ਗਿੱਦੜਬਾਹਾ ਤੋਂ ਅਸ਼ਫਾਕ ਢੁੱਡੀ ਦੀ ਰਿਪੋਰਟ


 Punjab News: ਸ਼੍ਰੋਮਣੀ ਅਕਾਲੀ ਦਲ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਜ਼ਿਮਨੀ ਚੋਣਾਂ ਹੋਣ ਵਾਲੀਆਂ ਹਨ ਤੇ ਇਨ੍ਹਾਂ ਚੋਣਾਂ ਤੋਂ ਪਹਿਲਾਂ ਹੀ ਅਕਾਲੀ ਦਲ ਲਈ ਮੁਸੀਬਤ ਖੜ੍ਹੀ ਹੁੰਦੀ ਨਜ਼ਰ ਆ ਰਹੀ ਹੈ। ਗਿੱਦੜਬਾਹਾ ਵਿਧਾਨ ਸਭਾ ਹਲਕਾ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਅਕਾਲੀ ਦਲ ਤੋਂ ਅਸਤੀਫਾ ਦੇ ਸਕਦੇ ਹਨ। 



ਦੱਸ ਦਈਏ ਕਿ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਸੁਖਬੀਰ ਬਾਦਲ ਦਾ ਕਾਫੀ ਕਰੀਬੀ ਮੰਨਿਆ ਜਾਂਦਾ ਹੈ। ਅਜਿਹੇ ਵਿੱਚ ਜੇਕਰ ਹਰਦੀਪ ਸਿੰਘ ਡਿੰਪੀ ਢਿੱਲੋਂ ਪਾਰਟੀ ਤੋਂ ਅਸਤੀਫਾ ਦਿੰਦੇ ਹਨ ਤਾਂ ਅਕਾਲੀ ਦਲ ਲਈ ਵੱਡਾ ਸਕੰਟ ਪੈਦਾ ਹੋ ਸਕਦਾ ਹੈ। ਡਿੰਪੀ ਢਿੱਲੋਂ ਦੀ ਜੇਕਰ ਗੱਲ ਕਰੀਏ ਤਾਂ ਲੰਬਾ ਸਮਾਂ ਉਨ੍ਹਾਂ ਨੇ ਅਕਾਲੀ ਦਲ ਵਿੱਚ ਬਿਤਾਇਆ ਹੈ ਤੇ ਪਾਰਟੀ ਦਾ ਹਰ ਕੰਮ ਮੋਹਰੀ ਹੋ ਕੇ ਕੀਤਾ ਹੈ। 


ਹਾਸਲ ਜਾਣਕਾਰੀ ਮੁਤਾਬਕ ਜਿੱਥੇ ਇੱਕ ਪਾਸੇ ਅਕਾਲੀ ਦਲ ਪਹਿਲਾਂ ਹੀ ਆਪਣੀ ਪਾਰਟੀ ਦੇ ਬਾਗੀ ਲੀਡਰਾਂ ਦਾ ਸਾਹਮਣਾ ਕਰ ਰਿਹਾ ਹੈ, ਉੱਥੇ ਸੂਤਰਾਂ ਦੇ ਹਵਾਲੇ ਤੋਂ ਅਜਿਹੀਆਂ ਖਬਰਾਂ ਦਾ ਆਉਣਾ ਇੱਕ ਸੰਕਟ ਦੀ ਘੜੀ ਵੱਲ ਸੰਕੇਤ ਕਰ ਰਿਹਾ ਹੈ। ਹਾਲਾਕਿ ਇਸ ਸੰਬਧੀ ਡਿੰਪੀ ਨਾਲ ਸੰਪਰਕ ਕਰਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। 


ਖਬਰਾਂ ਇਹ ਵੀ ਸਾਹਮਣੇ ਆ ਰਹੀਆਂ ਹਨ ਕਿ ਡਿੰਪੀ ਢਿੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਵਿੱਚ ਕਿੰਨੀ ਸੱਚਾਈ ਹੈ, ਇਹ ਤਾਂ ਡਿੰਪੀ ਢਿੱਲੋਂ ਹੀ ਦੱਸ ਸਕਦੇ ਹਨ ਪਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਕਰੀਬੀ ਦਾ ਪਾਰਟੀ ਨੂੰ ਅਲਵਿਦਾ ਕਹਿਣਾ ਬਾਦਲ ਪਰਿਵਾਰ ਲਈ ਵੱਡਾ ਝਟਕਾ ਸਾਬਤ ਹੋ ਸਕਦਾ ਹੈ।