Punjab News: ਪਿਛਲੇ ਕੁਝ ਸਮੇਂ ਤੋਂ ਲਗਾਤਾਰ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਹੁਣ ਇੱਕ ਹੋਰ ਨਵਾਂ ਮਾਮਲਾ ਜ਼ਿਲ੍ਹੇ ਦੇ ਪਿੰਡ ਗੋਬਿੰਦਪੁਰਾ ਤੋਂ ਆਇਆ ਹੈ, ਜਿੱਥੇ ਨਸ਼ੇੜੀਆਂ ਨੇ ਗੁਰਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾਇਆ ਹੈ। ਇੱਕ ਨੌਜਵਾਨ ਨੰਗੇ ਸਿਰ ਅਤੇ ਜੁੱਤੀ ਸਣੇ ਗੁਰਦੁਆਰਾ ਸਾਹਿਬ ਦੇ ਦਰਬਾਰ 'ਚ ਦਾਖ਼ਲ ਹੋਇਆ ਅਤੇ ਗੋਲਕ ਤੋੜ ਕੇ ਪੈਸੇ ਚੋਰੀ ਕਰ ਲਏ। ਇਹ ਸਾਰੀ ਘਟਨਾ ਗੁਰਦੁਆਰਾ ਸਾਹਿਬ 'ਚ ਲੱਗੇ ਸੀਸੀਟੀਵੀ 'ਚ ਕੈਦ ਹੋ ਗਈ ਹੈ।
ਗੁਰਦੁਆਰਾ ਸਾਹਿਬ ਦੇ ਤਾਲੇ ਟੁੱਟੇ ਹੋਏ, ਅੰਦਰ ਜਾ ਕੇ ਦੇਖਿਆ ਤਾਂ...
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਮੋਦਨ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਜਦੋਂ ਉਹ ਪ੍ਰਕਾਸ਼ ਕਰਵਾਉਣ ਲਈ ਗੁਰਦੁਆਰਾ ਸਾਹਿਬ ਪੁੱਜੇ ਤਾਂ ਦੇਖਿਆ ਕਿ ਗੁਰਦੁਆਰਾ ਸਾਹਿਬ ਦੇ ਤਾਲੇ ਟੁੱਟੇ ਹੋਏ ਸਨ, ਜਦੋਂ ਉਸ ਨੇ ਅੰਦਰ ਜਾ ਕੇ ਦੇਖਿਆ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਾਹਮਣੇ ਪਈ ਗੋਲਕ ਟੁੱਟੀ ਹੋਈ ਸੀ ਅਤੇ ਉਸ ਵਿਚਲੇ ਪੈਸੇ ਵੀ ਗਾਇਬ ਸਨ।
ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ
ਪਿੰਡ ਦੀ ਪੰਚਾਇਤ ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਗ੍ਰੰਥੀ ਸਿੰਘ ਨੇ ਘਟਨਾ ਦੀ ਸੂਚਨਾ ਤੁਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਚਾਇਤ ਨੂੰ ਦਿੱਤੀ, ਜਿਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਗੁਰਦੁਆਰਾ ਸਾਹਿਬ 'ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ। ਕੈਮਰਿਆਂ 'ਚ ਦੇਖਿਆ ਗਿਆ ਕਿ ਇੱਕ ਨੌਜਵਾਨ ਗੋਲਕ ਦੀ ਭੰਨ੍ਹ-ਤੋੜ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ। ਫਿਰ ਉਸ ਨੌਜਵਾਨ ਨੇ ਪੈਸੇ ਕੱਢ ਅਤੇ ਫਰਾਰ ਹੋ ਗਿਆ।
ਪਿੰਡ 'ਚ ਸ਼ਰੇਆਮ ਨਸ਼ਾ ਵਿਕ ਰਿਹਾ
ਪੰਚਾਇਤ ਮੈਂਬਰ ਅਤੇ ਬਲਾਕ ਸਮਿਤੀ ਮੈਂਬਰ ਸਰਦੂਲ ਸਿੰਘ ਨੇ ਕੈਂਟ ਥਾਣੇ ਵਿੱਚ ਦਰਜ ਕਰਵਾਈ ਸ਼ਿਕਾਇਤ ਵਿੱਚ ਕਿਹਾ ਕਿ ਉਨ੍ਹਾਂ ਦੇ ਪਿੰਡ 'ਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਗੁਰਦੁਆਰਾ ਸਾਹਿਬ ਵਿੱਚ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦਾ ਸਬੰਧ ਨਸ਼ਿਆਂ ਨਾਲ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ ਪੁਲਿਸ ਵਿਭਾਗ ਨੇ ਪੰਚਾਇਤ ਦੀ ਸ਼ਿਕਾਇਤ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸਐੱਚਓ ਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੀ ਘਟਨਾ ਸਬੰਧੀ ਸ਼ਿਕਾਇਤ ਮਿਲੀ ਹੈ। ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।