Punjab News: ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫਤਾਰ ਸਾਬਕਾ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਅਤੇ ਉਨ੍ਹਾਂ ਦੇ OSD ਪ੍ਰਦੀਪ ਕੁਮਾਰ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਦੱਸ ਦਈਏ ਕਿ ਡਾ. ਵਿਜੈ ਸਿੰਗਲਾ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਸਿਹਤ ਮੰਤਰੀ ਸਨ, ਜਿਨ੍ਹਾਂ ਨੂੰ ਸਰਕਾਰ ਬਣਨ ਤੋਂ ਥੋੜੇ ਮਹੀਨਿਆਂ ਬਾਅਦ ਹੀ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਸੀ।
ਉਨ੍ਹਾਂ ਨੂੰ ਸਰਕਾਰੀ ਠੇਕਿਆਂ ਦੀ ਅਲਾਟਮੈਂਟ ਲਈ 1% ਕਮਿਸ਼ਨ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਸਿੰਗਲਾ ਵਿਰੁੱਧ ਮੋਹਾਲੀ ਦੇ ਫੇਜ਼-8 ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ।
ਮੋਹਾਲੀ ਪੁਲਿਸ ਛੇਤੀ ਹੀ ਅਦਾਲਤ ਵਿੱਚ ਕਲੋਜ਼ਰ ਰਿਪੋਰਟ ਪੇਸ਼ ਕਰੇਗੀ। ਪੁਲਿਸ ਜਾਂਚ ਵਿੱਚ ਮੁਲਜ਼ਮਾਂ ਵਿਰੁੱਧ ਕਾਰਵਾਈ ਕਰਨ ਲਈ ਕੋਈ ਠੋਸ ਸਬੂਤ ਨਹੀਂ ਮਿਲੇ ਹਨ। ਪੁਲਿਸ ਸੂਤਰਾਂ ਅਨੁਸਾਰ, ਸ਼ਿਕਾਇਤਕਰਤਾ ਰਾਜਿੰਦਰ ਸਿੰਘ ਨੇ ਵੀ ਅਦਾਲਤ ਵਿੱਚ ਦਿੱਤੇ ਆਪਣੇ ਬਿਆਨ ਵਿੱਚ ਕਲੋਜ਼ਰ ਰਿਪੋਰਟ ਨਾਲ ਸਹਿਮਤੀ ਪ੍ਰਗਟਾਈ ਹੈ। ਮੋਹਾਲੀ ਅਦਾਲਤ 14 ਜੁਲਾਈ ਨੂੰ ਕਲੋਜ਼ਰ ਰਿਪੋਰਟ 'ਤੇ ਆਪਣਾ ਫੈਸਲਾ ਸੁਣਾਏਗੀ।
ਉੱਥੇ ਹੀ ਸਾਬਕਾ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੂੰ ਕਲੀਨ ਚਿੱਟ ਮਿਲਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰਤੀਕਿਰਿਆ ਦਿੱਤੀ ਹੈ। ਬਾਦਲ ਨੇ ਕਿਹਾ ਕਿ ਇੱਕ ਜ਼ਿੰਮੇਵਾਰ ਅਹੁਦੇ ‘ਤੇ ਬਿਰਾਜਮਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਇਹ ਵੱਡੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਹੁਣ ਉਹ ਸਬੂਤ ਕਿੱਥੇ ਗਏ, ਜਿਨ੍ਹਾਂ ਦੇ ਆਧਾਰ ‘ਤੇ ਉਨ੍ਹਾਂ ਨੇ ਵਿਜੇ ਸਿੰਗਲਾ ਨੂੰ ਕੈਬਿਨਟ ਤੋਂ ਹਟਾਇਆ ਸੀ ਅਤੇ ਉਨ੍ਹਾਂ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕਰਵਾਇਆ ਸੀ।
ਮੁੱਖ ਮੰਤਰੀ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਭ੍ਰਿਸ਼ਟ ਮੰਤਰੀ ਨੇ ਉਨ੍ਹਾਂ ਦੇ ਸਾਹਮਣੇ ਆਪਣਾ ਦੋਸ਼ ਕਬੂਲ ਕਰ ਲਿਆ ਸੀ। ਮੌਜੂਦਾ ਸਥਿਤੀ ਤੋਂ ਇਹ ਸਪੱਸ਼ਟ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਆਮ ਆਦਮੀ ਪਾਰਟੀ ਦੀ ਦਿੱਲੀ ਵਾਲੀ ਜੁੰਡਲੀ ਨੇ ਜਾਂਚ ਏਜੰਸੀਆਂ ‘ਤੇ ਦਬਾਅ ਪਾ ਕੇ ਵਿਜੇ ਸਿੰਗਲਾ ਨੂੰ ਕਲੀਨ ਚਿੱਟ ਦਿਵਾਈ ਹੈ। ਅਜਿਹਾ ਕਰਕੇ 'ਆਪ' ਸਰਕਾਰ ਨੇ ਆਪਣੀ ਘਟੀਆ ਰਾਜਨੀਤੀ ਅਤੇ ਬਦਨੀਤੀ ‘ਤੇ ਪੱਕੀ ਮੋਹਰ ਲਗਾ ਦਿੱਤੀ ਹੈ।
ਉਹ ਕੇਵਲ ਆਪਣੇ ਰਾਜਨੀਤਿਕ ਵਿਰੋਧੀਆਂ ਦੀ ਹੀ ਆਵਾਜ਼ ਦਬਾਉਣਾ ਚਾਹੁੰਦੇ ਹਨ, ਪਰ ਆਪਣੇ ਭ੍ਰਿਸ਼ਟ ਬੰਦਿਆਂ ਖਿਲਾਫ਼ ਕੋਈ ਕਾਰਵਾਈ ਨਹੀਂ ਕਰਨਗੇ । ਅਸੀਂ ਮੰਗ ਕਰਦੇ ਹਾਂ ਕਿ ਇਨਸਾਫ਼ ਨੂੰ ਯਕੀਨੀ ਬਣਾਉਣ ਲਈ ਵਿਜੇ ਸਿੰਗਲਾ ਦਾ ਕੇਸ ਸੂਬੇ ਤੋਂ ਬਾਹਰਲੀ ਕਿਸੇ ਸੁਤੰਤਰ ਜਾਂਚ ਏਜੰਸੀ ਕੋਲ ਜਾਂਚ ਲਈ ਭੇਜਿਆ ਜਾਵੇ।