ਚੰਡੀਗੜ੍ਹ: ਪੰਜਾਬ ਕੈਬਨਿਟ ਨੇ ਅੱਜ ਅਹਿਮ ਫੈਸਲਾ ਲਿਆ ਹੈ। ਵਾਹਨਾਂ ਦੇ ਪ੍ਰਦੂਸ਼ਣ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਂਦਰੀ ਸੜਕੀ ਆਵਾਜਾਈ ਤੇ ਹਾਈਵੇਜ਼ ਮੰਤਰਾਲੇ ਵੱਲੋਂ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਬਾਰੇ ਲਾਗੂ ਕੀਤੀ ਸਕਰੈਪਿੰਗ ਨੀਤੀ ਦੇ ਸੰਦਰਭ ਵਿੱਚ ਪੰਜਾਬ ਮੰਤਰੀ ਮੰਡਲ ਨੇ ਪੰਜਾਬ ਮੋਟਰ ਵਹੀਕਲ ਟੈਕਸੇਸ਼ਨ ਐਕਟ-1924 ਦੀ ਧਾਰਾ 13 (3) ਅਧੀਨ ਨਵੀਆਂ ਗੱਡੀਆਂ ਦੀ ਖਰੀਦ ਮੌਕੇ ਛੋਟ ਦੇਣ ਦਾ ਫੈਸਲਾ ਕੀਤਾ।
ਇਸ ਤਹਿਤ ਮੋਟਰ ਵਹੀਕਲ ਟੈਕਸ ਵਿਚ ਟਰਾਂਸਪੋਰਟ ਵਾਹਨ ਮਾਲਕਾਂ ਨੂੰ 15 ਫੀਸਦੀ ਤੇ ਨਾਨ-ਟਰਾਂਸਪੋਰਟ ਵਾਹਨ ਮਾਲਕਾਂ ਨੂੰ 25 ਫੀਸਦੀ ਤੱਕ ਛੋਟ ਮਿਲੇਗੀ। ਵਾਤਾਵਰਣ ਪੱਖੀ ਫੈਸਲੇ ਨਾਲ ਸਕਰੈਪਿੰਗ ਪਾਲਿਸੀ ਅਧੀਨ ਟਰਾਂਸਪੋਰਟ ਗੱਡੀਆਂ ਦੇ ਮਾਲਕ ਗੱਡੀ ਦੀ ਰਜਿਸਟ੍ਰੇਸ਼ਨ ਤੋਂ 8 ਸਾਲ ਤੱਕ ਅਤੇ ਨਾਨ-ਟਰਾਂਸਪੋਰਟ ਗੱਡੀਆਂ ਦੇ ਮਾਲਕ 15 ਸਾਲ ਤੱਕ ਸਕੀਮ ਦਾ ਲਾਭ ਉਠਾ ਸਕਦੇ ਹਨ।
ਇਸ ਤਹਿਤ ਜਿਸ ਵੇਲੇ ਗੱਡੀ ਨੂੰ ਸਕਰੈਪ ਕੀਤਾ ਜਾਵੇਗਾ ਤਾਂ ਇਸ ਬਾਰੇ ਸਕਰੈਪਰ ਵੱਲੋਂ ਹੀ ਗੱਡੀ ਦੀ ਖਰੀਦ ਕੀਤੀ ਜਾਵੇਗੀ। ਇਸ ਉਪਰੰਤ ਸਕਰੈਪਰ ਵੱਲੋਂ ਵਾਹਨ ਦੇ ਮਾਲਕ ਨੂੰ ਸਰਟੀਫਿਕੇਟ ਆਫ ਡਿਪਾਜ਼ਿਟ (ਵਾਹਨ ਜਮ੍ਹਾਂ ਕਰਵਾਉਣ ਦਾ ਸਰਟੀਫਿਕੇਟ) ਜਾਰੀ ਕੀਤਾ ਜਾਵੇਗਾ ਜਿਸ ਨੂੰ ਗੱਡੀ ਮਾਲਕ ਵੱਲੋਂ ਸਬੰਧਤ ਲਾਇਸੰਸਿੰਗ ਅਥਾਰਟੀ ਕੋਲੋਂ ਜਮ੍ਹਾਂ ਕਰਵਾਉਣ ਉਤੇ ਨਵੀਂ ਗੱਡੀ ਦੀ ਰਜਿਸਟ੍ਰੇਸ਼ਨ ਦੇ ਮੋਟਰ ਵਹੀਕਲ ਟੈਕਸ ਵਿਚ ਬਣਦੀ ਛੋਟ ਦਿੱਤੀ ਜਾਵੇਗੀ।
ਸਿਸਟਰ ਟਿਊਟਰ ਦੀ ਸਿੱਧੀ ਭਰਤੀ ਤੇ ਤਰੱਕੀ ਲਈ ਵਿਦਿਆਕ ਯੋਗਤਾ ’ਚ ਸੋਧ ਨੂੰ ਪ੍ਰਵਾਨਗੀ
ਇੱਕ ਹੋਰ ਅਹਿਮ ਫੈਸਲਾ ਲੈਂਦਿਆਂ ਮੰਤਰੀ ਮੰਡਲ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪੰਜਾਬ ਹੈਲਥ ਐਂਡ ਫੈਮਲੀ ਵੈਲਫੇਅਰ ਟੈਕਨੀਕਲ (ਗਰੁੱਪ-ਬੀ) ਸਰਵਿਸ ਰੂਲਜ਼-2018 ਵਿਚ ਸਿਸਟਰ ਟਿਊਟਰ ਦੀ ਅਸਾਮੀ ਲਈ ਸਿੱਧੀ ਭਰਤੀ ਅਤੇ ਪਦ-ਉਨਤੀ ਲਈ ਵਿਦਿਅਕ ਯੋਗਤਾ ਵਿਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਕੈਬਨਿਟ ਦੇ ਫੈਸਲੇ ਮੁਤਾਬਕ ਸਿਸਟਰ ਟਿਊਟਰ ਦੀ ਅਸਾਮੀ ਲਈ ਸਿੱਧੀ ਭਰਤੀ ਵਾਸਤੇ ਵਿਦਿਅਕ ਯੋਗਤਾ ਐਮ.ਐਸਸੀ (ਨਰਸਿੰਗ) ਹੋਵੇਗੀ। ਇਸੇ ਤਰ੍ਹਾਂ ਸਿਸਟਰ ਟਿਊਟਰ ਵਜੋਂ ਪਦ-ਉਨਤੀ ਲਈ ਵਿਦਿਅਕ ਯੋਗਤਾ ਬੀ.ਐਸਸੀ. (ਨਰਸਿੰਗ) ਦੇ ਨਾਲ ਸਟਾਫ ਨਰਸ (ਗਰੁੱਪ-ਸੀ) ਵਜੋਂ ਘੱਟੋ-ਘੱਟ 10 ਸਾਲ ਦਾ ਤਜਰਬਾ ਹੋਣਾ ਜ਼ਰੂਰੀ ਹੋਵੇਗਾ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।