ਚੰਡੀਗੜ੍ਹ: ਪੰਜਾਬ ਵਿੱਚ ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਉਸ ਦੇ ਨਾਲ-ਨਾਲ ਕੋਰੋਨਾ ਦੇ ਨਵੇਂ ਰੂਪ ਓਮੀਕਰੋਨ ਦਾ ਖ਼ਤਰਾ ਵੀ ਵਧਦਾ ਜਾ ਰਿਹਾ ਹੈ। ਕੋਰੋਨਾ ਦੀ ਤੀਜੀ ਲਹਿਰ ਦੇ ਡਰ ਵਿਚਕਾਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾਕਟਰ ਕਰੁਣਾ ਰਾਜੂ ਨੇ ਪੰਜਾਬ ਵਿੱਚ ਚੋਣ ਰੈਲੀਆਂ ਨੂੰ ਲੈ ਕੇ ਸਖ਼ਤ ਰਵੱਈਆ ਦਿਖਾਇਆ ਹੈ।
ਡਾ. ਕਰੁਣਾ ਰਾਜੂ ਨੇ ਕਿਹਾ ਕਿ, "ਮੈਂ ਹੈਲਥ ਸਕੱਤਰ ਤੋਂ ਕੋਰੋਨਾ ਦੀ ਸਥਿਤੀ ਸਬੰਧੀ ਰਿਪੋਰਟ ਲੈ ਲਈ ਹੈ। ਇਸ ਨੂੰ DC, SSP ਤੇ ਪੁਲਿਸ ਕਮਿਸ਼ਨਰਾਂ ਨੂੰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੇ ਇਸ ਸਬੰਧੀ ਐਕਸ਼ਨ ਲਈ ਵੀ ਕਿਹਾ ਹੈ।"
ਅੱਜ ਸੋਸ਼ਲ ਮੀਡੀਆ ਤੇ ਲਾਈਵ ਆਏ ਡਾ. ਰਾਜੂ ਨੇ ਕੋਰੋਨਾ ਦੇ ਖ਼ਤਰੇ ਵਿਚਾਲੇ ਚੋਣ ਰੈਲੀਆਂ 'ਤੇ ਕਿਹਾ ਕਿ ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦਿਓ, ਉਸ ਤੋਂ ਬਾਅਦ ਮੈਂ ਆਪਣਾ ਕੰਮ ਸ਼ੁਰੂ ਕਰ ਦਾਉਂਗਾ। ਫਿਲਹਾਲ ਅਫ਼ਸਰਾਂ ਤੇ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਕੋਰੋਨਾ ਗਾਇਡਲਾਈਨਜ਼ ਭੇਜ ਦਿੱਤੀਆਂ ਹਨ।
ਮੁੱਖ ਚੋਣ ਅਫ਼ਸਰ ਡਾ. ਰਾਜੂ ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਕਰੋਨਾ ਨਾਲ ਸਬੰਧਤ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਜਿੱਥੇ ਇਕੱਠਾਂ ਦੀ ਗਿਣਤੀ ਨਿਸ਼ਚਿਤ ਕੀਤੀ ਜਾਵੇਗੀ, ਉੱਥੇ ਵੱਧ ਵਧ ਲੋਕ ਨਹੀਂ ਹੋਣਗੇ। ਇਨ੍ਹਾਂ 'ਤੇ ਚੋਣ ਕਮਿਸ਼ਨ ਵੱਲੋਂ ਨਜ਼ਰ ਰੱਖੀ ਜਾਵੇਗੀ। ਜੇਕਰ ਕੋਈ ਉਲੰਘਣਾ ਕਰਦਾ ਹੈ ਤਾਂ ਜ਼ਾਬਤੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਡਾ. ਕਰੁਣਾ ਰਾਜੂ ਨੇ ਦੱਸਿਆ ਕਿ ਪੰਜਾਬ ਚੋਣਾਂ ਵਿੱਚ ਇਸ ਵਾਰ 80 ਸਾਲ ਤੋਂ ਵੱਧ ਉਮਰ ਦੇ ਲੋਕ ਪੋਸਟਲ ਬੈਲਟ ਰਾਹੀਂ ਵੋਟ ਪਾ ਸਕਦੇ ਹਨ। ਇਸ ਤੋਂ ਇਲਾਵਾ 40 ਫੀਸਦੀ ਤੋਂ ਵੱਧ ਅਪੰਗਤਾ ਵਾਲੇ ਵਿਕਲਾਂਗ ਵਿਅਕਤੀਆਂ ਨੂੰ ਵੀ ਇਹ ਸਹੂਲਤ ਮਿਲੇਗੀ। ਇਸ ਦੇ ਨਾਲ ਹੀ, ਹੋਮ ਆਈਸੋਲੇਸ਼ਨ ਵਿੱਚ ਰਹਿਣ ਵਾਲੇ ਕੋਰੋਨਾ ਪੌਜ਼ੇਟਿਵ ਮਰੀਜ਼ਾਂ ਨੂੰ ਵੀ ਇਹ ਸਹੂਲਤ ਮਿਲੇਗੀ।
ਡਾ. ਰਾਜੂ ਨੇ ਦੱਸਿਆ ਕਿ ਪੰਜਾਬ ਵਿੱਚ 6 ਲੱਖ ਨਵੇਂ ਈਪੀਆਈਸੀ ਕਾਰਡ ਬਣਾਏ ਗਏ ਹਨ, ਜਿਨ੍ਹਾਂ ਦੀ ਛਪਾਈ ਦਾ ਕੰਮ ਚੱਲ ਰਿਹਾ ਹੈ। ਅੰਤਿਮ ਵੋਟਰ ਸੂਚੀ 5 ਜਨਵਰੀ ਨੂੰ ਆਵੇਗੀ, ਜਿਸ ਤੋਂ ਬਾਅਦ 20 ਜਨਵਰੀ ਤੱਕ ਵੋਟਰ ਕਾਰਡਾਂ ਦੀ ਹੋਮ ਡਿਲੀਵਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਲੋਕ ਆਪਣੇ ਮੋਬਾਈਲ 'ਤੇ ਵੋਟਰ ਆਈਡੀ ਡਾਊਨਲੋਡ ਕਰਕੇ ਇਸ ਰਾਹੀਂ ਵੋਟ ਵੀ ਪਾ ਸਕਦੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :