ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਜਾਇਜ਼ ਰੇਤ ਮਾਈਨਿੰਗ ਮਾਮਲੇ ’ਚ ਘਿਰ ਗਏ ਹਨ। ਮਾਈਨਿੰਗ ਮਾਮਲੇ ’ਚ ਨਾਂ ਆਉਣ ਮਗਰੋਂ ਈਡੀ ਨੇ ਚਰਨਜੀਤ ਚੰਨੀ 'ਤੇ ਸ਼ਿਕੰਜਾ ਕੱਸ ਦਿੱਤਾ ਹੈ। ਈਡੀ ਨੇ ਚੰਨੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕਰ ਦਿੱਤਾ ਹੈ। ਦਰਅਸਲ 'ਚ ਨਾਜਾਇਜ਼ ਰੇਤ ਮਾਈਨਿੰਗ ਮਾਮਲੇ ’ਚ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਟਿਕਾਣਿਆਂ ਤੋਂ ਈਡੀ ਦੀ ਟੀਮ ਨੇ 10 ਕਰੋੜ ਰੁਪਏ ਤੇ ਕੁਝ ਹੋਰ ਸਾਮਾਨ ਬਰਾਮਦ ਕੀਤਾ ਸੀ।



ਇਸ ਮਾਮਲੇ ’ਚ 30 ਮਾਰਚ ਨੂੰ ਈਡੀ ਦੀ ਟੀਮ ਨੇ ਹਨੀ ਖ਼ਿਲਾਫ਼ ਅਦਾਲਤ ’ਚ ਚਲਾਨ ਪੇਸ਼ ਕੀਤਾ ਸੀ। ਇਸ ਤੋਂ ਬਾਅਦ 6 ਅਪ੍ਰੈਲ ਨੂੰ ਜਲੰਧਰ ਸਥਿਤ ਈਡੀ ਦੀ ਵਿਸ਼ੇਸ਼ ਅਦਾਲਤ ’ਚ ਮਾਮਲੇ ਦੀ ਸੁਣਵਾਈ ਤੋਂ ਬਾਅਦ ਹਨੀ ਨੂੰ ਜੇਲ੍ਹ ’ਚ ਭੇਜ ਦਿੱਤਾ ਗਿਆ ਸੀ। ਹਨੀ ’ਤੇ ਦੋਸ਼ ਹੈ ਕਿ ਉਸ ਨੇ ਆਪਣੇ ਮਾਸੜ ਚਰਨਜੀਤ ਸਿੰਘ ਚੰਨੀ ਦੇ ਇਸ਼ਾਰੇ ’ਤੇ ਨਾਜਾਇਜ਼ ਮਾਈਨਿੰਗ ਕਰਵਾ ਕੇ ਵਾਤਾਵਰਨ ਨੂੰ ਨੁਕਸਾਨ ਪਹੁੰਚਾਇਆ ਹੈ ਤੇ ਬਦਲੇ ’ਚ ਕਰੋੜਾਂ ਰੁਪਏ ਦੀ ਕਮਾਈ ਕੀਤੀ ਹੈ। ਈਡੀ ਦੀ ਟੀਮ ਨੇ ਹਨੀ ਦੇ ਲੁਧਿਆਣਾ ਸਮੇਤ ਹੋਰ ਟਿਕਾਣਿਆਂ ’ਤੇ ਛਾਪੇਮਾਰੀ ਕਰਕੇ 10 ਕਰੋੜ ਬਰਾਮਦ ਕੀਤੇ ਸਨ।

ਇਸ ਤੋਂ ਇਲਾਵਾ ਹਨੀ ਦੇ ਕੋਲੋਂ ਲੱਖਾਂ ਰੁਪਏ ਦੀ ਕੀਮਤੀ ਘੜੀਆਂ ਤੇ ਹੋਰ ਸਮੱਗਰੀ ਬਰਾਮਦ ਕੀਤੀ ਸੀ। ਇਸ ਦੀ ਪੜਤਾਲ ਲਈ ਈਡੀ ਨੇ ਹਨੀ ਨੂੰ ਗ੍ਰਿਫ਼ਤਾਰ ਕੀਤਾ ਸੀ। ਹਨੀ ਦੇ ਟਿਕਾਣੇ ਤੋਂ ਮਿਲੇ ਦਸਤਾਵੇਜਾਂ ਦੀ ਪੜਤਾਲ ਵੀ ਕੀਤੀ ਗਈ ਕਿ ਹਨੀ ਕੋਲ ਆਖ਼ਰ 10 ਕਰੋੜ ਰੁਪਏ ਕਿੱਥੋਂ ਆਏ। ਕਿਤੇ ਇਹ ਰਕਮ ਉਸ ਨੇ ਚੰਨੀ ਦੀ ਨਾਜਾਇਜ਼ ਕਮਾਈ ਦੇ ਹਿੱਸੇ ਦੇ ਰੂਪ ’ਚ ਤਾਂ ਨਹੀਂ ਰੱਖੀ ਸੀ।

ਦੱਸਣਯੋਗ ਹੈ ਕਿ ਈਡੀ ਨੇ ਪਹਿਲਾਂ ਹੀ ਇਸ ਗੱਲ ਦੀ ਪੁਸ਼ਟੀ ਕੀਤੀ ਸੀ ਕਿ ਹਨੀ ਨੇ ਮੰਨਿਆ ਹੈ ਕਿ ਰੇਤ ਦੀ ਗ਼ੈਰ-ਕਾਨੂੰਨੀ ਮਾਈਨਿੰਗ ਤੇ ਅਧਿਕਾਰੀਆਂ ਦੇ ਤਬਾਦਲੇ ਤੇ ਤਾਇਨਾਤੀਆਂ ਦੇ ਬਦਲੇ ਉਸ ਦੇ ਟਿਕਾਣਿਆਂ ਤੋਂ ਪ੍ਰਾਪਤ ਪੈਸਾ ਕਮਾਇਆ ਗਿਆ ਸੀ। ਉਦੋਂ ਤੋਂ ਚੰਨੀ ਈਡੀ ਦੇ ਨਿਸ਼ਾਨੇ ’ਤੇ ਸੀ ਕਿਉਂਕਿ ਈਡੀ ਨੂੰ ਸ਼ੱਕ ਹੈ ਕਿ ਹਨੀ ਚੰਨੀ ਦੀ ਸਹਿਮਤੀ ਤੋਂ ਬਿਨਾਂ ਇਹ ਕੰਮ ਨਹੀਂ ਕਰ ਸਕਦਾ।