ਫ਼ਰੀਦਕੋਟ: ਸ਼ਹਿਰ ਵਿੱਚ ਨਸ਼ਿਆਂ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਆਏ ਦਿਨ ਨੌਜਵਾਨ ਲੜਕੇ ਮੌਤ ਦੇ ਮੂੰਹ ਵਿਚ ਜਾ ਰਹੇ ਹਨ। ਅੱਜ ਫ਼ਰੀਦਕੋਟ ਵਿੱਚ ਇੱਕ ਹੋਰ ਨੌਜਵਾਨ ਜੋ ਨਸ਼ਿਆਂ ਦਾ ਆਦਿ ਸੀ, ਦੀ ਅਚਾਨਕ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਤੇ ਸ਼ਹਿਰ ਵਾਸੀਆਂ ਵੱਲੋਂ ਨਸ਼ਿਆਂ 'ਤੇ ਕਾਬੂ ਪਾਉਣ ਲਈ ਸਰਕਾਰ ਨੂੰ ਗੁਹਾਰ ਲਗਾਈ ਜਾ ਰਹੀ ਹੈ। ਪੁਲਿਸ ਨੇ ਲਾਸ਼ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਤੇ ਅੱਗੇ ਦੀ ਕਾਰਵਾਈ ਜਾਰੀ ਹੈ।

ਮ੍ਰਿਤਕ ਦੀ ਪਛਾਣ ਕਰੀਬ 30 ਸਾਲਾ ਵਰਿੰਦਰ ਸਿੰਘ ਵਜੋਂ ਹੋਈ ਹੈ, ਜੋ ਆਪਣੇ ਪਿੱਛੇ ਇੱਕ ਡੇਢ ਸਾਲ ਦੀ ਬੇਟੀ ਤੇ ਪਤਨੀ ਨੂੰ ਛੱਡ ਗਿਆ ਹੈ। ਗੱਲਬਾਤ ਕਰਦਿਆਂ ਮ੍ਰਿਤਕ ਦੇ ਮਾਮਾ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਾਣਜਾ ਵਰਿੰਦਰ ਸਿੰਘ ਨਸ਼ੇ ਕਰਨ ਦਾ ਆਦੀ ਸੀ, ਜਿਸ ਦੇ ਮਾਤਾ ਪਿਤਾ ਦੀ ਪਹਿਲਾਂ ਮੌਤ ਹੋ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਇਹ ਘਰ ਵਿੱਚ ਅਚਾਨਕ ਡਿੱਗ ਪਿਆ, ਜਦੋਂ ਅਸੀਂ ਇਸ ਨੂੰ ਹਸਪਤਾਲ ਲੈ ਕੇ ਗਏ ਤਾਂ ਡਾਕਟਰਾਂ ਨੇ ਦੱਸਿਆ ਕਿ ਇਸ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬਸਤੀ ਅੰਦਰ ਨਸ਼ਾ ਬਹੁਤ ਵਿਕਦਾ ਹੈ, ਜਿਸ ਨੂੰ ਸਰਕਾਰ ਤੁਰੰਤ ਬੰਦ ਕਰੇ ਤਾਂ ਜੋ ਕਿਸੇ ਹੋਰ ਪਰਿਵਾਰ ਦਾ ਬੱਚਾ ਇਸ ਦੀ ਭੇਟ ਨਾ ਚੜ੍ਹ ਜਾਵੇ।

ਇਸ ਮੌਕੇ ਗੱਲਬਾਤ ਕਰਦਿਆਂ ਸਮਾਜ ਸੇਵੀ ਤੇ ਸ਼ਹਿਰ ਵਾਸੀ ਗੁਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਲੜਕਾ ਪਰਿਵਾਰ ਦੇ ਦੱਸਣ ਮੁਤਾਬਕ ਨਸ਼ੇ ਕਰਨ ਦਾ ਆਦੀ ਸੀ, ਜਿਸ ਦੀ ਅੱਜ ਲਗਦਾ ਨਸ਼ੇ ਕਾਰਨ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਫਰੀਦਕੋਟ ਵਿਚ ਨਸ਼ਾ ਸ਼ਰੇਆਮ ਵਿਕ ਰਿਹਾ, ਜਿਸ ਨੂੰ ਨੱਥ ਪਾਉਣੀ ਚਾਹੀਦੀ ਹੈ। ਉਨ੍ਹਾਂ ਪੰਜਾਬ ਸਰਕਾਰ ਤੇ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੂੰ ਅਪੀਲ ਕੀਤੀ ਕਿ ਸ਼ਹਿਰ ਅੰਦਰ ਨਸ਼ਿਆਂ ਦੇ ਕਾਰੋਬਾਰ ਨੂੰ ਨੱਥ ਪਾਈ ਜਾਵੇ।

ਇਸ ਪੂਰੇ ਮਾਮਲੇ ਬਾਰੇ ਜਦੋਂ ਥਾਣਾ ਸਿਟੀ ਫਰੀਦਕੋਟ ਦੇ ਮੁੱਖ ਅਫਸਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹਨਾਂ ਨੂੰ ਬਾਜ਼ੀਗਰ ਬਸਤੀ ਵਿੱਚ ਇਕ ਲੜਕੇ ਦੀ ਮੌਤ ਹੋਣ ਬਾਰੇ ਪਤਾ ਚਲਿਆ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਦੇ ਦਸਣ ਮੁਤਾਬਿਕ ਮ੍ਰਿਤਕ ਨਸ਼ੇ ਕਰਨ ਦਾ ਆਦੀ ਸੀ ਤੇ ਇਹ ਕਈ ਭਿਆਨਕ ਬਿਮਾਰੀਆਂ ਤੋਂ ਪੀੜਤ ਹੋਣ ਕਾਰਨ ਕਾਫੀ ਕਮਜ਼ੋਰ ਸੀ, ਜਿਸ ਦੀ ਅੱਜ ਸਵੇਰੇ ਕਰੀਬ 9 ਕੁ ਵਜੇ ਟੀਵੀ ਵੇਖਦੇ ਵੇਖਦੇ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਤੇ ਪੋਸਟਮਾਰਟਮ ਦੀ ਰਿਪੋਰਟ ਆਉਣ 'ਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।