ਼ ਕੀਤਾ ਹੈ। ਇੱਥੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਚੁਣੌਤੀ ਦੇਣ ਵਾਲੇ ਨੁਕਤੇ ਉਠਾਏ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਿੱਖ ਪੰਥ ਲਈ ਸਰਵਉੱਚ ਹੈ ਤੇ ਉਸ ਵੱਲੋਂ ਦਿੱਤੇ ਗਏ ਆਦੇਸ਼ਾਂ ਨੂੰ ਸ਼੍ਰੋਮਣੀ ਕਮੇਟੀ ਨੇ ਇਨ-ਬਿਨ ਲਾਗੂ ਕਰਨਾ ਤੇ ਕਰਵਾਉਣਾ ਹੁੰਦਾ ਹੈ ਪਰ ਹੈਰਾਨੀ ਦੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਅਣਦੇਖੀ ਕਰਦੀ ਆ ਰਹੀ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਕਮੇਟੀ ਨੂੰ ਆਪਣਾ ਇੱਕ ਚੈਨਲ ਸਥਾਪਤ ਕਰਨ ਲਈ ਕਿਹਾ ਸੀ ਪਰ ਅੱਜ ਤੱਕ ਇਸ ਨੂੰ ਅਮਲ ਵਿੱਚ ਨਹੀਂ ਲਿਆਂਦਾ ਗਿਆ। ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮਨੁੱਖੀ ਅਧਿਕਾਰਾਂ ਦੇ ਮੁੱਦਿਆਂ ’ਤੇ ਕੰਮ ਕਰੇਗੀ। ਉਨ੍ਹਾਂ ਸਿੱਖ ਇਤਿਹਾਸ ਨਾਲ ਸਬੰਧਤ ਅਹਿਮ ਵਿਰਸੇ ਨੂੰ ਸੰਭਾਲਣ ਲਈ ਸਿੱਖ ਹੈਰੀਟੇਜ ਕਮਿਸ਼ਨ ਗਠਿਤ ਕਰਨ ਦਾ ਐਲਾਨ ਕੀਤਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :