ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਸਾਬਕਾ ਫ਼ੌਜ ਮੁਖੀ ਜਨਰਲ ਜੇ.ਜੇ. ਸਿੰਘ ਨੂੰ ਖਡੂਰ ਸਾਹਿਬ ਤੋਂ ਆਪਣੇ ਲੋਕ ਸਭਾ ਉਮੀਦਵਾਰ ਵਜੋਂ ਉਤਾਰ ਦਿੱਤਾ ਹੈ। ਪਾਰਟੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਇੱਥੋਂ ਮੌਜੂਦਾ ਐਮਪੀ ਹਨ।

ਪਿੰਡ ਬ੍ਰਹਮਪੁਰਾ ਵਿਚ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਵਰਕਰ ਮੀਟਿੰਗ ਦੌਰਾਨ ਬ੍ਰਹਮਪੁਰਾ ਨੇ ਜੇ.ਜੇ. ਸਿੰਘ ਨੂੰ ਹਲਕਾ ਖਡੂਰ ਸਾਹਿਬ ਤੋਂ ਰਸਮੀ ਤੌਰ ’ਤੇ ਉਮੀਦਵਾਰ ਐਲਾਨ ਦਿੱਤਾ। ਜਨਰਲ ਜੇ ਜੇ ਸਿੰਘ ਨੇ ਪਾਰਟੀ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਖ਼ੁਦ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਗੁਰੂ ਚਰਨਾਂ ਦੀ ਛੋਹ ਪ੍ਰਾਪਤ ਧਰਤੀ ਖਡੂਰ ਸਾਹਿਬ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ ਹੈ।

ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉੱਤਰਨਗੇ ਤੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਵਿਚ ਪੰਥਕ ਹਲਕੇ ਦੀ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ। ਹਾਲਾਂਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਾਬਕਾ ਫ਼ੌਜ ਮੁਖੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਪਟਿਆਲਾ ਤੋਂ ਹਾਰ ਦਾ ਸਾਹਮਣਾ ਕਰ ਚੁੱਕੇ ਹਨ।