ਛੇਵੇਂ ਪੇਅ ਕਮਿਸ਼ਨ ਖਿਲਾਫ ਮੁਲਾਜ਼ਮਾਂ ਦਾ ਸੰਘਰਸ਼ ਤੇਜ਼, ਸਰਕਾਰ ਨੂੰ ਦਿੱਤੀ ਚੇਤਾਵਨੀ
ਪੰਜਾਬ ਦੀਆਂ ਸਾਰੀਆਂ ਮੁਲਾਜ਼ਮ ਜਥੇਬੰਦੀਆਂ ਨੇ ਪੰਜਾਬ ਸਰਕਾਰ ਦੇ ਛੇਵੇਂ ਪੇਅ ਕਮਿਸ਼ਨ ਖਿਲਾਫ ਸੰਘਰਸ਼ ਤੇਜ਼ ਕਰ ਦਿੱਤਾ ਹੈ।
ਅੰਮ੍ਰਿਤਸਰ: ਪੰਜਾਬ ਦੀਆਂ ਸਾਰੀਆਂ ਮੁਲਾਜ਼ਮ ਜਥੇਬੰਦੀਆਂ ਨੇ ਪੰਜਾਬ ਸਰਕਾਰ ਦੇ ਛੇਵੇਂ ਪੇਅ ਕਮਿਸ਼ਨ ਖਿਲਾਫ ਸੰਘਰਸ਼ ਤੇਜ਼ ਕਰ ਦਿੱਤਾ ਹੈ।ਮੁਲਾਜ਼ਮਾਂ ਦਾ ਕਹਿਣਾ ਹੈ ਕਿ ਛੇਵੇਂ ਪੇਅ ਕਮਿਸ਼ਨ ਦੇ ਨੋਟੀਫਿਕੇਸ਼ਨ ਨਾਲ ਪੰਜਾਬ ਸਰਕਾਰ ਦੇ ਹਰੇਕ ਮੁਲਾਜ਼ਮ ਦਾ ਸੱਤ ਤੋਂ 10 ਹਜ਼ਾਰ ਪ੍ਰਤੀ ਮਹੀਨਾ ਤਨਖਾਹ 'ਚ ਨੁਕਸਾਨ ਹੋਵੇਗਾ।
ਇਸ ਦੇ ਚੱਲਦੇ ਅੱਜ ਪੰਜਾਬ ਐਂਡ ਯੂਟੀ ਮੁਲਾਜ਼ਮ ਤੇ ਪੈਨਸ਼ਨਰਜ ਦੇ ਸਾਂਝੇ ਫਰੰਟ ਵੱਲੋਂ ਅੰਮ੍ਰਿਤਸਰ ਦੇ ਬੱਸ ਅੱਡੇ 'ਤੇ ਇਕੱਠੇ ਹੋ ਕੇ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਸਾਂਝੇ ਫਰੰਟ ਦੇ ਬੈਨਰ ਹੇਠ ਅਧਿਆਪਕ, ਟਰਾਂਸਪੋਰਟ, ਰੈਵੇਨਿਊ, ਜੰਗਲਾਤ ਵਿਭਾਗ ਸਮੇਤ ਸਾਰੇ ਸਰਕਾਰੀ ਵਿਭਾਗਾਂ ਦੇ ਮੁਲਾਜ਼ਮ ਅੱਜ ਇਕੱਠੇ ਹੋ ਕੇ ਦੋ ਘੰਟੇ ਲਈ ਪ੍ਰਦਸ਼ਨ ਕਰਦੇ ਰਹੇ।
ਫਰੰਟ ਦੇ ਆਗੂਆਂ ਗੁਰਮੀਤ ਸਿੰਘ ਬਾਜਵਾ, ਜਰਮਨਜੀਤ ਸਿੰਘ ਛੱਜਲਵੱਡੀ, ਕੁਲਵੰਤ ਸਿੰਘ ਡੇਅਰੀਵਾਲ ਤੇ ਅਸ਼ਵਨੀ ਅਵਸਥੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਣਬੁੱਝ ਕੇ ਮੁਲਾਜਮਾਂ ਦੇ ਹਿੱਤਾਂ 'ਤੇ ਡਾਕਾ ਮਾਰਿਆ ਜਾ ਰਿਹਾ ਹੈ, ਕਿਉਂਕਿ ਛੇਵੇਂ ਪੇਅ ਕਮਿਸ਼ਨ ਦੇ ਲਾਗੂ ਹੋਣ ਨਾਲ ਪ੍ਰਤੀ ਮਹੀਨੇ ਹਰੇਕ ਮੁਲਾਜ਼ਮ ਨੂੰ ਸੱਤ ਤੋਂ 10 ਹਜ਼ਾਰ ਰੁਪਏ ਨੁਕਸਾਨ ਹੋਵੇਗਾ।
ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਡੀਏ ਦੀਆਂ ਕਿਸ਼ਤਾਂ ਹੀ ਜਾਰੀ ਕਰ ਦੇਵੇ, ਨਾਲ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਤੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ। ਫਰੰਟ ਵੱਲੋਂ ਅੱਜ ਦੋ ਘੰਟੇ ਲਈ ਪ੍ਰਦਰਸ਼ਨ ਕੀਤਾ ਗਿਆ ਤੇ ਨਾਲ ਹੀ ਚੇਤਾਵਨੀ ਦਿੱਤੀ ਗਈ ਕਿ ਅਗਲੇ ਦਿਨਾਂ 'ਚ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀ ਤਾਂ 29 ਜੁਲਾਈ ਨੂੰ ਪਟਿਆਲਾ 'ਚ ਪੂਰੇ ਪੰਜਾਬ ਦੇ ਮੁਲਾਜ਼ਮ ਵੱਡਾ ਇਕੱਠ ਕਰਕੇ ਪ੍ਰਦਰਸ਼ਨ ਕਰਨਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :