ਚੰਡੀਗੜ੍ਹ : ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਕਮਲਦੀਪ ਕੌਰ ਦੇ ਬੋਰਡਾਂ ਤੇ ਪੋਸਟਰਾਂ ਦੇ ਡਿਜ਼ਾਈਨ ਨੂੰ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਬੇਸ਼ੱਕ ਇਸ ਬਾਰੇ ਚੋਣ ਕਮਿਸ਼ਨ ਨੇ ਕੁਝ ਸਪਸ਼ਟ ਨਹੀਂ ਕੀਤਾ ਪਰ ਅਕਾਲੀ ਦਲ ਦਾ ਦਾਅਵਾ ਹੈ ਕਿ ਪੋਸਟਰਾਂ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਤਸਵੀਰ ਕਰਕੇ ਹੀ ਰੱਦ ਕੀਤੇ ਗਏ ਹਨ। ਉਂਝ ਰਾਜੋਆਣਾ ਦੀ ਤਸਵੀਰ ਦੇ ਨਾਲ ਹੀ ਬੀਬੀ ਕਮਲਦੀਪ ਕੌਰ ਨੇ ਆਪਣੇ ਪੋਸਟਰ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦਾ ਵੀ ਜ਼ਿਕਰ ਕੀਤਾ ਹੈ।



ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਵੱਲੋਂ ਰਾਜੋਆਣਾ ਦੀ ਤਸਵੀਰ ਕਰਕੇ ਹੀ ਪ੍ਰਵਾਨਗੀ ਨਹੀਂ ਦਿੱਤੀ ਗਈ। ਇਸ ਸਬੰਧੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਨੇ ਪੰਜਾਬ ਚੋਣ ਕਮਿਸ਼ਨਰ ਤੋਂ ਮੁੜ ਪੋਸਟਰ ’ਤੇ ਵਿਚਾਰ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਨੇ ਅਕਾਲੀ ਦਲ ਵੱਲੋਂ ਸੌਂਪੇ ਪੋਸਟਰ ਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਕਿ ਇਨ੍ਹਾਂ ਨਾਲ ਲੋਕਾਂ ਨੂੰ ਪੀੜਾ ਹੋਵੇਗੀ ਤੇ ਬੇਲੋੜੀ ਬੇਚੈਨੀ ਵਧੇਗੀ।


ਉਨ੍ਹਾਂ ਕਿਹਾ ਕਿ ਇਹ ਸਿਰਫ਼ ਬੰਦੀ ਸਿੰਘਾਂ ਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਬੀਬਾ ਕਮਲਦੀਪ ਕੌਰ ਰਾਜੋਆਣਾ ਵੱਲੋਂ ਕੀਤੀ ਅਪੀਲ ਹੈ, ਜਿਸ ਵਿੱਚ ਉਨ੍ਹਾਂ ਨੇ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਮੰਗੀ ਹੈ। ਦਲਜੀਤ ਚੀਮਾ ਨੇ ਕਿਹਾ ਕਿ ਸੰਵਿਧਾਨ ਵਿੱਚ ਹਰੇਕ ਵਿਅਕਤੀ ਨੂੰ ਬੋਲਣ ਤੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਦਾ ਅਧਿਕਾਰ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪੋਸਟਰਾਂ ਨਾਲ ਸੂਬੇ ਦੀ ਸ਼ਾਂਤੀ ਭੰਗ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਉਨ੍ਹਾਂ ਕਿਹਾ ਕਿ ਅਜਿਹੇ ਹੀ ਪੋਸਟਰ ਅਕਾਲੀ ਆਗੂਆਂ ਸਿਮਰਨਜੀਤ ਸਿੰਘ ਮਾਨ ਤੇ ਅਤਿੰਦਰਪਾਲ ਸਿੰਘ ਦੀ ਚੋਣ ਸਮੇਂ 1989 ਵਿੱਚ ਵੀ ਵਰਤੇ ਗਏ ਸਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਮਨੁੱਖੀ ਅਧਿਕਾਰਾਂ ਦਾ ਮਾਮਲਾ ਹੈ। ਭਾਈ ਰਾਜੋਆਣਾ 28 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ ਤੇ ਉਨ੍ਹਾਂ ਨੂੰ ਪੈਰੋਲ ਵੀ ਨਹੀਂ ਦਿੱਤੀ ਗਈ। ਇਸੇ ਤਰ੍ਹਾਂ ਵੱਖ-ਵੱਖ ਜੇਲ੍ਹਾਂ ਵਿੱਚ ਹੋਰ ਵੀ ਕਈ ਬੰਦੀ ਸਿੰਘ ਬੰਦ ਹਨ।