ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਦੀ ਅੰਦਰੂਨੀ ਫੁੱਟ ਫਿਰ ਸਾਹਮਣੇ ਆਉਣ ਲੱਗੀ ਹੈ। ਇਸ ਕਰਕੇ ਦੂਜੀਆਂ ਪਾਰਟੀਆਂ ਤੋਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਰਹੇ ਆਗੂਆਂ ਨੂੰ ਟਿਕਟ ਦਾ ਭਰੋਸਾ ਦਿੱਤੇ ਜਾਣ ਦੇ ਮੁੱਦੇ ਉੱਤੇ ਕੈਪਟਨ ਅਮਰਿੰਦਰ ਸਿੰਘ ਦੀਆਂ ਦਿੱਕਤਾਂ ਵਧ ਗਈਆਂ ਹਨ। ਦੂਜੀਆਂ ਪਾਰਟੀਆਂ ਤੋਂ ਕਾਂਗਰਸ ਵਿੱਚ ਆਉਣ ਵਾਲੇ ਆਗੂਆਂ ਟਿਕਟਾਂ ਦਿੱਤੇ ਜਾਣ ਦਾ ਸਭ ਤੋਂ ਵੱਧ ਵਿਰੋਧ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਕਰ ਰਹੇ ਹਨ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਐਤਵਾਰ ਨੂੰ ਚੰਡੀਗੜ੍ਹ ਵਿੱਚ ਪਾਰਟੀ ਦੀ ਚੋਣ ਕਮੇਟੀ ਦੀ ਮੀਟਿੰਗ ਦੌਰਾਨ ਇਸ ਮੁੱਦੇ ਬਾਜਵਾ ਤੇ ਦੂਲੋ ਨੇ ਖੁੱਲ੍ਹੇ ਕੇ ਆਪਣੇ ਵਿਚਾਰ ਰੱਖੇ। ਦੋਵਾਂ ਹੀ ਆਗੂਆਂ ਨੇ ਸਪਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਹੋਰ ਪਾਰਟੀਆਂ ਵਿੱਚੋਂ ਤੇਜ਼ੀ ਨਾਲ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਆਗੂਆਂ ਦੀ ਥਾਂ ਪਾਰਟੀ ਆਪਣੇ ਟਕਸਾਲੀ ਆਗੂਆਂ ਤੇ ਵਰਕਰਾਂ ਨੂੰ ਟਿਕਟਾਂ ਦੇਣ ਨੂੰ ਤਰਜੀਹ ਦੇਵੇ। ਬਾਜਵਾ ਤੇ ਦੂਲੋ ਦਾ ਸਾਥ ਕਾਂਗਰਸ ਦੇ ਸੀਨੀਅਰ ਆਗੂ ਚੌਧਰੀ ਸੰਤੋਖ ਸਿੰਘ ਨੇ ਵੀ ਦਿੱਤਾ। ਇਸ ਤੋਂ ਬਾਅਦ ਮੀਟਿੰਗ ਦੌਰਾਨ ਜਦੋਂ ਵਿਵਾਦ ਜ਼ਿਆਦਾ ਵਧ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਟਿਕਟਾਂ ਸਬੰਧੀ ਸਾਰੇ ਅਧਿਕਾਰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੇ।

ਪੰਜਾਬ ਪ੍ਰਦੇਸ਼ ਕਾਂਗਰਸ ਦੀ ਚੋਣ ਕਮੇਟੀ ਵਿੱਚ 34 ਮੈਂਬਰ ਹਨ ਤੇ ਸਾਰਿਆਂ ਨੇ ਇਕਮਤ ਫ਼ੈਸਲਾ ਲੈਂਦੇ ਹੋਏ ਆਗਾਮੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਨੂੰ ਟਿਕਟਾਂ ਦੇਣ ਦੇ ਅਧਿਕਾਰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੇ ਹਨ। ਇਸ ਦੇ ਨਾਲ ਹੀ ਕਮੇਟੀ ਨੇ ਮੀਟਿੰਗ ਵਿੱਚ ਇਹ ਵੀ ਤੈਅ ਕੀਤਾ ਜੇਕਰ ਕਿਸੇ ਨੂੰ ਉਮੀਦਵਾਰਾਂ ਦੇ ਨਾਮ ਉੱਤੇ ਇਤਰਾਜ਼ ਹੈ ਤਾਂ ਉਹ ਆਪਣੀਆਂ ਸਿਫ਼ਾਰਸ਼ਾਂ ਨੂੰ ਅਗਲੀ ਕਾਰਵਾਈ ਵਾਸਤੇ ਚੋਣ ਕਮੇਟੀ ਕੋਲ ਭੇਜੇ।

ਕਾਂਗਰਸ ਪਾਰਟੀ ਦੀ ਸਕਰੀਨਿੰਗ ਕਮੇਟੀ ਦੀ ਮੀਟਿੰਗ 23 ਤੇ 24 ਨਵੰਬਰ ਨੂੰ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਪ੍ਰਧਾਨਗੀ ਹੇਠ ਨਵੀਂ ਦਿੱਲੀ ਵਿੱਚ ਹੋਵੇਗੀ। ਕਾਂਗਰਸੀ ਉਮੀਦਵਾਰਾਂ ਦੀ ਪਹਿਲੀ ਸੂਚੀ ਦਸੰਬਰ ਦੇ ਪਹਿਲੇ ਹਫ਼ਤੇ ਜਾਰੀ ਹੋਣ ਦੀ ਸੰਭਾਵਨਾ ਹੈ।