Punjab News: ਨਸ਼ਾ ਤਸਕਰਾਂ ਦੇ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਮਾਨਸਾ ਦੇ ਪਿੰਡ ਸਹਾਰਨਾ ਦੇ ਇੱਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਤਸਕਰਾਂ ਵੱਲੋਂ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਗਿਆ ਸੀ ਜਿਸ ਦੀ ਹੁਣ ਇਲਾਜ ਦੇ ਦੌਰਾਨ ਮੌਤ ਹੋ ਗਈ ਹੈ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਪੁਲਿਸ ਵੱਲੋਂ ਪਹਿਲਾਂ ਦੋਸ਼ੀਆਂ 'ਤੇ ਕੋਈ ਕਾਰਵਾਈ ਨਹੀਂ ਕੀਤੀ ਗਈ ਹੁਣ ਮੌਤ ਤੋਂ ਬਾਅਦ ਦੋਸ਼ੀਆਂ 'ਤੇ ਮਾਮਲਾ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ।


ਨਸ਼ਾ ਤਸਕਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਉਨ੍ਹਾਂ ਦੇ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਜਾਂਦੀ ਹੈ ਅਜਿਹਾ ਹੀ ਮਾਮਲਾ ਮਾਨਸਾ ਜ਼ਿਲ੍ਹੇ ਦੇ ਪਿੰਡ ਸਹਾਰਨਾ ਤੋਂ ਸਾਹਮਣੇ ਆਇਆ ਹੈ, ਜਿੱਥੇ ਲੋਹੜੀ ਦੇ ਦਿਨ ਨਸ਼ਾ ਤਸਕਰਾਂ ਦੇ ਖ਼ਿਲਾਫ਼ ਬੋਲਣ ਵਾਲੇ ਇੱਕ ਨੌਜਵਾਨ ਦੀ ਘਰ ਵਿੱਚ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਗਿਆ ਸੀ। ਜਿਸ ਦੀ ਇੱਕ ਮਹੀਨੇ ਬਾਅਦ ਹੁਣ ਮੌਤ ਹੋ ਗਈ ਤੇ ਪੁਲਿਸ ਨੇ ਵੀ ਇੱਕ ਮਹੀਨੇ ਬਾਅਦ ਹੀ ਹਮਲਾਵਰਾਂ ਵਿੱਚੋਂ ਤਿੰਨ ਨੂੰ ਗ੍ਰਿਫਤਾਰ ਕਰਕੇ ਸਖਤ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਹੈ।


ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਦਾ ਦੋਸ਼ ਹੈ ਕਿ ਪੁਲਿਸ ਨੇ ਪਹਿਲਾਂ ਕੋਈ ਤਸਕਰਾਂ ਦੇ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਪਰ ਹੁਣ ਇੱਕ ਮਹੀਨੇ ਬਾਅਦ ਜਦੋਂ ਜਗਮੇਲ ਸਿੰਘ ਦੀ ਮੌਤ ਹੋ ਗਈ ਹੈ ਤਾਂ ਪੁਲਿਸ ਨੇ ਉਨ੍ਹਾਂ 'ਤੇ ਮਾਮਲਾ ਦਰਜ ਕਰਕੇ ਤਿੰਨ ਨੂੰ ਗ੍ਰਿਫਤਾਰ ਕਰ ਲਿਆ ਹੈ। 


ਮ੍ਰਿਤਕ ਦੇ ਭਰਾ ਜਗਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੇ ਪਿੰਡ ਵਿੱਚ ਨਸ਼ਿਆਂ ਦੇ ਖ਼ਿਲਾਫ਼ ਇੱਕ ਕਮੇਟੀ ਗਠਿਤ ਕੀਤੀ ਗਈ ਸੀ ਜਿਸ ਤਹਿਤ ਤਸਕਰਾਂ ਵੱਲੋਂ ਉਨ੍ਹਾਂ ਦੇ ਘਰ ਪਹਿਲਾਂ ਵੀ ਹਮਲਾ ਕੀਤਾ ਗਿਆ ਸੀ ਅਤੇ ਹੁਣ ਲੋਹੜੀ ਵਾਲੇ ਦਿਨ ਉਹਨਾਂ ਦੇ ਭਰਾ ਜਗਮੇਲ ਸਿੰਘ ਤੇ ਤੇਜਧਾਰ ਹਥਿਆਰਾਂ ਦੇ ਨਾਲ ਹਮਲਾ ਕਰ ਦਿੱਤਾ ਗਿਆ ਸੀ ਅਤੇ ਉਸ ਨੂੰ ਗੰਭੀਰ ਜਖਮੀ ਕਰ ਦਿੱਤਾ ਗਿਆ ਸੀ ਜਿਸ ਨੂੰ ਇਲਾਜ ਦੇ ਲਈ ਬਠਿੰਡਾ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।ਪੁਲਿਸ ਨੂੰ ਸੂਚਨਾ ਦੇਣ ਤੋਂ ਬਾਅਦ ਵੀ ਹਮਲਾਵਰਾਂ 'ਤੇ ਕੋਈ ਸਖਤ ਕਾਰਵਾਈ ਨਹੀਂ ਕੀਤੀ ਗਈ ਤੇ ਨਾਂ ਹੀ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਪਰ ਹੁਣ ਇੱਕ ਮਹੀਨੇ ਬਾਅਦ ਉਨ੍ਹਾਂ ਦੇ ਭਰਾ ਦੀ ਮੌਤ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।


ਉਧਰ ਥਾਣਾ ਸਦਰ ਦੇ ਇੰਚਾਰਜ ਗੁਰਬੀਰ ਸਿੰਘ ਨੇ ਦੱਸਿਆ ਕਿ ਪਿੰਡ ਸਹਾਰਨਾ ਦੇ ਜਗਮੇਲ ਸਿੰਘ 'ਤੇ ਕੁਝ ਲੋਕਾਂ ਵੱਲੋਂ ਹਮਲਾ ਕੀਤਾ ਗਿਆ ਸੀ ਜਿਸ ਦੀ ਕੱਲ ਮੌਤ ਹੋ ਚੁੱਕੀ ਹੈ ਅਤੇ ਇਸ ਮਾਮਲੇ ਵਿੱਚ ਪੁਲਿਸ ਨੇ ਹਮਲਾਵਰਾਂ ਤੇ 302 ਦੇ ਤਹਿਤ ਮਾਮਲਾ ਦਰਜ ਕਰਕੇ ਤਿੰਨ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਬਾਕੀ ਨੂੰ ਵੀ ਜਲਦ ਹੀ ਗਿਰਫਤਾਰ ਕਰ ਲਿਆ ਜਾਵੇਗਾ