ਵਿਜੀਲੈਂਸ ਨੂੰ ਰਿਮਾਂਡ ਮਿਲਦਿਆਂ ਹੀ ਸਾਬਕਾ ਉੱਪ ਮੁੱਖ ਮੰਤਰੀ ਓਪੀ ਸੋਨੀ ਦੀ ਵਿਗੜੀ ਸਿਹਤ, ਫੋਰਟਿਸ 'ਚ ਦਾਖਲ
ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਉੱਪ ਮੁੱਖ ਮੰਤਰੀ ਓਪੀ ਸੋਨੀ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
Amritsar News: ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਉੱਪ ਮੁੱਖ ਮੰਤਰੀ ਓਪੀ ਸੋਨੀ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਨੇ ਹਸਪਤਾਲ ਵਿੱਚ ਸੋਨੀ ਨਾਲ ਮੁਲਾਕਾਤ ਕੀਤੀ ਹੈ। ਵਿਜੀਲੈਂਸ ਨੇ ਅੱਜ ਹੀ ਓਪੀ ਸੋਨੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਹੈ।
ਜ਼ਿਕਰ ਕਰ ਦਈਏ ਕਿ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਅੱਜ ਵਿਜੀਲੈਂਸ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਦੂਜੇ ਪਾਸੇ ਇਸ ਨੂੰ ਸਿਆਸੀ ਰੰਜਿਸ਼ ਕਰਾਰ ਦਿੰਦਿਆਂ ਕਾਂਗਰਸੀਆਂ ਨੇ ਬਾਅਦ ਦੁਪਹਿਰ ਅੰਮ੍ਰਿਤਸਰ ਦੇ ਕਚਹਿਰੀ ਚੌਕ ਦਾ ਘਿਰਾਓ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਪੁਲਿਸ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਜਿੱਥੇ ਅਦਾਲਤ ਨੇ ਇੱਕ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ
ਦੱਸ ਦੇਈਏ ਕਿ ਐਤਵਾਰ ਨੂੰ ਵਿਜੀਲੈਂਸ ਨੇ ਸਾਬਕਾ ਡਿਪਟੀ ਸੀਐਮ ਸੋਨੀ ਨੂੰ 8 ਮਹੀਨਿਆਂ ਦੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕੀਤਾ ਸੀ। ਸੋਨੀ 'ਤੇ ਦੋਸ਼ ਹਨ ਕਿ ਉਨ੍ਹਾਂ ਦੇ ਖਰਚੇ ਉਨ੍ਹਾਂ ਦੀ ਕਮਾਈ ਤੋਂ ਕਈ ਗੁਣਾ ਜ਼ਿਆਦਾ ਹੈ। 1 ਅਪ੍ਰੈਲ 2016 ਤੋਂ 31 ਮਾਰਚ 2022 ਤੱਕ ਸੋਨੀ ਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 4.52 ਕਰੋੜ ਰੁਪਏ ਸੀ, ਜਦਕਿ ਖਰਚਾ 12.48 ਕਰੋੜ ਰੁਪਏ ਸੀ। ਇਹ ਖਰਚਾ ਆਮਦਨ ਨਾਲੋਂ 7.96 ਕਰੋੜ ਰੁਪਏ ਵੱਧ ਸੀ। ਇਸ ਦੌਰਾਨ ਸੋਨੀ ਨੇ ਆਪਣੀ ਪਤਨੀ ਸੁਮਨ ਸੋਨੀ ਤੇ ਬੇਟੇ ਰਾਘਵ ਸੋਨੀ ਦੇ ਨਾਂ 'ਤੇ ਜਾਇਦਾਦਾਂ ਵੀ ਖਰੀਦੀਆਂ।
ਇਸ ਬਾਰੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕੀਤਾ ਸੀ ਕਿ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦੀ ਗ੍ਰਿਫ਼ਤਾਰੀ ਸੀਐਮ ਭਗਵੰਤ ਮਾਨ ਵੱਲੋਂ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣ ਦੀ ਇੱਕ ਹੋਰ ਕੋਸ਼ਿਸ਼ ਹੈ। ਬਦਲਾਖੋਰੀ ਦੀ ਰਾਜਨੀਤੀ ਦਾ ਕਦੇ ਕੋਈ ਨਤੀਜਾ ਨਹੀਂ ਨਿਕਲਿਆ ਤੇ ਇਹ ਅਜਿਹੀ ਹੀ ਇੱਕ ਹੋਰ ਘਟਨਾ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।