Punjab News: ਪੰਜਾਬ 'ਚ ਫਿਰ ਵੱਜਿਆ ਚੋਣ ਬਿਗੁਲ, 5 ਨਗਰ ਨਿਗਮ ਤੇ 44 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ
Punjab Municipal Election: ਪੰਜਾਬ ਸਰਕਾਰ ਵੱਲੋਂ 5 ਨਗਰ ਨਿਗਮਾਂ ਤੇ 44 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਸੰਬਰ ਦੇ ਅਖੀਰਲੇ ਹਫਤੇ ਕਰਵਾਈਆਂ ਜਾ ਸਕਦੀਆਂ ਹਨ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
Punjab Municipal Election: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ (23 ਨਵੰਬਰ) ਐਲਾਨੇ ਜਾ ਰਹੇ ਹਨ, ਜਦਕਿ ਸਰਕਾਰ ਨੇ ਇੱਕ ਹੋਰ ਚੋਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ 5 ਨਗਰ ਨਿਗਮਾਂ ਤੇ 44 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਸੰਬਰ ਦੇ ਅਖੀਰਲੇ ਹਫਤੇ ਕਰਵਾਈਆਂ ਜਾ ਸਕਦੀਆਂ ਹਨ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹੁਣ ਇਸ ਸਬੰਧੀ ਚੋਣ ਪ੍ਰੋਗਰਾਮ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਕੀਤਾ ਜਾਵੇਗਾ।
ਹਾਲਾਂਕਿ ਇਸ ਤੋਂ ਪਹਿਲਾਂ ਸਰਕਾਰ ਵਾਰਡ ਵੰਡ ਦਾ ਕੰਮ ਮੁਕੰਮਲ ਕਰਕੇ ਮਾਰਚ ਵਿੱਚ ਇਹ ਚੋਣਾਂ ਕਰਵਾਉਣਾ ਚਾਹੁੰਦੀ ਸੀ। ਸੂਬਾ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ 5 ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਤੇ ਫਗਵਾੜਾ ਤੋਂ ਇਲਾਵਾ 44 ਨਗਰ ਕੌਂਸਲਾਂ ਤੇ ਪੰਚਾਇਤਾਂ ਲਈ ਚੋਣਾਂ ਕਰਵਾਈਆਂ ਜਾਣਗੀਆਂ। ਇਸੇ ਤਰ੍ਹਾਂ ਵੱਖ-ਵੱਖ ਨਗਰ ਕੌਂਸਲਾਂ ਦੇ 43 ਵਾਰਡਾਂ ਵਿੱਚ ਜ਼ਿਮਨੀ ਚੋਣਾਂ ਕਰਵਾਈਆਂ ਜਾਣਗੀਆਂ।
ਪੰਜਾਬ ਸਰਕਾਰ ਵੱਲੋਂ ਇਹ ਚੋਣ ਪ੍ਰਕਿਰਿਆ ਦਸੰਬਰ ਵਿੱਚ ਹੋਣ ਵਾਲੇ ਫਤਹਿਗੜ੍ਹ ਸਾਹਿਬ ਦੇ ਸ਼ਹੀਦੀ ਜੋੜ ਮੇਲੇ ਤੋਂ ਪਹਿਲਾਂ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਸਰਕਾਰ ਨੇ ਚੋਣਾਂ ਕਰਵਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਨਿਗਮਾਂ ਤੇ ਨਗਰ ਕੌਂਸਲਾਂ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਸ਼ਹਿਰੀ ਖੇਤਰ ਦੇ ਲੋਕਾਂ ਨੂੰ ਖਿੱਚਣ ਲਈ ਲਈ ਆਪਣਾ ਸੂਬਾ ਪ੍ਰਧਾਨ ਬਦਲ ਦਿੱਤਾ ਹੈ। ਹੁਣ ਹਿੰਦੂ ਚਿਹਰਾ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਪਾਰਟੀ ਮੁਖੀ ਬਣਾਇਆ ਗਿਆ ਹੈ, ਜਦੋਂਕਿ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਨੂੰ ਸੌਂਪੀ ਗਈ ਹੈ।
ਦੱਸ ਦਈਏ ਕਿ ਪੰਜਾਬ ਵਿੱਚ 5 ਨਗਰ ਨਿਗਮਾਂ ਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਲੈ ਕੇ ਲੰਬੀ ਲੜਾਈ ਚੱਲੀ ਹੈ। ਇਹ ਲੜਾਈ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਸੁਪਰੀਮ ਕੋਰਟ ਤੱਕ ਚਲੀ ਗਈ ਹੈ। ਇਸ ਮਾਮਲੇ ਵਿੱਚ 11 ਨਵੰਬਰ ਨੂੰ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 10 ਹਫ਼ਤਿਆਂ ਵਿੱਚ ਚੋਣਾਂ ਕਰਵਾਉਣ ਲਈ ਕਿਹਾ ਸੀ। ਸੁਪਰੀਮ ਕੋਰਟ ਨੇ 15 ਦਿਨਾਂ 'ਚ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕਰਨ ਤੇ ਅਗਲੇ 8 ਹਫਤਿਆਂ 'ਚ ਚੋਣ ਪ੍ਰਕਿਰਿਆ ਪੂਰੀ ਕਰਨ ਦਾ ਹੁਕਮ ਦਿੱਤਾ ਸੀ।