Farmer Protest: ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦੇ ਸੱਦੇ ਤਹਿਤ ਅੱਜ(16 ਫਰਵਰੀ) ਨੂੰ ਕਿਸਾਨਾਂ ਵੱਲੋਂ ਰੋਡ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਵੱਲੋਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਗਾਲਾਂ ਕੱਢਦੀ ਤੇ ਗੰਦੇ ਇਸ਼ਾਰੇ ਕਰਦੀ ਨਜ਼ਰ ਆ ਰਹੀ ਹੈ।
ਵੀਡੀਓ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਤਾਂ ਉੱਥੇ ਇੱਕ ਕੁੜੀ ਕਾਰ ਵਿੱਚ ਆਉਂਦੀ ਹੈ ਜਦੋਂ ਕਿਸਾਨਾਂ ਵੱਲੋਂ ਉਸ ਨੂੰ ਰੋਕਿਆ ਗਿਆ ਤਾਂ ਉਸ ਨੇ ਪਹਿਲਾਂ ਕਿਸਾਨਾਂ ਵਿੱਚ ਗੱਡੀ ਮਾਰੀ ਤੇ ਬਾਅਦ ਵਿੱਚ ਗਾਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਇਸ ਮੌਕੇ ਉਸ ਵੱਲੋਂ ਕਿਸਾਨਾਂ ਨੂੰ ਗੰਦੇ ਇਸ਼ਾਰੇ ਵੀ ਕੀਤੇ ਗਏ।
ਹਾਲਾਂਕਿ ਕੁੜੀ ਦੇ ਇਸ ਵਤੀਰੇ ਤੋਂ ਬਾਅਦ ਵੀ ਕਿਸਾਨ ਜਾਬਤੇ ਵਿੱਚ ਰਹੇ ਤੇ ਉਸ ਨੂੰ ਪਿਆਰ ਨਾਲ ਸਮਝਾਉਂਦੇ ਰਹੇ ਪਰ ਇਸ ਤੋਂ ਬਾਅਦ ਉਹ ਲਗਾਤਾਰ ਕਿਸਾਨਾਂ ਨੂੰ ਗਾਲਾਂ ਕੱਢ ਰਹੀ ਸੀ ਤੇ ਕਹਿ ਰਹੀ ਸੀ ਤੁਸੀਂ ਮੈਨੂੰ ਰੋਕਿਆ ਕਿਵੇ ?
ਇਸ ਮੌਕੇ ਕਿਸਾਨਾਂ ਵੱਲੋਂ ਸਮਝਾਇਆ ਗਿਆ ਕਿ ਦੇਸ਼ ਭਰ ਵਿੱਚ ਅੱਜ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਕਿਸਾਨਾਂ ਵੱਲੋਂ ਕੁੜੀ ਦੇ ਇਸ ਵਤੀਰੇ ਦੀ ਵੀਡੀਓ ਬਣਾਈ ਗਈ ਜਿਸ ਨੂੰ ਦੇਖ ਦੇ ਕੁੜੀ ਨੇ ਇਲਜ਼ਾਮ ਲਾਉਣੇ ਸ਼ੁਰੂ ਕੀਤੇ ਕਿ ਉਸ ਨੂੰ ਗ਼ਲਤ ਤਰੀਕੇ ਨਾਲ ਛੂਹਿਆ ਗਿਆ। ਇਸ ਤੋਂ ਬਾਅਦ ਮਾਹੌਲ ਨੂੰ ਵਿਗੜਦਾ ਦੇਖ ਦੇ ਕੁੜੀ ਨੇ ਵੀ ਆਪਣੇ ਮੋਬਾਇਲ ਉੱਤੇ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ।
ਜ਼ਿਕਰ ਕਰ ਦਈਏ ਕਿ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਅਤੇ ਕੌਮੀ ਟਰੇਡ ਯੂਨੀਅਨਾਂ ਦੇ ਸੱਦੇ ਤੋਂ ਬਾਅਦ ਅੱਜ ਮੁਕੰਮਲ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਤੀਜੇ ਦੌਰ ਦੀ ਗੱਲਬਾਤ ਦੀ ਅਸਫਲਤਾ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ, ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ-ਹਰਿਆਣਾ ਸਰਹੱਦ 'ਤੇ ਬੈਠਣ ਦਾ ਫੈਸਲਾ ਕੀਤਾ ਹੈ। ਬੰਦ ਦੇ ਸੱਦੇ ਦੇ ਨਾਲ ਹੀ ਕਿਸਾਨਾਂ ਨੇ ਲੋਕਾਂ ਨੂੰ ਬੇਲੋੜੇ ਬਾਹਰ ਜਾਣ ਤੋਂ ਗੁਰੇਜ਼ ਕਰਨ ਲਈ ਵੀ ਕਿਹਾ ਹੈ।
ਕਿਸਾਨ ਆਗੂਆਂ ਨੇ ਸਾਫ ਕੀਤਾ ਕਿ ਇਹ ਬੰਦ ਦਾ ਸੱਦਾ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਹੈ। ਇਸ ਦੇ ਬਾਵਜੂਦ ਕਿਸਾਨ 12 ਤੋਂ 4 ਵਜੇ ਤੱਕ ਹਰ ਮੁੱਖ ਮਾਰਗ ਨੂੰ ਜਾਮ ਕਰਨਗੇ। ਇਸ ਦੌਰਾਨ ਕਿਸੇ ਵੀ ਵਾਹਨ ਨੂੰ ਲੰਘਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੰਜਾਬ ਵਿੱਚ 37 ਕਿਸਾਨ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ ਦੀਆਂ ਟਰੇਡ ਯੂਨੀਅਨਾਂ ਪੰਜਾਬ ਭਰ ਦੇ 23 ਜ਼ਿਲ੍ਹਿਆਂ ਵਿੱਚ 117 ਥਾਵਾਂ ’ਤੇ ਧਰਨੇ ਦੇਣਗੀਆਂ। ਇਸ ਦੌਰਾਨ ਸਾਰੀਆਂ 117 ਥਾਵਾਂ 'ਤੇ ਸੜਕਾਂ ਜਾਮ ਵੀ ਕੀਤੀਆਂ ਜਾਣਗੀਆਂ।