Ludhiana News: ਪੰਜਾਬ ਵਿੱਚ ਬਿਜਲੀ ਮਹਿੰਗੀ ਨਹੀਂ ਹੋਏਗੀ। ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਬਿਜਲੀ ਦਰਾਂ ਵਿੱਚ 65 ਪੈਸੇ ਦਾ ਵਾਧਾ ਕਰਨ ਦੀ ਖ਼ਬਰ ਦਾ ਖੰਡਨ ਕੀਤਾ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਵਿੱਚ ਬਿਜਲੀ ਮਹਿੰਗੀ ਕਰਨ ਦਾ ਹਾਲੇ ਕੋਈ ਪ੍ਰਸਤਾਵ ਨਹੀਂ। 


ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਨੂੰ ਸਹੀ ਅਰਥਾਂ ਵਿੱਚ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਜਦੋਂ ਦੀ ਪੰਜਾਬ ਵਿੱਚ ‘ਆਪ’ ਸਰਕਾਰ ਬਣੀ ਹੈ, ਉਦੋਂ ਤੋਂ ਇੱਕ ਵਾਰ ਵੀ ਬਿਜਲੀ ਮਹਿੰਗੀ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਿਜਲੀ ਮੁਫ਼ਤ ਕੀਤਿਆਂ 17 ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ। 



ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਆਪਣੀ ਪਹਿਲੀ ਚੋਣ ਗਾਰੰਟੀ ਮੁਫ਼ਤ ਬਿਜਲੀ ਯੂਨਿਟਾਂ ਦੇ ਕੇ ਪੂਰੀ ਕੀਤੀ ਸੀ। ਜਦੋਂ ‘ਆਪ’ ਸਰਕਾਰ ਸੱਤਾ ਵਿੱਚ ਆਈ ਸੀ ਤਾਂ ਪਾਵਰਕੌਮ 1880 ਕਰੋੜ ਰੁਪਏ ਦੇ ਘਾਟੇ ਵਿੱਚ ਚੱਲ ਰਹੀ ਸੀ ਪਰ ‘ਆਪ’ ਸਰਕਾਰ ਦੇ ਕਾਰਗਰ ਉਪਰਾਲਿਆਂ ਨੇ ਅੱਜ ਪਾਵਰਕੌਮ ਨੂੰ 564 ਕਰੋੜ ਰੁਪਏ ਦੇ ਮੁਨਾਫੇ ਵਿੱਚ ਪਹੁੰਚਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਪਰਾਲੇ ਲਗਾਤਾਰ ਜਾਰੀ ਹਨ। 



ਦੱਸ ਦਈਏ ਕਿ ਮੀਡੀਆ ਰਿਪੋਰਟਾਂ ਆਈਆਂ ਸੀ ਕਿ ਬਿਜਲੀ ਦਰਾਂ ਵਿੱਚ 11 ਫੀਸਦੀ ਵਾਧਾ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਦਾਅਵਾ ਕੀਤਾ ਗਿਆ ਸੀ ਕਿ ਪਾਵਰਕੌਮ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੂੰ ਭੇਜੀ ਆਪਣੀ ਸਾਲਾਨਾ ਰੈਵੇਨਿਊ ਰਿਕੁਆਇਰਮੈਂਟ ਰਿਪੋਰਟ (ਏਆਰਆਰ) ਵਿੱਚ ਇਸ ਸਬੰਧੀ ਤਜਵੀਜ਼ ਰੱਖੀ ਹੈ। ਕਮਿਸ਼ਨ ਵੱਲੋਂ ਇਸ ਨੂੰ ਜਲਦ ਹੀ ਹਰੀ ਝੰਡੀ ਦਿੱਤੀ ਜਾ ਸਕਦੀ ਹੈ। 


ਹਾਲਾਂਕਿ ਪਾਵਰਕੌਮ ਦੇ ਅਧਿਕਾਰੀ ਤਰਕ ਦੇ ਰਹੇ ਹਨ ਕਿ 2010 ਵਿੱਚ ਪਾਵਰਕੌਮ ਦੇ ਬਣਨ ਤੋਂ ਬਾਅਦ ਪਿਛਲੇ 15 ਸਾਲਾਂ ਵਿੱਚ ਬਿਜਲੀ ਦਰਾਂ ਵਿੱਚ ਇਹ ਸਭ ਤੋਂ ਘੱਟ ਵਾਧਾ ਹੋਵੇਗਾ। ਅਧਿਕਾਰੀਆਂ ਦਾ ਕਹਿਣਾ ਹੈ ਕਿ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਪਹਿਲਾਂ ਹੀ ਮੁਫਤ ਦਿੱਤੀ ਜਾ ਰਹੀ ਹੈ ਤੇ ਖੇਤੀ ਸੈਕਟਰ ਨੂੰ ਵੀ ਇਹ ਮੁਫਤ ਮਿਲ ਰਿਹਾ ਹੈ। ਅਜਿਹੇ 'ਚ ਬਿਜਲੀ ਦਰਾਂ ਦਾ ਸਭ ਤੋਂ ਜ਼ਿਆਦਾ ਅਸਰ ਕਾਰੋਬਾਰੀਆਂ ਤੇ ਉਦਯੋਗਪਤੀਆਂ 'ਤੇ ਹੀ ਪਵੇਗਾ ਤੇ 300 ਯੂਨਿਟ ਤੋਂ ਵੱਧ ਖ਼ਪਤ ਕਰਨ ਵਾਲੇ ਲੋਕਾਂ ਨੂੰ ਵੀ ਝਟਕਾ ਲੱਗੇਗਾ।