Gurdaspur News: ਪੰਜਾਬ ਵਿੱਚ ਇੱਕ ਵਾਰ ਫਿਰ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਦਾ ਪੂਰਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਰਾਜ ਚੋਣ ਕਮਿਸ਼ਨ ਨੇ ਗ੍ਰਾਮ ਪੰਚਾਇਤਾਂ ਵਿੱਚ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਸੀਟਾਂ 'ਤੇ ਚੋਣਾਂ ਕਰਵਾਉਣ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ 15 ਸਰਪੰਚਾਂ ਅਤੇ 275 ਪੰਚਾਂ ਦੀਆਂ ਖਾਲੀ ਸੀਟਾਂ ਲਈ 27 ਜੁਲਾਈ ਨੂੰ ਵੋਟਿੰਗ ਹੋਵੇਗੀ।

17 ਜੁਲਾਈ ਤੱਕ ਜਾਰੀ ਰਹਿਣਗੀਆਂ ਨਾਮਜ਼ਦਗੀਆਂ 

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ 14 ਜੁਲਾਈ ਤੋਂ ਸ਼ੁਰੂ ਹੋਈ ਅਤੇ 17 ਜੁਲਾਈ ਤੱਕ ਜਾਰੀ ਰਹੇਗੀ। ਇੱਛੁਕ ਉਮੀਦਵਾਰ ਹਰ ਰੋਜ਼ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਆਪਣੀਆਂ ਨਾਮਜ਼ਦਗੀਆਂ ਦਾਖਲ ਕਰ ਸਕਦੇ ਹਨ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਜੁਲਾਈ ਨੂੰ ਕੀਤੀ ਜਾਵੇਗੀ, ਜਦੋਂ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19 ਜੁਲਾਈ ਨਿਰਧਾਰਤ ਕੀਤੀ ਗਈ ਹੈ। ਵੋਟਿੰਗ 27 ਜੁਲਾਈ ਨੂੰ ਹੋਵੇਗੀ ਅਤੇ ਵੋਟਿੰਗ ਪ੍ਰਕਿਰਿਆ ਖਤਮ ਹੋਣ ਤੋਂ ਬਾਅਦ ਉਸੇ ਦਿਨ ਪੋਲਿੰਗ ਸਟੇਸ਼ਨਾਂ 'ਤੇ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਾਮਜ਼ਦਗੀ, ਵੋਟਿੰਗ ਅਤੇ ਗਿਣਤੀ ਦੀ ਵੀਡੀਓਗ੍ਰਾਫੀ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲਾਜ਼ਮੀ ਤੌਰ 'ਤੇ ਕੀਤੀ ਜਾਵੇਗੀ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਕ ਦੀਨਾ ਨਗਰ ਦੇ ਪਿੰਡ ਸ਼ਹਿਜ਼ਾਦਾ ਅਤੇ ਕੋਟਲੀ ਮਾਈ ਉਮਰੀ, ਬਲਾਕ ਗੁਰਦਾਸਪੁਰ ਦੇ ਪਿੰਡ ਬਾਊਪੁਰ ਅਫਗਾਨਾਂ ਅਤੇ ਘੁੱਲਾ, ਧਾਰੀਵਾਲ ਬਲਾਕ ਦੇ ਪਿੰਡ ਛੀਨਾ ਰੇਲ ਵਾਲਾ, ਬਲਾਕ ਕਾਹਨੂੰਵਾਨ ਦੇ ਪਿੰਡ ਕੱਲੂ ਸੋਹਲ, ਬਟਾਲਾ ਬਲਾਕ ਦੇ ਪਿੰਡ ਸੋਦੇਪੁਰ ਅਤੇ ਕੁੱਲੀ ਚੱਕ ਖਾਸਾ, ਫਤਿਹਗੜ੍ਹ ਚੂੜੀਆਂ ਬਲਾਕ ਦੇ ਪਿੰਡ ਠੱਠਾ ਅਤੇ ਖੈਹਰਾ ਖੁਰਦ, ਡੇਰਾ ਬਾਬਾ ਨਾਨਕ ਬਲਾਕ ਦੇ ਪਿੰਡ ਢਿੱਲਵਾਂ, ਸਿੰਘਪੁਰਾ ਅਤੇ ਖੋਡੇ ਬੇਟ, ਅਤੇ ਬਲਾਕ ਕਲਾਨੌਰ ਦੇ ਪਿੰਡ ਚਿਕਰੀ ਅਤੇ ਕੋਟਲਾ ਮੁਗਲਾਂ ਵਿੱਚ ਸਰਪੰਚਾਂ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਵਿੱਚ ਕੁੱਲ 275 ਪੰਚਾਂ ਦੀਆਂ ਚੋਣਾਂ ਵੀ ਕਰਵਾਈਆਂ ਜਾਣਗੀਆਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।