ਚੰਡੀਗੜ੍ਹ: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਅਹੁਦਿਓਂ ਪਾਸੇ ਹਟਣ ਤੋਂ ਬਾਅਦ ਹਮਲਾਵਰ ਰੁਖ਼ ਅਖ਼ਤਿਆਰ ਕਰ ਲਿਆ ਹੈ। ਇਕਬਾਲ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫੀ ਦੇਣ ਦਾ ਵਿਰੋਧ ਕਰਨ 'ਤੇ ਉਨ੍ਹਾਂ ਨੂੰ ਬਦਨਾਮ ਕੀਤਾ ਗਿਆ ਹੈ।


ਇਹ ਵੀ ਪੜ੍ਹੋ- ਵਿਵਾਦਾਂ ਦੇ ਬਾਦਸ਼ਾਹ ਗਿਆਨੀ ਇਕਬਾਲ ਸਿੰਘ ਦੀ ਛੁੱਟੀ

ਇਕਬਾਲ ਸਿੰਘ ਨੇ ਕਿਹਾ ਕਿ ਡੇਰਾ ਮੁਖੀ ਦੀ ਮੁਆਫ਼ੀ ਨੂੰ ਗਿਆਨੀ ਗੁਰਮੁਖ ਸਿੰਘ ਤੇ ਗੁਰਬਚਨ ਸਿੰਘ ਨੇ 'ਸੰਪਾਦਤ' ਕੀਤਾ ਸੀ ਤੇ ਮੁਆਫੀ ਨੂੰ ਜਾਇਜ਼ ਠਹਿਰਾਉਣ ਲਈ 90 ਲੱਖ ਦੇ ਇਸ਼ਤਿਹਾਰ ਵੀ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਨੇ ਧਾਰਮਿਕ ਸੰਸਥਾਵਾਂ ਤੇ ਸਿਆਸੀ ਪਾਰਟੀਆਂ ਦੇ ਗਠਜੋੜ ਦੀ ਪੋਲ ਵੀ ਖੋਲ੍ਹ ਦਿੱਤੀ। ਇਸ ਲਈ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁਖ ਸਿੰਘ ਤੇ ਗੁਰਬਚਨ ਸਿੰਘ ਨੂੰ ਤਲਬ ਕਰਨ।

ਉਨ੍ਹਾਂ ਇਹ ਵੀ ਕਿਹਾ ਕਿ ਉਹ ਆਪਣੇ ਇਲਜ਼ਾਮਾਂ ਬਾਰੇ ਸਪੱਸ਼ਟੀਕਰਨ ਤਿੰਨ ਮੈਂਬਰੀ ਕਮੇਟੀ ਨੂੰ ਦੇ ਚੁੱਕੇ ਹਨ ਤੇ ਹੁਣ ਅਸਤੀਫੇ ਮਗਰੋਂ ਵੀ ਜਾਂਚ ਸ਼ੁਰੂ ਹੋਣਾ, ਕਿਸੇ ਸਾਜ਼ਿਸ਼ ਦਾ ਹਿੱਸਾ ਹੈ। ਸਾਬਕਾ ਜਥੇਦਾਰ ਨੇ ਕਿਹਾ ਕਿ ਉਨ੍ਹਾਂ ਨੂੰ ਅਕਾਲ ਤਖ਼ਤ ਵਿਖੇ ਵੀ ਸਾਜ਼ਿਸ਼ ਤਹਿਤ ਤਲਬ ਕੀਤਾ ਗਿਆ।

ਸਬੰਧਤ ਖ਼ਬਰ- ਗਿਆਨੀ ਰਜਿੰਦਰ ਸਿੰਘ ਬਣੇ ਨਵੇਂ ਜਥੇਦਾਰ

ਉਨ੍ਹਾਂ ਕਿਹਾ ਕਿ ਜੇਕਰ ਗ਼ਲਤ ਢੰਗ ਨਾਲ ਉਨ੍ਹਾਂ ਨੂੰ ਫਸਾਇਆ ਗਿਆ ਤਾਂ ਉਹ ਕਿਸੇ ਨੂੰ ਨਹੀਂ ਬਖ਼ਸ਼ਣਗੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਇਸ ਘਟਨਾਕ੍ਰਮ 'ਤੇ ਪੜਤਾਲ ਕਰ ਰਹੀ ਪੰਜਾਬ ਸਰਕਾਰ ਦੀ ਵਿਸ਼ੇਸ਼ ਜਾਂਚ ਟੀਮ ਕੋਈ ਗੱਲਬਾਤ ਕਰਨਾ ਚਾਹੁੰਦੀ ਹੈ ਤਾਂ ਉਹ ਉਸ ਨੂੰ ਸਭ ਕੁਝ ਸੱਚ ਦੱਸ ਦੇਣਗੇ।