Punjab News: ਸਿੱਖਿਆ ਮੰਤਰੀ ਨੇ ਕੀਤਾ ਐਲਾਨ, ਸਰਕਾਰੀ ਸਕੂਲਾਂ ਦੇ ਪ੍ਰਿੰਸਪਲਾਂ ਨੂੰ ਟ੍ਰੇਨਿੰਗ ਲਈ ਭੇਜਾਂਗੇ ਸਿੰਘਾਪੁਰ
ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਸਰਕਾਰ ਦੇ ਇਸ ਫ਼ੈਸਲੇ ਅਨੁਸਾਰ ਪਹਿਲੇ ਗੇੜ ਵਿੱਚ ਸਕੂਲ ਪ੍ਰਿੰਸੀਪਲਾਂ ਦੇ ਦੋ ਗਰੁੱਪ ਸਿੰਘਾਪੁਰ ਦੀਆਂ ਨਾਮਵਰ ਸੰਸਥਾਵਾਂ ਪ੍ਰਿੰਸੀਪਲ’ਜ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿੱਚ ਟਰੇਨਿੰਗ ਵਾਸਤੇ ਭੇਜੇ ਜਾ ਰਹੇ ਹਨ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਸਿਸਟਮ ਮੁਹੱਈਆ ਕਰਵਾਉਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਸਿੰਘਾਪੁਰ ਦੀਆਂ ਨਾਮਵਰ ਸੰਸਥਾਵਾਂ ਪ੍ਰਿੰਸੀਪਲ’ਜ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿੱਚ ਟਰੇਨਿੰਗ ਦਿਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਸਰਕਾਰ ਦੇ ਇਸ ਫ਼ੈਸਲੇ ਅਨੁਸਾਰ ਪਹਿਲੇ ਗੇੜ ਵਿੱਚ ਸਕੂਲ ਪ੍ਰਿੰਸੀਪਲਾਂ ਦੇ ਦੋ ਗਰੁੱਪ ਸਿੰਘਾਪੁਰ ਦੀਆਂ ਨਾਮਵਰ ਸੰਸਥਾਵਾਂ ਪ੍ਰਿੰਸੀਪਲ’ਜ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿੱਚ ਟਰੇਨਿੰਗ ਵਾਸਤੇ ਭੇਜੇ ਜਾ ਰਹੇ ਹਨ।
ਬੈਂਸ ਨੇ ਕਿਹਾ ਕਿ ਟਰੇਨਿੰਗ ਵਿੱਚ ਭੇਜੇ ਜਾਣ ਵਾਲੇ ਪ੍ਰਿੰਸੀਪਲਾਂ ਦੀ ਚੋਣ ਦਾ ਤਰੀਕਾ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇਗਾ ਅਤੇ ਟਰੇਨਿੰਗ ਲੈਣ ਦੇ ਇਛੁੱਕ ਪ੍ਰਿੰਸੀਪਲ ਸਿੱਖਿਆ ਵਿਭਾਗ ਦੇ ਪੋਰਟਲ ਤੇ ਅੱਜ ਤੋਂ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਪੋਰਟਲ 26 ਦਸੰਬਰ 2022 ਤੱਕ ਖੁੱਲ੍ਹਾ ਰਹੇਗਾ।
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 24 ਦਸੰਬਰ 2022 ਨੂੰ ਕਰਵਾਈ ਜਾ ਰਹੀ ਮਾਪੇ ਅਧਿਆਪਕ ਮਿਲਣੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣਾ ਵੀਡੀਓ ਸੰਦੇਸ਼ ਜਾਰੀ ਕਰਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਉਹਨਾਂ ਦੇ ਮਾਪਿਆਂ ਨੂੰ ਜਾਗਰੂਕ ਕਰਨ ਦਾ ਉਪਰਾਲਾ ਦਰਸਾਉਂਦਾ ਹੈ ਕਿ ਪੰਜਾਬ ਸਰਕਾਰ ਸਕੂਲ ਸਿੱਖਿਆ ਦੀ ਬਿਹਤਰੀ ਲਈ ਸੰਜੀਦਾ ਹੈ।
ਇਸ ਮੌਕੇ ਉਹਨਾਂ ਨਾਲ ਵਰਿੰਦਰ ਕੁਮਾਰ ਸ਼ਰਮਾ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਅਤੇ ਤੇਜਦੀਪ ਸਿੰਘ ਸੈਣੀ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਵੀ ਮੌਜੂਦ ਸਨ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਮੂਹ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਪ੍ਰੇਰਦਿਆਂ ਕਿਹਾ ਕਿ 24 ਦਸੰਬਰ ਨੂੰ ਹੋਣ ਵਾਲੀ ਮਾਪੇ-ਅਧਿਆਪਕ ਮਿਲਣੀ ਨਵਾਂ ਕੀਰਤੀਮਾਨ ਸਥਾਪਤ ਕਰੇਗੀ ਜਿੱਥੇ ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਦੀ ਚਰਚਾ ਹੋਵੇਗੀ। ਇਸਦੇ ਨਾਲ ਹੀ ਉਹਨਾਂ ਨੇ ਇਸ ਦਿਨ ਪੰਜਾਬ ਦੇ ਵਿਧਾਇਕਾਂ, ਸਮੂਹ ਡਿਪਟੀ ਕਮਿਸ਼ਨਰਾਂ, ਐੱਸ.ਡੀ.ਐੱਮ., ਮੁੱਖ ਦਫ਼ਤਰ ਤੋਂ ਸਿੱਖਿਆ ਅਧਿਕਾਰੀ ਅਤੇ ਜ਼ਿਲ੍ਹਿਆਂ ਦੇ ਸਿੱਖਿਆ ਅਧਿਕਾਰੀਆਂ ਨੂੰ ਵੀ ਸਕੂਲਾਂ ਵਿੱਚ ਵੀ ਸਰਕਾਰੀ ਸਕੂਲਾਂ ਦੀ ਮਾਪੇ-ਅਧਿਆਪਕ ਮਿਲਣੀਆਂ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ ਹੈ।
ਉਨ੍ਹਾਂ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਪ੍ਰੇਰਦਿਆਂ ਕਿਹਾ ਕਿ ਸਕੂਲਾਂ ਵਿੱਚ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ ਪਰ ਪਿਛਲੀਆਂ ਸਰਕਾਰਾਂ ਵੱਲੋਂ ਲੋੜੀਂਦਾ ਸਹਿਯੋਗ ਨਹੀਂ ਦਿੱਤਾ ਗਿਆ। ਸਕੂਲ ਮੁਖੀ ਅਤੇ ਅਧਿਆਪਕ ਆਪਣੀ ਯੋਜਨਾਬੰਦੀ ਮਾਪਿਆਂ ਨਾਲ ਸਾਂਝੀਆਂ ਕਰਨ।