Punjab Lok Sabha Result 2024: ਇਸ ਲੋਕ ਸਭਾ ਚੋਣ ਦੋਰਾਨ ਪੰਜਾਬ ਵਿੱਚ ਕਾਂਗਰਸ ਇੱਕ ਵਾਰ ਫਿਰ ਵੱਡੀ ਪਾਰਟੀ ਵਜੋਂ ਉੱਭਰੀ ਹੈ। ਪੰਜਾਬ ਵਿੱਚ ਕਾਂਗਰਸ ਨੇ ਸੱਤ ਸੀਟਾਂ ਜਿੱਤੀਆਂ ਹਨ। ਜਦੋਂਕਿ ਸੂਬੇ 'ਚ ਸੱਤਾਧਾਰੀ ਆਮ ਆਦਮੀ ਪਾਰਟੀ 3 ਸੀਟਾਂ ਜਿੱਤ ਕੇ ਦੂਜੇ ਸਥਾਨ 'ਤੇ ਹੈ ਪਰ ਜੇਕਰ ਅਕਾਲੀ ਦਲ ਦੀ ਗੱਲ ਕਰੀਏ ਤਾਂ ਇਹ ਸਿਰਫ਼ ਇੱਕ ਸੀਟ ਹੀ ਜਿੱਤ ਸਕਿਆ। 


ਦੂਜੇ ਪਾਸੇ ਭਾਜਪਾ ਪੰਜਾਬ ਵਿੱਚ ਬੁਰੀ ਤਰ੍ਹਾਂ ਹਾਰ ਗਈ ਤੇ ਇੱਕ ਵੀ ਉਮੀਦਵਾਰ ਨਹੀਂ ਜਿੱਤ ਸਕਿਆ। ਇਸ ਸਭ ਦੇ ਬਾਵਜੂਦ ਪੰਜਾਬ ਵਿੱਚ ਭਾਜਪਾ ਨੂੰ ਵੱਡਾ ਫਾਇਦਾ ਹੋਇਆ ਹੈ। ਬੀਜੇਪੀ ਇਸ ਨੂੰ ਭਵਿੱਖ ਲਈ ਵੱਡਾ ਮੌਕਾ ਸਮਝ ਰਹੀ ਹੈ। ਬੀਜੇਪੀ ਲੀਡਰਾਂ ਦਾ ਕਹਿਣਾ ਹੈ ਕਿ ਚੋਣਾਂ ਵਿੱਚ ਬੇਸ਼ੱਕ ਕੋਈ ਸੀਟ ਨਹੀਂ ਮਿਲੀ ਪਰ ਵੋਟ ਪ੍ਰਤੀਸ਼ਤਤਾ ਵਿੱਚ ਵੱਡਾ ਵਾਧਾ ਹੋਇਆ ਹੈ।


ਦਰਅਸਲ, ਪਹਿਲੀ ਵਾਰ ਭਾਜਪਾ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਪੰਜਾਬ ਵਿੱਚ ਚੋਣ ਲੜੀ ਹੈ। ਉਹ ਇੱਕ ਵੀ ਸੀਟ ਨਹੀਂ ਜਿੱਤ ਸਕੀ ਪਰ ਭਾਜਪਾ ਹੁਣ ਪੰਜਾਬ ਵਿੱਚ ਆਪਣੇ ਦਮ 'ਤੇ ਤੀਜੀ ਪਾਰਟੀ ਬਣ ਗਈ ਹੈ। ਪੰਜਾਬ ਵਿੱਚ ਕਾਂਗਰਸ ਨੂੰ 26.30 ਫੀਸਦੀ, ਆਮ ਆਦਮੀ ਪਾਰਟੀ ਨੂੰ 26.02 ਫੀਸਦੀ ਤੇ ਭਾਜਪਾ ਨੂੰ 18.56 ਫੀਸਦੀ ਵੋਟਾਂ ਮਿਲੀਆਂ ਹਨ। 


ਦੂਜੇ ਪਾਸੇ ਪੰਜਾਬ ਵਿੱਚ ਮਜ਼ਬੂਤ ​​ਪਕੜ ਰੱਖਣ ਵਾਲੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਲਈ ਖਤਰੇ ਦੀ ਘੰਟੀ ਹੈ। ਅਕਾਲੀ ਦਲ ਨੂੰ ਸਿਰਫ਼ 13.42 ਫ਼ੀਸਦੀ ਵੋਟਾਂ ਮਿਲੀਆਂ ਹਨ। ਯਾਦ ਰਹੇ ਕਿਸੇ ਵੇਲੇ ਪੰਜਾਬ ਵਿੱਚ ਅਕਾਲੀ ਦਲ ਮੁੱਖ ਪਾਰਟੀ ਸੀ ਤੇ 40 ਫੀਸਦੀ ਤੋਂ ਵੱਧ ਵੋਟ ਬੈਂਕ ਸੀ।


ਭਾਜਪਾ ਦੀ ਵੋਟ ਪ੍ਰਤੀਸ਼ਤਤਾ ਵਿੱਚ ਲਗਾਤਾਰ ਵਾਧਾ
ਪੰਜਾਬ ਵਿੱਚ ਭਾਜਪਾ ਦੀ ਵੋਟ ਪ੍ਰਤੀਸ਼ਤਤਾ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਭਾਜਪਾ ਨੂੰ 2019 ਦੀਆਂ ਲੋਕ ਸਭਾ ਚੋਣਾਂ ਵਿੱਚ 9.63 ਫੀਸਦੀ ਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ 6.60 ਫੀਸਦੀ ਵੋਟਾਂ ਮਿਲੀਆਂ ਸਨ। ਹੁਣ ਲੋਕ ਸਭਾ 2024 ਦੀਆਂ ਚੋਣਾਂ ਵਿੱਚ 18.56 ਫੀਸਦੀ ਵੋਟਾਂ ਮਿਲੀਆਂ ਹਨ। ਇਸ ਦਾ ਮਤਲਬ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਇੱਕ ਮਜ਼ਬੂਤ ​​ਤਾਕਤ ਬਣ ਕੇ ਉਭਰਨ ਵਾਲੀ ਹੈ।



ਬੀਜੇਪੀ ਨੇ ਆਪ ਦੇ ਵੋਟ ਸ਼ੇਅਰ ਵਿੱਚ ਲਾਇਆ ਖੋਰਾ 
ਤੁਹਾਨੂੰ ਦੱਸ ਦਈਏ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ ਨੂੰ ਸੂਬੇ ਵਿੱਚ 42 ਫੀਸਦੀ ਵੋਟਾਂ ਮਿਲੀਆਂ ਸਨ। ਇਸ ਲੋਕ ਸਭਾ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਵੋਟ ਪ੍ਰਤੀਸ਼ਤਤਾ 42 ਫੀਸਦੀ ਤੋਂ ਘੱਟ ਕੇ 26.02 ਫੀਸਦੀ ਰਹਿ ਗਈ ਹੈ।