Farmers Protest: ਪੰਜਾਬ ਦੇ ਕਿਸਾਨ ਭਰਾਵਾਂ ਨੂੰ ਖਰੋਚ ਵੀ ਆਈ ਤਾਂ ਬੱਚਾ-ਬੱਚਾ ਸੜਕਾਂ 'ਤੇ ਹੋਏਗਾ...ਹਰਿਆਣਾ ਦੇ ਕਿਸਾਨਾਂ ਦੀ ਚੇਤਾਵਨੀ
Farmers Protest: ਸ਼ੰਭੂ ਸਰਹੱਦ 'ਤੇ ਹਰਿਆਣਾ ਪੁਲਿਸ ਵੱਲੋਂ ਪੰਜਾਬ ਦੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਕਾਰਨ ਹਰਿਆਣਾ ਦੇ ਕਿਸਾਨਾਂ 'ਚ ਭਾਰੀ ਗੁੱਸਾ ਹੈ। ਹਰਿਆਣਾ-ਪੰਜਾਬ ਸਰਹੱਦ 'ਤੇ ਤਣਾਅਪੂਰਨ ਸਥਿਤੀ 'ਤੇ ਗੁੱਸਾ ਜ਼ਾਹਰ...
Farmers Protest: ਸ਼ੰਭੂ ਸਰਹੱਦ 'ਤੇ ਹਰਿਆਣਾ ਪੁਲਿਸ ਵੱਲੋਂ ਪੰਜਾਬ ਦੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਕਾਰਨ ਹਰਿਆਣਾ ਦੇ ਕਿਸਾਨਾਂ 'ਚ ਭਾਰੀ ਗੁੱਸਾ ਹੈ। ਹਰਿਆਣਾ-ਪੰਜਾਬ ਸਰਹੱਦ 'ਤੇ ਤਣਾਅਪੂਰਨ ਸਥਿਤੀ 'ਤੇ ਗੁੱਸਾ ਜ਼ਾਹਰ ਕਰਦਿਆਂ ਹਿਸਾਰ ਦੇ ਕਿਸਾਨਾਂ ਨੇ ਕਿਹਾ ਹੈ ਕਿ ਜੇਕਰ ਪੰਜਾਬ ਦੇ ਕਿਸਾਨ ਭਰਾਵਾਂ ਨੂੰ ਖਰੋਚ ਵੀ ਆਈ ਤਾਂ ਫਿਰ ਹਿਸਾਰ ਦੇ ਕਿਸਾਨਾਂ ਦਾ ਬੱਚੇ-ਬੱਚਾ ਸੜਕਾਂ 'ਤੇ ਉਨ੍ਹਾਂ ਦੀ ਮਦਦ ਲਈ ਮੌਜੂਦ ਹੋਵੇਗਾ।
ਦਿੱਲੀ ਜਾ ਰਹੇ ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਨੇ ਸ਼ੰਭੂ ਸਰਹੱਦ 'ਤੇ ਰੋਕਿਆ ਹੋਇਆ ਹੈ। ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਇਸ ਕਰਕੇ ਪੰਜਾਬ ਦੇ ਕਿਸਾਨਾਂ ਦੇ ਨਾਲ ਹਰਿਆਣਾ ਦੇ ਕਿਸਾਨ ਵੀ ਡਟ ਗਏ ਹਨ। ਹਰਿਆਣਾ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਜਾਣ ਦੇਣਾ ਚਾਹੀਦਾ ਹੈ।
ਟਰੱਕ ਡਰਾਈਵਰ ਵੀ ਕਿਸਾਨਾਂ ਨਾਲ ਡਟੇ
ਉਧਰ, ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਦਿੱਲੀ ਦੀਆਂ ਸਾਰੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਬਾਅਦ ਆਮ ਲੋਕ ਪ੍ਰੇਸ਼ਾਨ ਹੋ ਰਹੇ ਹਨ। ਇਸ ਦੌਰਾਨ ਟਰੱਕ ਡਰਾਈਵਰਾਂ ਨੂੰ ਸਭ ਤੋਂ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੁਲਿਸ ਪ੍ਰਸਾਸ਼ਨ ਵੱਲੋਂ ਭਾਰੀ ਵਾਹਨਾਂ ਨੂੰ ਪਹਿਲਾਂ ਹੀ ਰੋਕ ਦਿੱਤਾ ਗਿਆ ਹੈ। ਇਸ ਕਾਰਨ ਟਰੱਕ ਡਰਾਈਵਰਾਂ ਨੂੰ ਤਿੰਨ ਦਿਨਾਂ ਤੋਂ ਕੇਐਮਪੀ-ਕੇਜੀਪੀ ਫਲਾਈਓਵਰ ’ਤੇ ਖੜ੍ਹਾ ਕਰ ਦਿੱਤਾ ਗਿਆ ਹੈ।
ਪ੍ਰਸਾਸ਼ਨ ਵੱਲੋਂ ਡਰਾਈਵਰਾਂ ਲਈ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਟਰੱਕ ਡਰਾਈਵਰਾਂ ਦੀ ਹਾਲਤ ਇੰਨੀ ਮਾੜੀ ਹੋ ਗਈ ਹੈ ਕਿ ਪੀਣ ਲਈ ਪਾਣੀ ਵੀ ਨਹੀਂ ਹੈ। ਖਾਣ-ਪੀਣ ਦਾ ਕੋਈ ਪ੍ਰਬੰਧ ਨਹੀਂ ਹੈ। ਟਰੱਕ ਡਰਾਈਵਰਾਂ ਦਾ ਕਹਿਣਾ ਹੈ ਕਿ ਕਿਸਾਨ ਆ ਰਹੇ ਹਨ, ਕੋਈ ਅੱਤਵਾਦੀ ਵਿਦੇਸ਼ੀ ਨਹੀਂ। ਕਿਸਾਨਾਂ ਨੂੰ ਇਸ ਤਰ੍ਹਾਂ ਰੋਕਣਾ ਬਹੁਤ ਗਲਤ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਐਲਾਨ
ਉਧਰ, ਦਿੱਲੀ ਚੱਲੋ ਅੰਦੋਲਨ ਦੌਰਾਨ ਹਰਿਆਣਾ ਸਰਕਾਰ ਵੱਲੋਂ ਸ਼ਾਂਤਮਈ ਢੰਗ ਨਾਲ ਅੱਗੇ ਵੱਧ ਰਹੇ ਕਿਸਾਨਾਂ ਮਜ਼ਦੂਰਾਂ ਉਤੇ ਅੱਥਰੂ ਗੈਸ ਦੇ ਗੋਲੇ ਤੇ ਰਬੜ ਦੀਆਂ ਗੋਲੀਆਂ ਵਰ੍ਹਾਉਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 15 ਫਰਵਰੀ ਚਾਰ ਘੰਟਿਆਂ ਲਈ ਪੰਜਾਬ ਵਿੱਚ ਰੇਲਾਂ ਰੋਕਣ ਦਾ ਫੈਸਲਾ ਕੀਤਾ ਗਿਆ ਹੈ। ਰੇਲਾਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੋਕੀਆਂ ਜਾਣਗੀਆਂ।
ਇਹ ਵੀ ਪੜ੍ਹੋ: Viral Video: ਪੁਲਿਸ ਨੇ ਬਿਨਾਂ ਹੈਲਮੇਟ ਤੋਂ ਫੜਿਆ ਤਾਂ ਭੜਕ ਗਿਆ ਵਿਅਕਤੀ, ਗੁੱਸੇ 'ਚ ਟ੍ਰੈਫਿਕ ਕਰਮਚਾਰੀ ਦੀ ਕੱਟੀ ਉਂਗਲ
ਜਥੇਬੰਦੀ ਵੱਲੋਂ ਕਿਸਾਨੀ ਮੰਗਾਂ ਦੇ ਹੱਕ ਵਿੱਚ ਵੀ ਪਹਿਲਾਂ ਵਾਂਗ ਡਟਵੀਂ ਆਵਾਜ਼ ਉਠਾਉਣ ਦਾ ਵੀ ਫੈਸਲਾ ਲਿਆ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਅੱਜ ਲੁਧਿਆਣਾ ਵਿਖੇ ਬਾਅਦ ਦੁਪਹਿਰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋ ਰਹੀ ਹੈ, ਜਿਸ ਵਿੱਚ ਰੇਲਾਂ ਰੋਕਣ ਦਾ ਮਾਮਲਾ ਉਠਾਇਆ ਜਾਵੇਗਾ।
ਇਹ ਵੀ ਪੜ੍ਹੋ: Viral News: ਸਿਰਫ 2 ਮਿੰਟ ਲਈ ਦੁਨੀਆ ਦਾ ਸਭ ਤੋਂ ਅਮੀਰ ਆਦਮੀ ਬਣਇਆ ਆਦਮੀ, ਖਾਤੇ 'ਚ ਆਇਆ ਇੰਨਾ ਪੈਸਾ