ਚੰਡੀਗੜ੍ਹ: ਖਾੜਕੂਵਾਦ ਦੌਰਾਨ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਾਰੇ ਗਏ ਸਿੱਖ ਨੌਜਵਾਨਾਂ ਦੇ ਪਰਿਵਾਰ ਕੈਪਟਨ ਸਰਕਾਰ ਤੋਂ ਖਫਾ ਹਨ। ਇਸ ਦਾ ਕਾਰਨ ਕੈਪਟਨ ਸਰਕਾਰ ਵੱਲੋਂ ਇਨ੍ਹਾਂ ਕੇਸਾਂ ਵਿੱਚ ਘਿਰੇ ਪੁਲਿਸ ਅਧਿਕਾਰੀਆਂ ਨੂੰ ਮੁਆਫ਼ੀ ਦਿਵਾਉਣ ਲਈ ਸ਼ੁਰੂ ਕੀਤੀ ਕਾਰਵਾਈ ਹੈ। ਇਸ ਬਾਰੇ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਨੇ ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਕੈਪਟਨ ਸਰਕਾਰ ਨੂੰ ਘੇਰਿਆ ਹੈ।


 

ਪੀੜਤ ਪਰਿਵਾਰਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਕਾਲੇ ਦੌਰ ਦੌਰਾਨ ਨਿਰਦੋਸ਼ ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਾਰ-ਮੁਕਾਇਆ ਗਿਆ ਸੀ। ਇਸ ਖਿਲਾਫ ਉਹ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਇਨਸਾਫ਼ ਲਈ ਲੜਾਈ ਲੜ ਰਹੇ ਹਨ। ਹੁਣ ਜਦੋਂ ਸੀਬੀਆਈ ਨੇ ਝੂਠੇ ਪੁਲਿਸ ਮੁਕਾਬਲਿਆਂ ਦੀ ਜਾਂਚ ਸ਼ੁਰੂ ਕੀਤੀ ਹੈ ਤਾਂ ਪੰਜਾਬ ਪੁਲਿਸ ਵੱਲੋਂ ਕਸੂਰਵਾਰ ਅਧਿਕਾਰੀਆਂ ਨੂੰ ਮੁਆਫ਼ੀ ਦਿਵਾਉਣ ਦੇ ਰਾਹ ਤੁਰ ਪਈ ਹੈ।

ਪੀੜਤ ਪਰਿਵਾਰਾਂ ਨੇ ਕਿਹਾ ਕਿ ਲੰਮੇ ਅਰਸੇ ਬਾਅਦ ਆਸ ਬੱਝੀ ਸੀ ਤੇ ਪੰਜਾਬ ਸਰਕਾਰ ਨੂੰ ਵੀ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਸੀ, ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਕੋਲੋਂ ਝੂਠੇ ਪੁਲਿਸ ਮੁਕਾਬਲਿਆਂ ਲਈ ਜ਼ਿੰਮੇਵਾਰ ਅਧਿਕਾਰੀਆਂ ਨੂੰ ਮੁਆਫ਼ ਕਰਨ ਦੀ ਕੀਤੀ ਮੰਗ ਪੀੜਤ ਪਰਿਵਾਰਾਂ ਨਾਲ ਬੇਇਨਸਾਫ਼ੀ ਹੈ।

ਪੁਲਿਸ ਵੱਲੋਂ ਜੁਲਾਈ 1993 ਵਿੱਚ ਘਰੋਂ ਚੁੱਕ ਕੇ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰੇ ਗੁਲਸ਼ਨ ਕੁਮਾਰ ਦੇ ਭਰਾ ਪਰਵੀਨ ਕੁਮਾਰ ਨੇ ਕਿਹਾ ਕਿ ਉਹ 26 ਸਾਲ ਤੋਂ ਇਨਸਾਫ਼ ਲਈ ਲੜਾਈ ਲੜ ਰਹੇ ਹਨ। ਬੀਬੀ ਸੁਖਵੰਤ ਕੌਰ (76), ਦਾ ਪਤੀ ਤੇ ਵੱਡਾ ਬੇਟਾ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ ਸਨ। ਉਨ੍ਹਾਂ ਕਿਹਾ ਕਿ ਸੀਬੀਆਈ ਨੇ ਹਾਲ ਹੀ ਵਿੱਚ ਮੁਹਾਲੀ ਵਿੱਚ ਕੇਸ ਦੀ ਸੁਣਵਾਈ ਸ਼ੁਰੂ ਕੀਤੀ ਹੈ। ਉਨ੍ਹਾਂ ਦੇ ਬਿਆਨ ਵੀ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਇਨਸਾਫ਼ ਦੀ ਆਸ ਬੱਝੀ ਹੈ ਤੇ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਦੋਸ਼ੀਆਂ ਨੂੰ ਮੁਆਫ਼ੀ ਦਿਵਾਉਣ ਦੀ ਕਾਰਵਾਈ ਤੋਂ ਪਿੱਛੇ ਹਟੇ।

ਮਨੁੱਖੀ ਅਧਿਕਾਰਾਂ ਦੇ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਨੇ ਕਿਹਾ ਕਿ ਉਨ੍ਹਾਂ ਦੇ ਪਤੀ ਨੂੰ ਵੀ ਝੂਠੇ ਮੁਕਾਬਲੇ ਵਿੱਚ ਮਾਰਿਆ ਗਿਆ ਸੀ। ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਪੁਲਿਸ ਅਧਿਕਾਰੀਆਂ ਦੀ ਮੁਆਫ਼ੀ ਕਰਨ ਲਈ ਗ੍ਰਹਿ ਮੰਤਰਾਲੇ ਕੋਲੋਂ ਕੀਤੀ ਮੰਗ ਦੀ ਨਿੰਦਾ ਕੀਤੀ ਹੈ।