Punjab News: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ।


ਇਹ ਪ੍ਰਗਟਾਵਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਚੱਲ ਰਹੀ ਵਿਜੀਲੈਂਸ ਜਾਂਚ ਦੀ ਤਫਤੀਸ਼ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਤਹਿਤ ਵਿਜੀਲੈਂਸ ਬਿਊਰੋ ਰੇਂਜ ਦੇ ਪੁਲਿਸ ਥਾਣਾ ਮੋਹਾਲੀ ਵਿਖੇ ਮੁਕੱਦਮਾ ਦਰਜ ਕਰਕੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ।


ਹੋਰ ਵੇਰਵਿਆਂ ਦਿੰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਚੈਕਿੰਗ ਅਰਸਾ 01-03-2016 ਤੋਂ 31-03-2022 ਤੱਕ ਦੀ ਕੀਤੀ ਪੜਤਾਲ ਦੌਰਾਨ ਉਪਰੋਕਤ ਸਾਬਕਾ ਮੰਤਰੀ ਅਤੇ ਉਸ ਦੇ ਪਰਿਵਾਰ ਦੀ ਆਮਦਨ 2,37,12,596.48/- ਰੁਪਏ ਸੀ ਜਦਕਿ ਖਰਚਾ 8,76,30,888.87/- ਰੁਪਏ ਸੀ ਜੋ ਕਿ 6,39,18,292.39/- ਰੁਪਏ ਵੱਧ ਸੀ। ਭਾਵ ਉਸ ਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਨਾਲੋਂ 269 ਪ੍ਰਤੀਸ਼ਤ ਵੱਧ ਸੀ।


ਉਨ੍ਹਾਂ ਅੱਗੇ ਕਿਹਾ ਕਿ ਸਾਬਕਾ ਮੰਤਰੀ ਦੀ ਹੋਰ ਜਾਇਦਾਦ ਦਾ ਪਤਾ ਲਗਾਉਣ ਲਈ ਮਾਮਲੇ ਦੀ ਹੋਰ ਜਾਂਚ ਜਾਰੀ ਹੈ। ਉਸ ਨੂੰ ਅੱਜ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।


ਸਕਾਲਰਸ਼ਿਪ ਘੁਟਾਲੇ 'ਚ ਜ਼ਮਾਨਤ 'ਤੇ ਹਨ


ਪੰਜਾਬ ਵਿੱਚ ਮਾਰਚ 2022 ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ਤੋਂ ਬਾਅਦ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਊਰੋ ਵੱਲੋਂ ਦੂਜੀ ਵਾਰ ਗ੍ਰਿਫ਼ਤਾਰ ਕੀਤਾ ਗਿਆ ਹੈ। ਜੂਨ 2022 ਵਿੱਚ, ਧਰਮਸੋਤ ਨੂੰ ਸਕਾਲਰਸ਼ਿਪ ਘੁਟਾਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਦੋਸ਼ ਹੈ ਕਿ ਧਰਮਸੋਤ ਨੇ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਦੇ ਮੁੱਖ ਮੰਤਰੀ ਹੁੰਦਿਆਂ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੂੰ ਦਿੱਤੇ ਵਜ਼ੀਫੇ ਵਿੱਚ ਬੇਨਿਯਮੀਆਂ ਕੀਤੀਆਂ ਸਨ। ਕੈਪਟਨ ਸਰਕਾਰ ਵੇਲੇ ਹੀ ਧਰਮਸੋਤ 'ਤੇ ਇਹ ਦੋਸ਼ ਲਾਏ ਗਏ ਸਨ ਪਰ ਤਤਕਾਲੀ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਕਲੀਨ ਚਿੱਟ ਦੇ ਦਿੱਤੀ ਸੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।