Punjab News: ਸੁਲਤਾਨਪੁਰ ਲੋਧੀ 'ਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਣ ਅਤੇ ਸੇਵਾ ਕਰਨ ਲਈ ਆ ਰਹੇ ਪਿੰਡ ਚੱਕ ਕੋਟਲਾ ਦੇ ਸਾਬਕਾ ਸਰਪੰਚ ਜੋਗਾ ਸਿੰਘ ਦੀ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਇਹ ਹਾਦਸਾ ਸੁਲਤਾਨਪੁਰ ਲੋਧੀ-ਕਪੂਰਥਲਾ ਮਾਰਗ ’ਤੇ ਸ਼ਹਿਰ ਦੇ ਸਵਾਗਤੀ ਗੇਟ ਨੇੜੇ ਵਾਪਰਿਆ।
ਗੁਰਦੁਆਰਾ ਸਾਹਿਬ ਮੱਥਾ ਟੇਕਣ ਆ ਰਹੇ ਸਨ
ਜਾਣਕਾਰੀ ਮੁਤਾਬਕ ਸਾਬਕਾ ਸਰਪੰਚ ਜੋਗਾ ਸਿੰਘ ਮੰਗਲਵਾਰ ਸਵੇਰੇ ਕਰੀਬ 11:30 ਵਜੇ ਆਪਣੇ ਟੀਵੀਐੱਸ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਣ ਅਤੇ ਸੇਵਾ ਕਰਨ ਲਈ ਆ ਰਹੇ ਸਨ।
ਮੋਟਰਸਾਈਕਲ ਦੀ ਟਰਾਲੀ ਨਾਲ ਟੱਕਰ ਹੋ ਗਈ, ਲੱਗੀਆਂ ਡੂੰਘੀਆਂ ਸੱਟਾਂ
ਜਦੋਂ ਉਹ ਸਵਾਗਤੀ ਗੇਟ ਨੇੜੇ ਪਹੁੰਚੇ ਤਾਂ ਸੜਕ ਕਿਨਾਰੇ ਖੜ੍ਹੀ ਇਕ ਟਰਾਲੀ ਨਾਲ ਉਨ੍ਹਾਂ ਦੇ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ ਹੋ ਗਈ। ਹਾਦਸੇ ਵਿੱਚ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।
ਹਾਦਸੇ ਤੋਂ ਬਾਅਦ ਤੁਰੰਤ ਹਸਪਤਾਲ ਪਹੁੰਚਾਇਆ ਗਿਆ
ਹਾਦਸੇ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਡੂੰਘੀਆਂ ਸੱਟਾਂ ਨਾ ਸਹਾਰਦਿਆਂ ਹੋਇਆਂ ਉਨ੍ਹਾਂ ਦੀ ਮੌਤ ਹੋ ਗਈ।
ਸਰਪੰਚ ਦੀ ਮੌਤ ਨਾਲ ਪਿੰਡ ਵਿੱਚ ਸੋਗ ਦੀ ਲਹਿਰ
ਸਾਬਕਾ ਸਰਪੰਚ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪਿੰਡ ਚੱਕ ਕੋਟਲਾ ਵਿਚ ਸੋਗ ਦੀ ਲਹਿਰ ਫੈਲ ਗਈ ਅਤੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਪਿੰਡ ਵਾਸੀਆਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ।
ਪੁਲਿਸ ਨੇ ਜਾਂਚ ਕੀਤੀ ਸ਼ੁਰੂ
ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਹਾਦਸੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
