Punjab News: ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਗਲਤੀ ਕਬੂਲ! ਸ਼ਹੀਦੀ ਦਿਵਸ ਸਮਾਗਮ 'ਚ ਭੰਗੜੇ 'ਤੇ ਮੰਗੀ ਮਾਫੀ
ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੰਮਨ ਮਿਲਣ ਮਗਰੋਂ ਜਨਤਕ ਤੌਰ 'ਤੇ ਆਪਣੀ ਗਲਤੀ ਕਬੂਲ ਲਈ ਹੈ। ਉਨ੍ਹਾਂ ਸੋਸ਼ਲ ਮੀਡੀਆ 'ਤੇ ਗੁਰਬਾਣੀ ਦੀ ਇੱਕ ਪੰਕਤੀ ਸਾਂਝੀ ਕਰਕੇ ਮੁਆਫ਼ੀ

Punjab News: ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੰਮਨ ਮਿਲਣ ਮਗਰੋਂ ਜਨਤਕ ਤੌਰ 'ਤੇ ਆਪਣੀ ਗਲਤੀ ਕਬੂਲ ਲਈ ਹੈ। ਉਨ੍ਹਾਂ ਸੋਸ਼ਲ ਮੀਡੀਆ 'ਤੇ ਗੁਰਬਾਣੀ ਦੀ ਇੱਕ ਪੰਕਤੀ ਸਾਂਝੀ ਕਰਕੇ ਮੁਆਫ਼ੀ ਮੰਗੀ ਹੈ। ਬੈਂਸ ਨੇ ਆਪਣੇ ਫੇਸਬੁੱਕ ਪੇਜ ਉਪਰ ਗੁਰਬਾਣੀ ਦੀ ਪੰਕਤੀ...ਹਮ ਅਪਰਾਧੀ ਸਦ ਭੂਲਤੇ ਤੁਮ੍ਹ੍ਹ ਬਖਸਨਹਾਰੇ ॥੧॥ ਰਹਾਉ ॥ ਸ਼ੇਅਰ ਕੀਤੀ ਹੈ।
ਉਨ੍ਹਾਂ ਨੇ ਇਹ ਮਾਫੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭੇਜੇ ਗਏ ਸੰਮਨ ਤੋਂ ਬਾਅਦ ਆਇਆ ਹੈ, ਜਿਸ ਵਿੱਚ ਉਨ੍ਹਾਂ ਨੂੰ ਤਲਬ ਕੀਤਾ ਗਿਆ ਸੀ। ਬੇਸ਼ੱਕ ਬੈਂਸ ਨੇ ਆਪਣੀ ਗਲਤੀ ਬਾਰੇ ਕੁਝ ਜ਼ਿਆਦਾ ਨਹੀਂ ਲਿਖਿਆ ਪਰ ਉਨ੍ਹਾਂ ਦੇ ਇਸ ਕਦਮ ਨੂੰ ਗਲਤੀ ਸਵੀਕਾਰ ਕਰਨ ਤੇ ਧਾਰਮਿਕ ਮਰਿਆਦਾ ਦੇ ਸਤਿਕਾਰ ਵਜੋਂ ਦੇਖਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਗਾਇਕ ਬੀਰ ਸਿੰਘ ਨੇ ਵੀ ਇਸ ਮਾਮਲੇ ਵਿੱਚ ਮਾਫੀ ਮੰਗ ਲਈ ਸੀ।
ਦਰਅਸਲ ਇਹ ਵਿਵਾਦ ਉਦੋਂ ਪੈਦਾ ਹੋਇਆ ਜਦੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ ਸ੍ਰੀਨਗਰ ਵਿੱਚ ਕਰਵਾਏ ਰਾਜ ਪੱਧਰੀ ਪ੍ਰੋਗਰਾਮ ਵਿੱਚ ਸਿੱਖ ਪਰੰਪਰਾ ਵਿਰੁੱਧ ਗਤੀਵਿਧੀਆਂ ਹੋਈਆਂ। ਇਹ ਪ੍ਰੋਗਰਾਮ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਤੇ ਭਾਸ਼ਾ ਵਿਭਾਗ ਦੁਆਰਾ ਕਰਵਾਇਆ ਗਿਆ ਸੀ। ਇਸ ਸਮਾਗਮ ਵਿੱਚ ਗਾਇਕ ਬੀਰ ਸਿੰਘ ਦੇ ਗੀਤਾਂ ਉਪਰ ਭੰਗੜੇ ਪਾਏ ਗਏ। ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਸੰਸਥਾਵਾਂ ਨੇ ਸਰਕਾਰ ਉਪਰ ਗੰਭੀਰ ਸਵਾਲ ਉਠਾਏ ਸੀ।
ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ 1 ਅਗਸਤ, 2025 ਨੂੰ ਪੰਜ ਸਿੰਘ ਸਾਹਿਬਾਨ ਦੀ ਵਿਸ਼ੇਸ਼ ਮੀਟਿੰਗ ਵਿੱਚ ਪੇਸ਼ ਹੋਣ ਤੇ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਕਿ ਦੋਵਾਂ ਅਧਿਕਾਰੀਆਂ ਨੂੰ ਇੱਕ ਅਧਿਕਾਰਤ ਪੱਤਰ ਜਾਰੀ ਕਰਕੇ ਪੇਸ਼ ਹੋਣ ਲਈ ਸੂਚਿਤ ਕੀਤਾ ਗਿਆ ਹੈ।
ਜਥੇਦਾਰ ਗੜਗੱਜ ਨੇ ਚਿੰਤਾ ਪ੍ਰਗਟ ਕੀਤੀ ਕਿ ਕਈ ਮੌਕੇ ਦਿੱਤੇ ਜਾਣ ਦੇ ਬਾਵਜੂਦ ਨਾ ਤਾਂ ਮੰਤਰੀ ਤੇ ਨਾ ਹੀ ਅਧਿਕਾਰੀ ਨੇ ਕੋਈ ਸਪੱਸ਼ਟੀਕਰਨ ਦਿੱਤਾ ਹੈ ਤੇ ਨਾ ਹੀ ਸਿੱਖ ਸੰਗਤ ਤੋਂ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨਕ ਅਹੁਦਿਆਂ 'ਤੇ ਬੈਠੇ ਵਿਅਕਤੀਆਂ ਦੀ ਸਮਾਜ ਪ੍ਰਤੀ ਨੈਤਿਕ ਤੇ ਧਾਰਮਿਕ ਜ਼ਿੰਮੇਵਾਰੀ ਹੈ ਤੇ ਅਜਿਹੇ ਗੰਭੀਰ ਮਾਮਲਿਆਂ ਵਿੱਚ ਉਨ੍ਹਾਂ ਦੀ ਚੁੱਪੀ ਕਈ ਸਵਾਲ ਖੜ੍ਹੇ ਕਰਦੀ ਹੈ।
ਜਥੇਦਾਰ ਨੇ ਇਹ ਵੀ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਸ਼ਹੀਦੀ ਸ਼ਤਾਬਦੀ ਸਮਾਗਮ ਨੱਚਣ-ਗਾਉਣ ਤੇ ਮਨੋਰੰਜਨ ਨਾਲ ਸ਼ੁਰੂ ਕੀਤਾ ਗਿਆ ਜੋ ਸਿੱਖ ਮਾਣ-ਮਰਿਆਦਾ ਤੇ ਭਾਵਨਾਵਾਂ ਦੇ ਬਿਲਕੁਲ ਵਿਰੁੱਧ ਹੈ। ਜ਼ਿਕਰਯੋਗ ਹੈ ਕਿ ਇਸ ਮੀਟਿੰਗ ਵਿੱਚ ਪੰਜਾਬੀ ਗਾਇਕ ਬੀਰ ਸਿੰਘ ਦਾ ਮਾਮਲਾ ਵੀ ਵਿਚਾਰ ਅਧੀਨ ਹੋਵੇਗਾ ਜੋ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਆਪਣਾ ਪੱਖ ਪੇਸ਼ ਕਰ ਚੁੱਕੇ ਹਨ ਤੇ ਮੁਆਫ਼ੀ ਮੰਗ ਚੁੱਕੇ ਹਨ।






















