Punjab News: ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਇਸ ਸਬੰਧੀ ਰਾਜਾ ਵੜਿੰਗ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ ਹੈ ਜਿਸ ਵਿਚ ਵੀ ਉਨ੍ਹਾਂ ਇਹ ਹੀ ਲਿਖਿਆ ਹੈ ਕਿ ਡਾ. ਇੰਦਰਬੀਰ ਸਿੰਘ ਨਿੱਜਰ ਨੇ ਡਾ. ਹਮਦਰਦ ਦੇ ਸਮਰਥਨ ਵਿੱਚ ਬੋਲਿਆ ਤੇ ਅਗਲੇ ਹੀ ਦਿਨ ਉਨ੍ਹਾਂ ਨੂੰ ਅਸਤੀਫਾ ਦੇਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਨਿੱਜਰ ਸਾਬ੍ਹ ਨੂੰ ਸੱਚ ਬੋਲਣ ਦੀ ਭਾਰੀ ਕੀਮਤ ਚੁਕਾਉਣੀ ਪਈ ਹੈ।



ਦੱਸ ਦੇਈਏ ਕਿ ਬੀਤੀ ਰਾਤ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ ਇਹ ਅਸਤੀਫ਼ਾ ਅਪਣੇ ਨਿੱਜੀ ਕਾਰਨਾਂ ਕਰ ਕੇ ਦਿੱਤਾ ਹੈ। ਇਸ ਤੋਂ ਬਾਅਦ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੂੰ ਮੰਤਰੀ ਮੰਡਲ ਵਿੱਚ ਥਾਂ ਮਿਲ ਗਈ ਹੈ। ਇੰਦਰਬੀਰ ਸਿੰਘ ਨਿੱਝਰ ਅੰਮ੍ਰਿਤਸਰ ਸਾਊਥ ਤੋਂ ਜਿੱਤੇ ਸੀ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਵਿਜੀਲੈਂਸ ਬਿਊਰੋ ਨੇ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ 'ਚ ਅਜੀਤ ਅਖ਼ਬਾਰ ਦੇ ਮੁੱਖ ਸੰਪਾਦਕ/ਮੈਨੇਜਿੰਗ ਐਡੀਟਰ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤਾ ਸੀ। ਬਰਜਿੰਦਰ ਸਿੰਘ ਹਮਦਰਦ ਨੂੰ 29 ਮਈ ਨੂੰ ਪੰਜਾਬ ਵਿਜੀਲੈਂਸ ਦੇ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਦੇਣ ਲਈ ਕਿਹਾ ਸੀ ਪਰ ਉਨ੍ਹਾਂ ਨੇ 10 ਦਿਨ ਦਾ ਹੋਰ ਸਮਾਂ ਮੰਗਿਆ ਹੈ। ਇਹ ਕਾਰਵਾਈ ਜਲੰਧਰ ਵਿਖੇ ਉਸਾਰੀ ਗਈ ਜੰਗੇ ਅਜ਼ਾਦੀ ਯਾਦਗਾਰ ਦੇ ਫੰਡਾਂ ਬਾਰੇ ਚੱਲ ਰਹੀ ਜਾਂਚ ਸਬੰਧੀ ਕੀਤੀ ਗਈ ਹੈ ਜਿਸ ਨੂੰ ਲੈ ਕੇ ਵਿਰੋਧੀ ਧਿਰਾਂ ਵੀ ਸਰਕਾਰ ਨੂੰ ਘੇਰ ਰਹੀਆਂ ਹਨ।

ਉਧਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੇ ਵਿਸਥਾਰ ਮਗਰੋਂ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਹਾਸਲ ਜਾਣਕਾਰੀ ਅਨੁਸਾਰ ਨਵੇਂ ਬਣੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦਿੱਤਾ ਗਿਆ ਹੈ। ਪਹਿਲਾਂ ਇਹ ਵਿਭਾਗ ਕੁਲਦੀਪ ਸਿੰਘ ਧਾਲੀਵਾਲ ਕੋਲ ਸੀ।

ਇਸ ਤੋਂ ਇਲਾਵਾ ਬਲਕਾਰ ਸਿੰਘ ਨੂੰ ਸਥਾਨਕ ਸਰਕਾਰਾਂ ਵਿਭਾਗ, ਕੁਲਦੀਪ ਸਿੰਘ ਧਾਲੀਵਾਲ ਨੂੰ ਐਨਆਰਆਈ ਮਾਮਲੇ ਤੇ ਪ੍ਰਬੰਧਕੀ ਸੁਧਾਰ, ਗੁਰਮੀਤ ਸਿੰਘ ਮੀਤ ਹੇਅਰ ਨੂੰ ਜਲ ਸਰੋਤ ਵਿਭਾਗ ਸੌਂਪਿਆ ਗਿਆ ਹੈ। ਇਸ ਦੇ ਇਲਾਵਾ ਲਾਲਜੀਤ ਸਿੰਘ ਭੁੱਲਰ ਨੂੰ ਟ੍ਰਾਂਸਪੋਰਟ ਦੇ ਨਾਲ ਪੰਚਾਇਤੀ ਵਿਭਾਗ ਦਿੱਤਾ ਗਿਆ ਹੈ।