ਚੰਡੀਗੜ੍ਹ/ਹੁਸ਼ਿਆਰਪੁਰ: ਹੁਸ਼ਿਆਰਪੁਰ-ਜਲੰਧਰ ਰੋਡ 'ਤੇ ਅੱਡਾ ਨਸਰਾਲਾ ਸਥਿਤ ਗੈਸ ਪਲਾਂਟ 'ਚ ਸ਼ਨੀਵਾਰ ਨੂੰ ਅਚਾਨਕ ਧਮਾਕਾ ਹੋਣ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜੇ.ਕੇ.ਐਂਟਰਪ੍ਰਾਈਜ਼ ਪਲਾਂਟ ਵਿਖੇ ਸਿਲੰਡਰ ਭਰ ਕੇ ਆਕਸੀਜਨ ਅਤੇ ਵੈਲਡਿੰਗ ਗੈਸ ਦੀ ਸਪਲਾਈ ਕੀਤੀ ਜਾਂਦੀ ਹੈ। ਸ਼ਨੀਵਾਰ ਨੂੰ ਉਥੇ ਗੈਸ ਭਰਦੇ ਸਮੇਂ ਅਚਾਨਕ ਸਿਲੰਡਰ ਫਟ ਗਿਆ, ਜਿਸ ਨਾਲ ਜ਼ੋਰਦਾਰ ਧਮਾਕਾ ਹੋ ਗਿਆ।
ਇਸ ਧਮਾਕੇ ਦੀ ਆਵਾਜ਼ ਸੁਣ ਕੇ ਆਸਪਾਸ ਦੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ।ਧਮਾਕੇ ਕਾਰਨ ਇਕ ਮਜ਼ਦੂਰ ਭਗਵਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸ ਦੇ ਸਰੀਰ ਦੇ ਟੁਕੜੇ-ਟੁਕੜੇ ਹੋ ਗਏ, ਜਦਕਿ ਦੋ ਮਜ਼ਦੂਰ ਸੂਰਜ ਅਤੇ ਬ੍ਰਹਮਦੇਵ ਗੰਭੀਰ ਜ਼ਖਮੀ ਹੋ ਗਏ।
ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਜਾਇਆ ਗਿਆ। ਉਥੋਂ ਮਜ਼ਦੂਰ ਸੂਰਜ ਨੂੰ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਹਾਦਸੇ ਵਿੱਚ ਜ਼ਖ਼ਮੀ ਹੋਏ ਤੀਜੇ ਮਜ਼ਦੂਰ ਦਾ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
ਜ਼ਿੰਪਾ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪੂਰੀ ਮਦਦ ਦਾ ਭਰੋਸਾ ਦਿੱਤਾ ਹੈ
ਘਟਨਾ ਦੀ ਸੂਚਨਾ ਮਿਲਦੇ ਹੀ ਕੈਬਨਿਟ ਮੰਤਰੀ ਬ੍ਰਹਮਸ਼ੰਕਰ ਜ਼ਿੰਪਾ ਨੇ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਪਲਾਂਟ ਦੇ ਮਾਲਕਾਂ ਨਾਲ ਗੱਲਬਾਤ ਕੀਤੀ ਅਤੇ ਘਟਨਾ ਬਾਰੇ ਜਾਣਕਾਰੀ ਲਈ। ਇਸ ਮੌਕੇ ਉਨ੍ਹਾਂ ਇਸ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕ ਮਜ਼ਦੂਰਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਲਾਂਟ ਮਾਲਕਾਂ ਨੂੰ ਪਰਿਵਾਰ ਨੂੰ ਪੂਰਾ ਸਹਿਯੋਗ ਦੇਣ ਲਈ ਕਿਹਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਪੀੜਤ ਪਰਿਵਾਰ ਨੂੰ ਵੀ ਸਰਕਾਰ ਵੱਲੋਂ ਬਣਦੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਘਟਨਾ ਵਿੱਚ ਜ਼ਖ਼ਮੀ ਹੋਏ ਵਿਅਕਤੀ ਦੇ ਬਿਹਤਰ ਇਲਾਜ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਦਿੱਤੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ