ਪੜਚੋਲ ਕਰੋ
Advertisement
ਪੰਜਾਬ 'ਚ ਝੂਠੇ ਪੁਲਿਸ ਮੁਕਾਬਲਿਆਂ ਬਾਰੇ ਵੱਡਾ ਖ਼ੁਲਾਸਾ
ਚੰਡੀਗੜ੍ਹ: ਬੀਤੇ ਕੱਲ੍ਹ ਇੱਕ ਇਹੋ ਜਿਹਾ ਖ਼ੁਲਾਸਾ ਹੋਇਆ ਹੈ, ਜੋ ਤੁਹਾਨੂੰ ਸਰਕਾਰੀ ਤੰਤਰ ਦੀ ਅਜਿਹੀ ਬੇਸ਼ਰਮੀ ਭਰੀ ਹਰਕਤ ਰਾਹੀਂ ਜਲ੍ਹਿਆਂਵਾਲਾ ਬਾਗ਼ ਦੇ ਉਸ ਖ਼ੂਨੀ ਸਾਕੇ ਨੂੰ ਯਾਦ ਦਿਵਾ ਦੇਵੇਗਾ, ਜਿੱਥੇ ਹਜ਼ਾਰਾਂ ਨਿਹੱਥੇ ਤੇ ਬੇਕਸੂਰ ਲੋਕਾਂ ਨੂੰ ਜਰਨਲ ਡਾਇਰ ਨੇ ਗੋਲ਼ੀਆਂ ਨਾਲ ਭੁੰਨ ਦਿੱਤਾ ਸੀ। ਹਾਲਾਂਕਿ, ਉੱਥੇ ਪਤਾ ਹੈ ਕਿ ਕਿਸ ਨੇ ਗੋਲ਼ੀਆਂ ਮਾਰੀਆਂ ਤੇ ਕਿਉਂ ਪਰ ਇਸ ਖ਼ੁਲਾਸੇ ਵਿੱਚ ਪੰਜਾਬ ਦੇ ਉਨ੍ਹਾਂ ਕਾਲ਼ੇ ਦਿਨਾਂ ਦਾ ਸੱਚ ਲੁਕਿਆ ਹੋਇਆ ਹੈ ਜੋ ਸਾਹਮਣੇ ਹੋ ਕੇ ਵੀ ਹਰ ਵਾਰ ਅਣਦੇਖਿਆ ਕਰ ਦਿੱਤਾ ਗਿਆ।
ਪੰਜਾਬ ’ਚ 80-90 ਦੇ ਦਹਾਕੇ ਦੌਰਾਨ ਝੂਠੇ ਪੁਲਿਸ ਮੁਕਾਬਲਿਆਂ ਤੇ ਸਿੱਖ ਨੌਜਵਾਨਾਂ ਨੂੰ ਲਾਪਤਾ ਕਰਨ ਦਾ ਮਾਮਲਿਆਂ ‘ਤੇ ਕਾਰਜਸ਼ੀਲ ਤੇ ਮਨੁੱਖੀ ਅਧਿਕਾਰਾਂ ਦੀ ਲੜਾਈ ਲੜ ਰਹੀ ਗ਼ੈਰ ਸਰਕਾਰੀ ਸੰਸਥਾ ਪੰਜਾਬ ਐਡਵੋਕੇਸੀ ਅਤੇ ਡਾਕੂਮੈਂਟੇਸ਼ਨ ਪ੍ਰਾਜੈਕਟ (ਪੀ.ਡੀ.ਏ.ਪੀ) ਨੇ ਸ਼ਨੀਵਾਰ (2 ਦਸੰਬਰ, 2017) ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਪ੍ਰੈੱਸ ਨਾਲ ਮਿਲਣੀ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਨੇ 1980 ਤੋਂ 1995 ਦੇ ਸਮੇਂ ਦੌਰਾਨ ਪੰਜਾਬ ’ਚ 8,257 ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ’ਚ ਮਾਰਨ ਤੇ ਲਾਪਤਾ ਹੋਣ ਵਾਲੇ ਲੋਕਾਂ ਦੀ ਪਛਾਣ ਕੀਤੀ ਹੈ।
ਇਨ੍ਹਾਂ ਅੰਕੜਿਆਂ ਵਿੱਚ ਦੋ ਹਜ਼ਾਰ ਲੋਕ ਉਹ ਹਨ, ਜਿਨ੍ਹਾਂ ਦੀ ਪਛਾਣ ਜਸਵੰਤ ਸਿੰਘ ਖਾਲੜਾ ਵੱਲੋਂ ਕੀਤੀ ਗਈ ਸੀ। ਸੰਸਥਾ ਵੱਲੋਂ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਸੁਪਰੀਮ ਕੋਰਟ ’ਚ ਅਰਜ਼ੀ ਦਾਇਰ ਕੀਤੀ ਜਾਵੇਗੀ। ਸੰਸਥਾ ਦੇ ਅਹੁਦੇਦਾਰ ਸਤਨਾਮ ਸਿੰਘ ਬੈਂਸ ਬੈਰਿਸਟਰ ਲੰਡਨ, ਬੰਬੇ ਹਾਈ ਕੋਰਟ ਦੇ ਸਾਬਕਾ ਜਸਟਿਸ ਸੁਰੇਸ਼ ਹੋਸਪੇਟ, ਐਡਵੋਕੇਟ ਜਗਜੀਤ ਸਿੰਘ ਬਟਾਲਾ, ਜਗਜੀਤ ਸਿੰਘ ਬਾਜਵਾ, ਬਲਜਿੰਦਰ ਸਿੰਘ, ਮਹਿੰਦਰ ਸਿੰਘ ਨੇ ਦੱਸਿਆ ਕਿ 87 ਹਜ਼ਾਰ ਦੇ ਕਰੀਬ ਚਸ਼ਮਦੀਦ ਗਵਾਹਾਂ, ਦਸਤਾਵੇਜ਼, ਅੰਕੜਿਆਂ ਦੀ ਰਿਪੋਰਟ, ਵੱਖ-ਵੱਖ ਜ਼ਿਲ੍ਹਿਆਂ ’ਚ ਪੀੜਤਾਂ ਨਾਲ ਗੱਲਬਾਤ ਕਰਨ ਅਤੇ ਨਗਰ ਕੌਂਸਲਾਂ ਤੋਂ ਇਕੱਠੇ ਕੀਤੇ ਰਿਕਾਰਡ ਤੋਂ ਇਹ ਤੱਥ ਪ੍ਰਾਪਤ ਕੀਤੇ ਗਏ ਹਨ ਕਿ 1980 ਤੋਂ 1995 ਦਰਮਿਆਨ ਹੋਏ ਕਤਲਾਂ ਅਤੇ ਝੂਠੇ ਮੁਕਾਬਲਿਆਂ ਵਿੱਚ 8257 ਬੰਦੇ ਲਾਪਤਾ ਹੋਏ ਸਨ। ਉਨ੍ਹਾਂ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸਿਰਫ 1527 ਮਾਮਲਿਆਂ ਵਿੱਚ ਹੀ ਪੀੜਤਾਂ ਨੂੰ ਨਾਂ-ਮਾਤਰ ਮੁਆਵਜ਼ਾ ਮਿਲਿਆ ਹੈ।
ਉਨ੍ਹਾਂ ਦੱਸਿਆ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਜਾਂਚ ਦਾ ਘੇਰਾ ਸਰਹੱਦੀ ਤਿੰਨ ਜ਼ਿਲ੍ਹਿਆਂ ਦੇ ਸਿਰਫ 2,067 ਕਤਲਾਂ ਤੱਕ ਹੀ ਸੀਮਤ ਰੱਖਿਆ ਸੀ ਜਦਕਿ ਅੰਮ੍ਰਿਤਸਰ ਸ਼ਮਸ਼ਾਨ ਘਾਟ ’ਚ 2,097 ਲੋਕਾਂ ਦੇ ਸਸਕਾਰ ਕਰਨ ਦਾ ਰਿਕਾਰਡ ਸੀ। ਸੰਸਥਾ ਦੇ ਆਗੂਆਂ ਨੇ ਕਿਹਾ ਕਿ ਭਾਵੇਂ ਉਨ੍ਹਾਂ ਨੇ ਸੂਬੇ ਦੇ 22 ਜ਼ਿਲ੍ਹਿਆਂ ਦੇ ਕਸਬਿਆਂ, ਸ਼ਹਿਰਾਂ ’ਚ ਪੀੜਤਾਂ ਨਾਲ ਰਾਬਤਾ ਕਾਇਮ ਕੀਤਾ ਪਰ ਗੁਰਦਾਸਪੁਰ ਜ਼ਿਲ੍ਹੇ ਦੇ 1700 ਪਿੰਡਾਂ ਦਾ ਦੌਰਾ ਕਰਨ ਮੌਕੇ ਪਤਾ ਲੱਗਾ ਕਿ ਇਹ ਜ਼ਿਲ੍ਹਾ ਸਭ ਤੋਂ ਵੱਧ ਪ੍ਰਭਾਵਿਤ ਰਿਹਾ ਹੈ।
ਮਨੁੱਖੀ ਅਧਿਕਾਰਾਂ ਦੀ ਸਭ ਤੋਂ ਪਹਿਲਾਂ ਅਵਾਜ਼ ਬੁਲੰਦ ਕਰਨ ਵਾਲੇ ਜਸਵੰਤ ਸਿੰਘ ਖਾਲੜਾ, ਜਿਸ ਨੂੰ ਪੁਲਿਸ ਨੇ ਘਰੋਂ ਚੁੱਕਿਆ ਤੇ ਤਸੀਹੇ ਦੇ ਕੇ ਮਾਰ ਦਿੱਤਾ ਸੀ, ਦੀ ਪਤਨੀ ਪਰਮਜੀਤ ਕੌਰ ਖਾਲੜਾ ਨੇ ਕਿਹਾ ਕਿ ਸਰਕਾਰ ਅਣਪਛਾਤੇ ਲੋਕਾਂ ਦੀ ਪਛਾਣ ਲਈ ਕੁਝ ਨਹੀਂ ਕਰ ਰਹੀ। ਉਹ ਪਿਛਲੇ 22 ਸਾਲ ਤੋਂ ਨਿਆਂ ਦੀ ਲੜਾਈ ਲੜ ਰਹੇ ਹਨ ਅਤੇ ਸਮੇਂ ਦੇ ਹੁਕਮਰਾਨਾਂ ਨੇ ਲਾਸ਼ਾਂ ’ਤੇ ਰਾਜ ਤਾਂ ਕੀਤਾ ਹੈ, ਪਰ ਪੀੜਤਾਂ ਦੇ ਹਿੱਤ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਬੇਵਕਤੀ ਮੌਤ ਦੇ ਮੂੰਹ ਵਿਚ ਜਾਣ ਵਾਲਿਆਂ ਵਿੱਚੋਂ 90% ਲੋਕ ਸਿੱਖ ਸਨ।
ਸਤਨਾਮ ਸਿੰਘ ਬੈਂਸ ਨੇ ਹੁਕਮਰਾਨਾਂ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਐਨ.ਆਰ.ਆਈ. ਦੀਆਂ ਜ਼ਮੀਨਾਂ ਦੇ ਮਾਮਲੇ ਨਜਿੱਠਣ ਲਈ ਤਾਂ ਐਨ.ਆਰ.ਆਈ. ਕੋਰਟ ਤੱਕ ਬਣਾ ਦਿੱਤੀ ਹੈ ਤੇ ਕੇਸਾਂ ਦਾ ਨਿਪਟਾਰਾ ਵੀ ਸਮਾਂਬੱਧ ਕਰ ਦਿੱਤਾ ਹੈ ਪਰ ਪਿਛਲੇ ਢਾਈ ਦਹਾਕਿਆਂ ਤੋਂ ਲਮਕ ਰਹੇ ਇਨ੍ਹਾਂ ਮਾਮਲਿਆਂ ਬਾਰੇ ਕੁਝ ਨਹੀਂ ਕੀਤਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਵਿਸ਼ਵ
ਪੰਜਾਬ
Advertisement