Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਤੇ ਵਾਰਿਸ-ਏ-ਪੰਜਾਬ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ।
Punjab News: ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਤੇ ਵਾਰਿਸ-ਏ-ਪੰਜਾਬ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਜਥੇਦਾਰ ਨੂੰ ਇੱਕ ਪੱਤਰ ਸੌਂਪ ਕੇ ਭਰੋਸਾ ਦਿਵਾਇਆ ਕਿ ਸਮੁੱਚਾ ਪੰਥ ਉਨ੍ਹਾਂ ਦੇ ਨਾਲ ਹੈ। ਇਸ ਲਈ ਉਹ ਬਿਨਾਂ ਕਿਸੇ ਦਬਾਅ ਦੇ ਸੁਖਬੀਰ ਸਿੰਘ ਬਾਦਲ ਬਾਰੇ ਫੈਸਲਾ ਲੈਣ।
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਤੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਅੱਜ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਕਿ ਸੁਖਬੀਰ ਬਾਦਲ ਤੇ ਅਕਾਲੀ ਦਲ ਦੇ ਮਾਮਲੇ ਵਿੱਚ ਗੁਰੂ ਪੰਥ ਦੇ ਨੁਮਾਇੰਦਿਆਂ ਦੀ ਮੀਟਿੰਗ ਹੋਣੀ ਚਾਹੀਦੀ ਹੈ। ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਤਾਲਮੇਲ ਕਮੇਟੀ ਬਣਾਈ ਜਾਵੇ ਤੇ ਪ੍ਰਕਾਸ਼ ਸਿੰਘ ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ।
ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ ਅੱਜ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਤੇ ਜਥੇਦਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਜਥੇਦਾਰ ਸਾਹਿਬਾਨ ਦੇ ਬੱਚਿਆਂ ਦੀ ਰੇਕੀ ਕੀਤੀ ਜਾ ਰਹੀ ਹੈ। ਉਹ ਇਸ ਮੁੱਦੇ ਨੂੰ ਲੈ ਕੇ ਜਥੇਦਾਰ ਜੀ ਨੂੰ ਮਿਲਣ ਆਏ ਹਨ। ਜਥੇਦਾਰ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਸਮੁੱਚਾ ਪੰਥ ਤੇ ਸਮੂਹ ਲੋਕ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਨੂੰ ਸੁਖਬੀਰ ਬਾਦਲ 'ਤੇ ਬਿਨਾਂ ਕਿਸੇ ਦਬਾਅ ਦੇ ਫੈਸਲਾ ਲੈਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪੰਥ ਦਾ ਸਭ ਤੋਂ ਵੱਧ ਨੁਕਸਾਨ ਉਸ ਸਮੇਂ ਹੋਇਆ ਜਦੋਂ ਅਕਾਲੀ ਦਲ ਤੇ ਭਾਜਪਾ ਇਕੱਠੇ ਸਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਜਥੇਦਾਰ ਸਾਹਿਬ 'ਤੇ ਦਬਾਅ ਪਾਉਣਾ ਚਾਹੁੰਦਾ ਹੈ ਤਾਂ ਅਜਿਹਾ ਨਾ ਕਰੇ। ਉਨ੍ਹਾਂ ਨੂੰ ਡਰਾਇਆ ਨਹੀਂ ਜਾਣਾ ਚਾਹੀਦਾ ਕਿਉਂਕਿ ਸਮੁੱਚਾ ਸਿੱਖ ਪੰਥ ਉਨ੍ਹਾਂ ਦੇ ਨਾਲ ਹੈ ਤੇ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹਾ ਰਹੇਗਾ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਸੁਖਬੀਰ ਖਿਲਾਫ ਜਲਦ ਹੀ ਫੈਸਲਾ ਲਿਆ ਜਾਵੇਗਾ। ਉਨ੍ਹਾਂ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਕਿਸੇ ਦੇ ਪ੍ਰਭਾਵ ਹੇਠ ਫੈਸਲਾ ਨਾ ਲਿਆ ਜਾਵੇ ਤੇ ਸੁਖਬੀਰ ਬਾਦਲ ਸਜ਼ਾ ਮਿਲਣੀ ਚਾਹੀਦੀ ਹੈ।