Electricity Amendment Bill: ਬਲਬੀਰ ਰਾਜੇਵਾਲ ਨੇ ਕੇਂਦਰ ਦੀ ਨੀਅਤ 'ਤੇ ਚੁੱਕੇ ਸਵਾਲ, ਬਿਨਾਂ ਚਰਚਾ ਬਿਜਲੀ ਸੋਧ ਬਿੱਲ ਪੇਸ਼ ਕਰਨਾ ਸੰਵਿਧਾਨਕ ਅਧਿਕਾਰਾਂ 'ਤੇ ਹਮਲਾ
ਇਸ ਦਾ ਕਾਂਗਰਸ, ਡੀਐੱਮਕੇ ਤੇ ਤ੍ਰਿਣਮੂਲ ਕਾਂਗਰਸ ਸਣੇ ਕਿਸਾਨ ਜਥੇਬੰਦੀਆਂ ਨੇ ਸਖ਼ਤ ਵਿਰੋਧ ਕੀਤਾ ਅਤੇ ਇਸ ਨੂੰ ਸੰਘੀ ਢਾਂਚੇ 'ਤੇ ਹਮਲਾ ਦੱਸਿਆ।
ਚੰਡੀਗੜ੍ਹ: ਲੋਕ ਸਭਾ ਵਿੱਚ ਸੋਮਵਾਰ ਨੂੰ ਬਿਜਲੀ ਸੋਧ ਬਿੱਲ-2022 ਪੇਸ਼ ਕੀਤਾ ਗਿਆ। ਹੇਠਲੇ ਸਦਨ ਵਿੱਚ ਊਰਜਾ ਮੰਤਰੀ ਆਰ.ਕੇ. ਸਿੰਘ ਨੇ ਬਿਜਲੀ ਸੋਧ ਬਿੱਲ 2022 ਪੇਸ਼ ਕੀਤਾ। ਇਸ ਦਾ ਕਾਂਗਰਸ, ਡੀਐੱਮਕੇ ਤੇ ਤ੍ਰਿਣਮੂਲ ਕਾਂਗਰਸ ਸਣੇ ਕਿਸਾਨ ਜਥੇਬੰਦੀਆਂ ਨੇ ਸਖ਼ਤ ਵਿਰੋਧ ਕੀਤਾ ਅਤੇ ਇਸ ਨੂੰ ਸੰਘੀ ਢਾਂਚੇ 'ਤੇ ਹਮਲਾ ਦੱਸਿਆ। ਇਸ ਬਿੱਲ ਵਿੱਚ ਬਿਜਲੀ ਵੰਡ ਖੇਤਰ ਵਿੱਚ ਬਦਲਾਅ ਕਰਨ ਤੇ ਰੈਗੂਲੇਟਰੀ ਅਥਾਰਿਟੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦਾ ਪ੍ਰਸਤਾਵ ਪੇਸ਼ ਕੀਤਾ ਗਿਆ।
ਇਸ ਬਿੱਲ 'ਤੇ ਬੋਲਦੇ ਹੋਏ ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਬਿਜਲੀ ਬਿੱਲ ਪਾਸ ਕਰਦੇ ਸਮੇਂ ਕੇਂਦਰ ਨੇ ਕਿਸੇ ਤੋਂ ਸੁਝਾਅ ਨਹੀਂ ਮੰਗੇ। ਕਿਸਾਨ ਅੰਦੋਲਨ ਦੌਰਾਨ ਕੇਂਦਰ ਨੇ ਵਾਅਦਾ ਕੀਤਾ ਸੀ ਕਿ ਇਹ ਬਿੱਲ ਵੱਖ-ਵੱਖ ਹਿੱਸੇਦਾਰ/ਰਾਜਾਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਹੀ ਪੇਸ਼ ਕੀਤਾ ਜਾਵੇਗਾ।"
ਉਨ੍ਹਾਂ ਟਵੀਟ ਕਰ ਕਿਹਾ, "ਹੁਣ ਇਸ ਬਿੱਲ ਨੂੰ ਬਿਨਾਂ ਕਿਸੇ ਨਾਲ ਚਰਚਾ ਕੀਤੇ ਪੇਸ਼ ਕਰ ਦਿੱਤਾ ਹੈ। ਇਹ ਸਾਡੇ ਸੰਵਿਧਾਨਕ ਅਧਿਕਾਰਾਂ 'ਤੇ ਹਮਲਾ ਹੈ। ਅਸੀਂ ਦੇਸ਼ ਦੇ 27 ਲੱਖ ਬਿਜਲੀ ਕਰਮਚਾਰੀਆਂ ਅਤੇ ਇੰਜੀਨੀਅਰਾਂ ਦਾ ਸਮਰਥਨ ਕਰਦੇ ਹਾਂ ਜੋ ਦਿਨ ਭਰ ਪ੍ਰਦਰਸ਼ਨ ਕਰ ਰਹੇ ਸਨ। ਇਹ ਬਿੱਲ ਪ੍ਰਾਈਵੇਟ ਕੰਪਨੀਆਂ ਲਈ ਸਿਰਫ ਕੁਝ ਵ੍ਹੀਲਿੰਗ ਚਾਰਜ ਅਦਾ ਕਰਕੇ ਮੁਨਾਫਾ ਕਮਾਉਣ ਦਾ ਪ੍ਰਬੰਧ ਕਰਦਾ ਹੈ। ਨਤੀਜੇ ਵਜੋਂ ਸਰਕਾਰੀ ਕੰਪਨੀਆਂ ਵਿੱਤੀ ਤੌਰ 'ਤੇ ਦਿਵਾਲੀਆ ਹੋ ਜਾਣਗੀਆਂ।"
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਕੇਂਦਰ ਨੇ ਸੂਬਿਆਂ ਦੇ ਹੱਕਾਂ ਉਤੇ ਇਕ ਹੋਰ ਡਾਕਾ ਮਾਰਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਕੇਂਦਰ ਅਜਿਹੀਆਂ ਚਾਲਾਂ ਨਾਲ ਸੰਘੀ ਢਾਂਚੇ ਦੀਆਂ ਨੀਂਹਾਂ ਨੂੰ ਖੋਖਲਾ ਕਰਨਾ ਚਾਹੁੰਦਾ ਹੈ ਅਤੇ ਆਏ ਦਿਨ ਸੂਬਿਆਂ ਦੇ ਅਧਿਕਾਰਾਂ ਉਤੇ ਛਾਪਾ ਮਾਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ, “ਕੇਂਦਰ ਸਰਕਾਰ ਸੂਬਿਆਂ ਨੂੰ ਕਠਪੁਤਲੀ ਨਾ ਸਮਝੇ। ਇਨ੍ਹਾਂ ਵਧੀਕੀਆਂ ਦੇ ਖਿਲਾਫ ਅਸੀਂ ਚੁੱਪ ਕਰਕੇ ਨਹੀਂ ਬੈਠਾਂਗੇ। ਆਪਣੇ ਅਧਿਕਾਰਾਂ ਦੀ ਰਾਖੀ ਲਈ ਸੜਕ ਤੋਂ ਲੈ ਕੇ ਸੰਸਦ ਤੱਕ ਲੜਾਈ ਲੜਾਂਗੇ।”