ਮੱਕੀ ਤੇ ਮੂੰਗੀ ਦੀ ਖ਼ਰੀਦ 'ਚ ਪੰਜਾਬ ਸਰਕਾਰ ਦੀ ਲਾਪਰਵਾਹੀ ਕਾਰਨ ਕਿਸਾਨਾਂ ਨੂੰ ਲੱਗ ਰਿਹਾ ਕਰੋੜਾਂ ਦਾ ਚੂਨਾ : ਚੰਦੂਮਾਜਰਾ
Punjab News : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਐਮ ਪੀ ਨੇ ਕਿਹਾ ਹੈ ਕਿ ਮੱਕੀ ਅਤੇ ਮੂੰਗੀ ਦੀ ਖਰੀਦ ਵਿੱਚ ਪੰਜਾਬ ਦੇ ਕਿਸਾਨ ਦੀ ਸ਼ਰੇਆਮ ਲੁੱਟ ਹੋ ਰਹੀ ਹੈ ਅਤੇ ਪੰਜਾਬ
Punjab News : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਐਮ ਪੀ ਨੇ ਕਿਹਾ ਹੈ ਕਿ ਮੱਕੀ ਅਤੇ ਮੂੰਗੀ ਦੀ ਖਰੀਦ ਵਿੱਚ ਪੰਜਾਬ ਦੇ ਕਿਸਾਨ ਦੀ ਸ਼ਰੇਆਮ ਲੁੱਟ ਹੋ ਰਹੀ ਹੈ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤਮਾਸ਼ਬੀਨ ਬਣੀ ਚੁੱਪ ਬੈਠੀ ਹੈ। ਉਨ੍ਹਾਂ ਕਿਹਾ ਕਿ ਇਸ ਲੁੱਟ ਨੂੰ ਰੋਕਣ ਲਈ ਸਰਕਾਰ ਅੱਗੇ ਆਵੇ ਨਹੀਂ ਤਾਂ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਨੂੰ ਇਨਸਾਫ ਦਵਾਉਣ ਲਈ ਸੰਘਰਸ਼ ਦੇ ਰਾਹ ਪਵੇਗਾ।
ਅੱਜ ਮੋਹਾਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੱਕੀ ਦੀ ਐਮ ਐਸ ਪੀ 2090 ਰੁਪਏ ਪ੍ਰਤੀ ਕੁਇੰਟਲ ਮਿਥੀ ਗਈ ਹੈ ਪਰ ਕਿਸਾਨ ਨੂੰ ਇਸਦਾ 1000-1100 ਰੁਪਏ ਪ੍ਰਤੀ ਕੁਇੰਟਲ ਹੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਦੀ ਆਰਥਿਕ ਲੁੱਟ ਹੋ ਰਹੀ ਹੈ ਅਤੇ ਇਸੇ ਤਰਾ ਮੂੰਗੀ ਦੇ ਭਾਅ ਵਿੱਚ ਵੀ 1000-1500 ਰੁਪਏ ਦਾ ਫ਼ਰਕ ਪ੍ਰਤੀ ਕੁਇੰਟਲ ਪੈ ਰਿਹਾ ਹੈ ਅਤੇ ਕਿਸਾਨਾਂ ਨੂੰ ਚੂਨਾ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਕਿਸਾਨ ਬਦਲਵੀਆਂ ਫਸਲਾਂ ਦਾ ਪ੍ਰਬੰਧ ਕਰਨ ਅਤੇ ਸਰਕਾਰ ਉਨ੍ਹਾਂ ਦੀ ਪੂਰੀ ਮੱਦਦ ਕਰੇਗੀ। ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਨੇ ਕੋਸ਼ਿਸ਼ ਕੀਤੀ ਹੈ ਤਾਂ ਸਰਕਾਰ ਮਦਦ ਤੋਂ ਭੱਜ ਰਹੀ ਹੈ।
ਉਨ੍ਹਾਂ ਕਿਹਾ ਕਿ ਦੂਜੀ ਗੱਲ ਇਹ ਕਿ ''ਭਾਵਅੰਤਰ ਭਰਪਾਈ ਸਕੀਮ" ਅਧੀਨ ਸਰਕਾਰ ਨੇ ਬਜਟ ਵਿਚ ਕਰੋੜਾਂ ਰੁਪਏ ਰੱਖੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਦੇ ਤਹਿਤ ਬਣਾਏ ਗਏ ਪੋਰਟਲ ਦੀ ਜਾਣਕਾਰੀ ਕਿਸਾਨਾਂ ਨੂੰ ਦੇਣ ਦੀ ਵਿਵਸਥਾ ਨਹੀਂ ਕੀਤੀ ਗਈ ਤੇ ਨਾ ਹੀ ਕਿਸਾਨਾਂ ਦੀ ਉਸ ਪੋਰਟਲ ਤੱਕ ਪਹੁੰਚ ਲਈ ਕੋਈ ਪ੍ਰਬੰਧ ਕੀਤਾ ਗਿਆ ਹੈ।
ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਦੀਆਂ ਸਕੀਮਾਂ ਪ੍ਰਤੀ ਪੰਜਾਬ ਸਰਕਾਰ ਦੀ ਅਗਿਆਨਤਾ, ਜਾਂ ਇਹਨਾਂ ਸਕੀਮਾਂ ਸਬੰਧੀ ਦਿਲਚਸਪੀ ਦਾ ਨਾ ਹੋਣਾ ਜਾਂ ਉਨ੍ਹਾਂ ਨੂੰ ਅਣਗੌਲਿਆਂ ਕੀਤਾ ਜਾਣਾ, ਪੰਜਾਬ ਦੇ ਕਿਸਾਨਾਂ ਲਈ ਮਾਰੂ ਸਾਬਤ ਹੋ ਰਿਹਾ ਹੈ ਅਤੇ ਇਸ ਦਾ ਰਗੜਾ ਪੰਜਾਬ ਦੇ ਕਿਸਾਨਾਂ ਨੂੰ ਲਗ ਰਿਹਾ ਹੈ।
ਪ੍ਰੋਫ਼ੈਸਰ ਚੰਦੂਮਾਜਰਾ ਨੇ ਕਿਹਾ ਕਿ ਪਹਿਲਾਂ ਐਨ ਐਚ ਐਮ ਦੇ ਮਾਮਲੇ ਵਿੱਚ ਪੰਜਾਬ ਨੂੰ 800 ਕਰੋੜ ਰੁਪਏ ਦਾ ਰਗੜਾ ਲੱਗ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਕੇਵਲ ਆਪਣਾ ਨਾਂ ਚਮਕਾਉਣ ਲਈ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਆਪਣੇ ਨਾਂ ਤੇ ਦਿਖਾਇਆ ਅਤੇ ਅਜਿਹਾ ਕਰਕੇ ਪੰਜਾਬ ਸਰਕਾਰ ਨੇ ਆਪਣੇ ਪੈਰਾਂ ਤੇ ਆਪ ਕੁਹਾੜਾ ਮਾਰਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਅਜਿਹੇ ਹੋ ਗਏ ਹਨ ਕਿ "ਰੋਮ ਸੜ ਰਿਹਾ ਹੈ ਅਤੇ ਨੀਰੋ ਬੰਸਰੀ ਬਜਾ ਰਿਹਾ ਹੈ।" ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕਦੇ ਛੱਤੀਸਗੜ੍ਹ ਦੇ, ਕਦੇ ਰਾਜਸਥਾਨ ਦੇ ਤੇ ਕਦੇ ਮੱਧ ਪ੍ਰਦੇਸ਼ ਦੇ ਦੌਰੇ ਕਰ ਰਹੇ ਹਨ। ਰਾਜਸਥਾਨ ਨੂੰ ਪੰਜਾਬ ਦਾ ਪਾਣੀ ਦੇ ਕੇ ਰਾਜਸਥਾਨ ਦੀਆਂ ਵੋਟਾਂ ਬਟੋਰਨ ਦੇ ਚੱਕਰ ਵਿੱਚ ਹਨ। ਉਨ੍ਹਾਂ ਕਿਹਾ ਕਿ ਬੀਬੀਐਮਬੀ ਸਿੱਧੇ ਤੌਰ ਤੇ ਰਾਜਸਥਾਨ ਨੂੰ ਪੰਜਾਬ ਦਾ ਵਾਧੂ ਪਾਣੀ ਛੱਡ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਅਣਗਹਿਲੀ, ਅਗਿਆਨਤਾ ਅਤੇ ਨਲਾਇਕੀ ਕਰਕੇ ਪੰਜਾਬੀਆਂ ਦੀਆਂ ਜੇਬਾਂ ਖਾਲੀ ਹੋ ਰਹੀਆਂ ਹਨ ਪਰ ਪੰਜਾਬ ਸਰਕਾਰ ਮੂਕ ਦਰਸ਼ਕ ਬਣ ਕੇ ਬੈਠੀ ਹੈ ਜਿਸ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਘੱਟ ਹੈ। ਇਸ ਮੋਕੇ ਪਰਵਿੰਦਰ ਸਿੰਘ ਸੋਹਾਣਾ ਹਲਕਾ ਇੰਚਾਰਜ ਸ੍ਰੋਮਣੀ ਅਕਾਲੀ ਦਲ ਮੋਹਾਲੀ ਕਮਲਜੀਤ ਸਿੰਘ ਰੂਬੀ ਜਿਲਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਸ਼ਹਿਰੀ ਵੀ ਮੋਜੂਦ ਸਨ।