ਫ਼ਰੀਦਕੋਟ: ਬੇਅਦਬੀ ਤੇ ਗੋਲ਼ੀਕਾਂਡਾਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵੱਲੋਂ ਪਹਿਲਾਂ ਬਹਿਬਲ ਕਲਾਂ ਤੇ ਫਿਰ ਕੋਟਕਪੂਰਾ ਗੋਲ਼ੀਕਾਂਡ ਵਿੱਚ ਗ੍ਰਿਫ਼ਤਾਰ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਹੁਣ ਸੱਤ ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਦੋ ਦਿਨਾਂ ਦਾ ਪੁਲਿਸ ਰਿਮਾਂਡ ਪੂਰਾ ਹੋਣ 'ਤੇ ਸ਼ਰਮਾ ਨੂੰ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅੱਜ ਗੋਲ਼ੀਕਾਂਡ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੇ ਵੀ ਐਸਆਈਟੀ ਦੀ ਕਾਰਗੁਜ਼ਾਰੀ ਤੋਂ ਨਾਖ਼ੁਸ਼ੀ ਪ੍ਰਗਟ ਕੀਤੀ।
ਦੋ ਦਿਨ ਦਾ ਪੁਲਿਸ ਰਿਮਾਂਡ ਖ]ਤਮ ਹੋਣ 'ਤੇ ਐਸਆਈਟੀ ਨੇ ਚਰਨਜੀਤ ਸ਼ਰਮਾ ਨੂੰ ਅੱਜ ਜਸਟਿਸ ਏਕਤਾ ਉੱਪਲ ਦੀ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਅਦਾਲਤ ਨੇ ਉਸ ਨੂੰ ਤਿੰਨ ਅਪ੍ਰੈਲ ਤਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਇਸ ਮੌਕੇ ਚਰਨਜੀਤ ਸ਼ਰਮਾ ਦੇ ਵਕੀਲ ਨਰਿੰਦਰ ਕੁਮਾਰ ਨੇ ਦੱਸਿਆ ਕਿ ਉਹ ਹੁਣ ਇਸ ਮਾਮਲੇ ਵਿੱਚ ਜ਼ਮਾਨਤ ਲਈ ਚਾਰਾਜੋਈ ਕਰਨਗੇ। ਵਕੀਲ ਨੇ ਕਿਹਾ ਕਿ ਐਸਆਈਟੀ ਸਹੀ ਜਾਂਚ ਨਹੀਂ ਕਰ ਰਹੀ।
ਇਸ ਮੌਕੇ ਬਹਿਬਲ ਕਲਾਂ ਵਿੱਚ ਪੁਲਿਸ ਦੀ ਗੋਲ਼ੀ ਦਾ ਸ਼ਿਕਾਰ ਹੋਏ ਮਰਹੂਮ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨੇ ਕਿਹਾ ਕਿ ਲੱਗਦਾ ਹੈ ਐਸਆਈਟੀ ਹੁਣ ਮਾਮਲੇ ਨੂੰ ਲਟਕਾ ਰਹੀ ਹੈ। ਉਨ੍ਹਾਂ ਕਿਹਾ ਕਿ ਐਸਆਈਟੀ ਨੇ ਹਾਲੇ ਤਕ ਮਨਤਾਰ ਬਰਾੜ ਨੂੰ ਵੀ ਗ੍ਰਿਫਤਾਰ ਨਹੀਂ ਕੀਤਾ ਤੇ ਨਾ ਹੀ ਕੋਈ ਹੋਰ ਅੱਗੇ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਨਾਮਜ਼ਦ ਪੁਲਿਸ ਅਧਿਕਾਰੀ ਜ਼ਮਾਨਤਾਂ ਕਰਵਾ ਰਹੇ ਹਨ, ਇਸ ਤੋਂ ਇਨਸਾਫ ਦੀ ਉਮੀਦ ਘੱਟ ਹੋ ਰਹੀ ਹੈ।