Auction Of Liquor Contracts: ਪੰਜਾਬ ਵਿੱਚ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਲਈ ਚੋਣ ਕਮਿਸ਼ਨ ਨੇ ਐਨਓਸੀ ਜਾਰੀ ਕਰ ਦਿੱਤੀ ਹੈ, ਇਸ ਲਈ ਹੁਣ ਠੇਕਿਆਂ ਦੀ ਨਿਲਾਮੀ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਤੋਂ ਪਹਿਲਾਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ 'ਤੇ ਰੋਕ ਲਗਾ ਦਿੱਤੀ ਗਈ ਸੀ।
 
ਦੱਸਿਆ ਜਾ ਰਿਹਾ ਹੈ ਕਿ ਆਬਕਾਰੀ ਵਿਭਾਗ ਵੱਲੋਂ ਬੁੱਧਵਾਰ ਨੂੰ ਠੇਕਿਆਂ ਦੀ ਨਿਲਾਮੀ ਸਬੰਧੀ ਦੁਬਾਰਾ ਹੁਕਮ ਜਾਰੀ ਕੀਤੇ ਜਾਣਗੇ। ਲਗਭਗ ਹਰ ਸਾਲ 31 ਮਾਰਚ ਨੂੰ ਸ਼ਰਾਬ ਦੇ ਠੇਕੇ ਰੱਦ ਕਰ ਦਿੱਤੇ ਜਾਂਦੇ ਹਨ ਅਤੇ ਨਵੇਂ ਠੇਕਿਆਂ ਦੀ ਨਿਲਾਮੀ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਂਦੀ ਹੈ।


ਇਸ ਤਹਿਤ ਵਿਭਾਗ ਨੇ ਵਿੱਤੀ ਸਾਲ 2024-25 ਲਈ ਨਵੀਂ ਆਬਕਾਰੀ ਨੀਤੀ ਤਹਿਤ ਪਰਚੀ ਪ੍ਰਣਾਲੀ ਰਾਹੀਂ ਠੇਕਿਆਂ ਦੇ ਡਰਾਅ ਕੱਢਣ ਦਾ ਫੈਸਲਾ ਕੀਤਾ ਸੀ ਅਤੇ ਇਹ ਡਰਾਅ ਸ਼ੁੱਕਰਵਾਰ ਨੂੰ ਕੱਢੇ ਜਾਣੇ ਸਨ ਪਰ ਇਸ ਦੌਰਾਨ ਚੋਣ ਕਮਿਸ਼ਨ ਵੱਲੋਂ ਇਸ ’ਤੇ ਰੋਕ ਲਗਾ ਦਿੱਤੀ ਗਈ ਸੀ। ਪਰ ਹੁਣ ਇਹ ਰੋਕ ਹਟਾ ਦਿੱਤੀ ਗਈ ਹੈ।


ਇਸ ਤੋਂ ਇਲਾਵਾ ਇਹ ਮਾਮਲਾ ਹਾਈਕੋਰਟ ਵਿੱਚ ਵੀ ਹੈ। ਪੰਜਾਬ ਸਰਕਾਰ ਦੀ 2024-25  ਦੀ ਆਬਕਾਰੀ ਨੀਤੀ (Excise Policy) ਨੂੰ ਪੰਜਾਬ-ਹਰਿਆਣਾ ਹਾਈ ਕੋਰਟ  ਵਿੱਚ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ ਵਿੱਚ ਡਰਾਅ ਰਾਹੀਂ ਅਲਾਟਮੈਂਟ ਲਈ ਅਰਜ਼ੀ ਫੀਸ ਵਧਾ ਕੇ 75,000 ਰੁਪਏ ਕਰਨ ਅਤੇ ਇਸ ਨੂੰ ਨਾ-ਵਾਪਸੀਯੋਗ ਬਣਾਉਣ 'ਤੇ ਸਵਾਲ ਚੁੱਕੇ ਗਏ ਹਨ। ਸ਼ੁੱਕਰਵਾਰ ਨੂੰ ਪਟੀਸ਼ਨ 'ਤੇ ਬਹਿਸ ਤੋਂ ਬਾਅਦ ਹਾਈਕੋਰਟ ਨੇ ਹੁਣ ਸੁਣਵਾਈ 10 ਅਪ੍ਰੈਲ ਤੈਅ ਕੀਤੀ ਹੈ।


ਪਟੀਸ਼ਨ ਦਾਇਰ ਕਰਦੇ ਹੋਏ ਮੋਗਾ ਦੇ ਮੈਸਰਜ਼ ਦਰਸ਼ਨ ਸਿੰਘ ਐਂਡ ਕੰਪਨੀ ਨੇ ਹਾਈ ਕੋਰਟ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ ਡਰਾਅ ਰਾਹੀਂ 2024-25 ਲਈ ਠੇਕੇ ਅਲਾਟ ਕਰਨ ਦਾ ਫੈਸਲਾ ਕੀਤਾ ਹੈ। ਪਟੀਸ਼ਨਰ ਨੇ ਦੱਸਿਆ ਕਿ ਕੁਝ ਸਾਲ ਪਹਿਲਾਂ ਤੱਕ ਅਰਜ਼ੀ ਦੀ ਫੀਸ ਸਿਰਫ਼ 3500 ਰੁਪਏ ਸੀ, ਪਰ ਇਹ ਅਚਾਨਕ ਵਧਾ ਕੇ 75000 ਰੁਪਏ ਕਰ ਦਿੱਤੀ ਗਈ ਹੈ। ਅਰਜ਼ੀ ਫੀਸ ਸਬੰਧੀ ਨਿਯਮ ਇਹ ਵੀ ਤੈਅ ਕੀਤਾ ਗਿਆ ਹੈ ਕਿ ਜੇ ਅਲਾਟਮੈਂਟ ਨਹੀਂ ਕੀਤੀ ਜਾਂਦੀ ਤਾਂ ਇਹ ਰਕਮ ਵਾਪਸ ਨਹੀਂ ਕੀਤੀ ਜਾਵੇਗੀ।


ਪਟੀਸ਼ਨਕਰਤਾ ਨੇ ਦੱਸਿਆ ਕਿ ਹੁਣ ਤੱਕ ਸਰਕਾਰ ਨੂੰ ਕਰੀਬ 35 ਹਜ਼ਾਰ ਅਰਜ਼ੀਆਂ ਮਿਲ ਚੁੱਕੀਆਂ ਹਨ, ਜਿਸ ਤੋਂ ਸਰਕਾਰ ਨੂੰ 260 ਕਰੋੜ ਰੁਪਏ ਦੀ ਆਮਦਨ ਹੋਈ ਹੈ। ਸਰਕਾਰ ਦੀ ਨੀਤੀ ਕਾਰਨ ਜਿਨ੍ਹਾਂ ਲੋਕਾਂ ਦੇ ਨਾਂ ਡਰਾਅ ਵਿੱਚ ਨਹੀਂ ਆਉਣਗੇ, ਉਨ੍ਹਾਂ ਦੀ ਅਰਜ਼ੀ ਫੀਸ ਵਿੱਚੋਂ 75,000 ਰੁਪਏ ਦਾ ਨੁਕਸਾਨ ਹੋਵੇਗਾ। ਅਜਿਹੇ ‘ਚ ਹਾਈਕੋਰਟ ‘ਚ ਸਰਕਾਰ ਦੀ ਇਸ ਨੀਤੀ ਨੂੰ ਰੱਦ ਕਰਨ ਅਪੀਲ ਕੀਤੀ ਗਈ ਹੈ। ਹਾਈਕੋਰਟ ਇਸ ‘ਤੇ 10 ਅਪ੍ਰੈਲ ਨੂੰ ਸੁਣਵਾਈ ਕਰੇਗਾ।