ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਬਾਗੀ ਲੀਡਰਾਂ ਦੀਆਂ ਸੁਰਾਂ ਮਿਲਣ ਲੱਗੀਆਂ ਹਨ। ਸੁਖਪਾਲ ਖਹਿਰਾ ਧੜੇ ਖਿਲਾਫ ਕਾਰਵਾਈ ਮਗਰੋਂ ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਇੱਕਜੁਟ ਹੋਣ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਨੇ ਵਿਧਾਇਕ ਸੁਖਪਾਲ ਖਹਿਰਾ ਤੇ ਕੰਵਰ ਸੰਧੂ ਦੀ ਮੁਅੱਤਲੀ ਨੂੰ ਗ਼ਲਤ ਕਰਾਰ ਦਿੰਦਿਆਂ ਕਿਹਾ ਹੈ ਕਿ ਇਹ 'ਆਪ' ਲੀਡਰਸ਼ਿਪ ਦੀ ਤਾਨਾਸ਼ਾਹੀ ਕਾਰਵਾਈ ਹੈ। ਖਹਿਰਾ ਨੇ ਦਾਅਵਾ ਕੀਤਾ ਹੈ ਕਿ ਸੁੱਚਾ ਸਿੰਘ ਛੋਟੇਪੁਰ ਸਣੇ ਹੋਰ ਬਾਗੀ ਤੇ ਨਾਰਾਜ਼ ਲੀਡਰ ਨਾਲ ਵੀ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।
ਸੁਖਪਾਲ ਖਹਿਰਾ ਨਾਲ ਹੱਥ ਮਿਲਾਉਣ ਬਾਰੇ ਡਾ. ਗਾਂਧੀ ਨੇ ਕਿਹਾ ਹੈ ਕਿ ਉਨ੍ਹਾਂ ਆਪਣਾ ਏਜੰਡਾ ਪੇਸ਼ ਕਰ ਦਿੱਤਾ ਹੈ। ਪੰਜਾਬ ਦੇ ਹਿੱਤ ’ਚ ਕੰਮ ਕਰਨ ਵਾਲੀ ਕਿਸੇ ਵੀ ਪਾਰਟੀ ਜਾਂ ਵਿਅਕਤੀ ਨਾਲ ਉਹ ਸਮਝੌਤਾ ਕਰ ਸਕਦੇ ਹਨ। ਉਨ੍ਹਾਂ ਖਹਿਰਾ ਵੱਲੋਂ ਬਹੁਜਨ ਸਮਾਜ ਪਾਰਟੀ ਵਰਗੀਆਂ ਧਿਰਾਂ ਨਾਲ ਸਮਝੌਤਾ ਕਰਨ ਦੀ ਕੀਤੀ ਗੱਲ ਬਾਰੇ ਕਿਹਾ ਕਿ ਇਹ ਗੱਲ ਸਹੀ ਹੈ ਜੋ ਵੀ ਪੰਜਾਬ ਵਿੱਚ ਪੰਜਾਬ ਦੇ ਹਿੱਤ ਵਿੱਚ ਗੱਲ ਕਰੇਗਾ ਉਸ ਨਾਲ ਸਮਝੌਤਾ ਹੋਣਾ ਸੰਭਵ ਹੈ।
ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿੱਚ ਦਲਿਤਾਂ, ਔਰਤਾਂ ਤੇ ਘੱਟ ਗਿਣਤੀਆਂ ਦੇ ਪੱਖ ਵਿੱਚ ਆਵਾਜ਼ ਬੁਲੰਦ ਕਰਦੇ ਰਹਿਣਗੇ। ਉਨ੍ਹਾਂ ਇੱਥੇ ਇਹ ਵੀ ਕਿਹਾ ਕਿ ਸੁਖਪਾਲ ਖਹਿਰਾ ਤੇ ਕੰਵਰ ਸੰਧੂ ਦੀ ਮੁਅੱਤਲੀ ਉਨ੍ਹਾਂ ਦੀ ਮੁਅੱਤਲੀ ਵਰਗੀ ਹੀ ਹੈ। ਜਿਸ ਤਰ੍ਹਾਂ ਉਨ੍ਹਾਂ ਨੂੰ ਮੁਅੱਤਲ ਕੀਤੇ ਨੂੰ ਕਈ ਸਾਲ ਹੋ ਗਏ ਹਨ, ਪਰ ਉਨ੍ਹਾਂ ਬਾਰੇ ਕੋਈ ਫ਼ੈਸਲਾ ਨਹੀਂ ਆਇਆ। ਇਸੇ ਤਰ੍ਹਾਂ ਸੁਖਪਾਲ ਖਹਿਰਾ ਤੇ ਕੰਵਰ ਸੰਧੂ ਨਾਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ‘ਆਪ’ ਦੀ ਲੀਡਰਸ਼ਿਪ ਦੀ ਸਿਆਸਤ ਹੈ ਕਿ ਉਹ ਆਪਣੀ ਪਾਰਟੀ ਲਈ ਵਫ਼ਾਦਾਰੀ ਨਾਲ ਕੰਮ ਕਰਨ ਵਾਲੇ ਕਿਸੇ ਵੀ ਉਸ ਮੈਂਬਰ ਨੂੰ ਨਹੀਂ ਚਾਹੁੰਦੇ ਜੋ ਉਨ੍ਹਾਂ ਦੀ ਗ਼ੁਲਾਮੀ ਕਰਨ ਲਈ ਤਿਆਰ ਨਹੀਂ ਹੁੰਦਾ। ਉਨ੍ਹਾਂ ਅੱਗੇ ਇਹ ਵੀ ਕਿਹਾ ਕਿ ਉਨ੍ਹਾਂ ਦਾ ਬੂਹਾ ਆਮ ਆਦਮੀ ਪਾਰਟੀ ਲਈ ਵੀ ਖੁੱਲ੍ਹਾ ਹੈ, ਪਰ ਜੇਕਰ ਉਨ੍ਹਾਂ ਦੀਆਂ ਸ਼ਰਤਾਂ ਮੰਨ ਲਈਆਂ ਜਾਂਦੀਆਂ ਹਨ। ਉਨ੍ਹਾਂ ਦੀ ਪਹਿਲੀ ਸ਼ਰਤ ਪੰਜਾਬ ਦੇ ਹੱਕਾਂ ਤੇ ਹਿੱਤਾਂ ਦੀ ਹੈ ਜੇਕਰ ਆਮ ਆਦਮੀ ਪਾਰਟੀ ਵੀ ਪੰਜਾਬ ਦੇ ਹਿੱਤਾਂ ਲਈ ਰਾਜ਼ੀ ਹੁੰਦੀ ਹੈ ਤਾਂ ਉਹ ਉਨ੍ਹਾਂ ਨਾਲ ਵੀ ਚੱਲਣ ਲਈ ਤਿਆਰ ਹਨ।