ਯੂਕਰੇਨ 'ਚ ਫਸੇ ਪੰਜਾਬੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਹਰਸਿਮਰਤ ਨੇ ਵਿਦੇਸ਼ ਮੰਤਰੀ ਨੂੰ ਕੀਤੀ ਅਪੀਲ, ਆਸ਼ੂ ਨੇ ਵੀ ਕੇਂਦਰ ਤੋਂ ਲਗਾਈ ਗੁਹਾਰ
ਅਕਾਲੀ ਦਲ ਦੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ਼ੁੱਕਰਵਾਰ ਨੂੰ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਅਪੀਲ ਕੀਤੀ ਕਿ ਰੂਸ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਯੂਕਰੇਨ ਵਿੱਚ ਫਸੇ ਪੰਜਾਬੀ ਵਿਦਿਆਰਥੀਆਂ ਦੀ ਭਾਰਤ ਵਿੱਚ ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕਣ।
Ensure safety of Punjabi students in Ukraine, their safe passage to India: Harsimrat Badal urges EAM Jaishankar
ਚੰਡੀਗੜ੍ਹ: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਉਹ ਯੂਕਰੇਨ ਵਿੱਚ ਫਸੇ ਪੰਜਾਬੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਦੀ ਭਾਰਤ ਵਾਪਸੀ ਲਈ ਸੁਰੱਖਿਅਤ ਰਸਤੇ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕਣ।
ਹਰਸਿਮਰਤ ਬਾਦਲ ਨੇ ਪੰਜਾਬ ਦੇ 33 ਵਿਦਿਆਰਥੀਆਂ ਦੀ ਸੂਚੀ ਸਾਂਝੀ ਕੀਤੀ ਜੋ ਯੂਕਰੇਨ ਦੇ ਵੱਖ-ਵੱਖ ਕਾਲਜਾਂ ਵਿੱਚ ਪੜ੍ਹ ਰਹੇ ਹਨ। ਯੂਕਰੇਨ ਵਿੱਚ ਹੋਰ ਪੰਜਾਬੀਆਂ ਦੇ ਫਸੇ ਹੋਣ ਦਾ ਖਦਸ਼ਾ ਹੈ। ਦੱਸ ਦਈਏ ਕਿ ਰੂਸ ਨੇ ਹਵਾਈ ਹਮਲਿਆਂ ਵਿੱਚ ਯੂਕਰੇਨ ਦੇ ਕਈ ਹਵਾਈ ਅੱਡਿਆਂ ਨੂੰ ਤਬਾਹ ਕਰ ਦਿੱਤਾ। ਇਸ ਕਾਰਨ ਹਵਾਈ ਸੇਵਾ ਪੂਰੀ ਤਰ੍ਹਾਂ ਠੱਪ ਹੋ ਗਈ ਹੈ। ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਜੰਗ ਕਾਰਨ ਕਰੀਬ 20 ਹਜ਼ਾਰ ਭਾਰਤੀ ਯੂਕਰੇਨ 'ਚ ਫਸੇ ਹੋਏ ਹਨ। ਇਨ੍ਹਾਂ ਵਿੱਚ ਕਾਰੋਬਾਰੀਆਂ ਦੇ ਨਾਲ-ਨਾਲ ਭਾਰਤੀ ਵਿਦਿਆਰਥੀ ਵੀ ਸ਼ਾਮਲ ਹਨ ਜੋ ਉੱਚ ਸਿੱਖਿਆ ਹਾਸਲ ਕਰਨ ਲਈ ਗਏ।
ਇਸ ਦੇ ਨਾਲ ਹੀ ਪੰਜਾਬ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਕਾਰਨ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਬਚਾਉਣ ਲਈ ਕੇਂਦਰ ਨੂੰ ਅਪੀਲ ਕੀਤੀ ਹੈ। ਆਸ਼ੂ ਨੇ ਕਿਹਾ ਕਿ ਯੂਕਰੇਨ 'ਚ ਹਰ ਪਾਸੇ ਤਬਾਹੀ ਦਾ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ। ਆਸ਼ੂ ਨੇ ਟਵੀਟ ਕੀਤਾ ਹੈ ਕਿ ਕੇਂਦਰ ਸਰਕਾਰ ਨੂੰ ਯੂਕਰੇਨ ਵਿੱਚ ਫਸੇ ਭਾਰਤੀਆਂ ਅਤੇ ਵਿਦਿਆਰਥੀਆਂ ਨੂੰ ਕੱਢਣ ਦੇ ਕੰਮ ਨੂੰ ਉੱਚ ਪਹਿਲ ਦੇਣੀ ਚਾਹੀਦੀ ਹੈ, ਕਿਉਂਕਿ ਉਨ੍ਹਾਂ ਦੇ ਰਿਸ਼ਤੇਦਾਰ ਬਹੁਤ ਚਿੰਤਤ ਹਨ।
ਰੂਸ ਅਤੇ ਯੂਕਰੇਨ ਵਿਚਾਲੇ ਜੰਗ ਨੇ ਦੁਨੀਆ ਭਰ ਵਿੱਚ ਤਣਾਅ ਪੈਦਾ ਕਰ ਦਿੱਤਾ ਹੈ, ਉੱਥੇ ਹੀ ਸਰਕਾਰਾਂ ਵੀ ਆਪਣੇ ਨਾਗਰਿਕਾਂ ਨੂੰ ਲੈ ਕੇ ਚਿੰਤਤ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਵੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ।
ਇਹ ਵੀ ਪੜ੍ਹੋ: 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੌਰਾਨ 1000 ਕਰੋੜ ਤੋਂ ਵੱਧ ਜ਼ਬਤ, 510 ਕਰੋੜ ਨਾਲ ਪੰਜਾਬ ਪਹਿਲੇ ਨੰਬਰ 'ਤੇ