ਕਿਸਾਨ ਅੰਦੋਲਨ 'ਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਕੱਲ੍ਹ ਦਿੱਤੀ ਜਾਵੇਗੀ 3-3 ਲੱਖ ਰੁਪਏ ਦੀ ਆਰਥਿਕ ਮਦਦ
ਕਿਸਾਨ ਅੰਦੋਲਨ 'ਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਦਿੱਤੀ ਜਾਏਗੀ।
ਚੰਡੀਗੜ੍ਹ: ਕਿਸਾਨ ਅੰਦੋਲਨ 'ਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਦਿੱਤੀ ਜਾਏਗੀ।ਸੂਤਰਾਂ ਮੁਤਾਬਿਕ ਮਿਉਂਸੀਪਲ ਭਵਨ, ਸੈਕਟ 35 ਚੰਡੀਗੜ੍ਹ ਵਿੱਚ ਕੱਲ੍ਹ 22-05-2022 ਨੂੰ ਸ਼ਹੀਦ ਕਿਸਾਨਾਂ ਦੇ ਲਈ ਪ੍ਰੋਗਰਾਮ ਰੱਖਿਆ ਗਿਆ ਹੈ।ਇਸ ਵਿਸ਼ੇਸ਼ ਪ੍ਰੋਗਰਾਮ ਵਿੱਚ ਤਿੰਨ ਸੂਬਿਆਂ ਤੇਲਾਨਗਨਾ,ਦਿੱਲੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਪਹੁੰਚਣਗੇ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ।
ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ 3-3 ਲੱਖ ਰੁਪਏ ਦਿੱਤੇ ਜਾਣਗੇ।ਪੰਜਾਬ,ਹਰਿਆਣਾ ਅਤੇ ਦਿੱਲੀ ਦੇ 700 ਕਿਸਾਨਾਂ ਦੇ ਪਰਿਵਾਰਾਂ ਨੂੰ ਇਹ ਮਦਦ ਦਿੱਤੀ ਜਾਵੇਗੀ।378 ਦਿਨ ਚੱਲੇ ਇਸ ਅੰਦੋਲਨ ਦੌਰਾਨ 700 ਦੇ ਕਰੀਬ ਕਿਸਾਨਾਂ ਦੀ ਜਾਨ ਗਈ ਸੀ।ਲੰਬੇ ਚੱਲੇ ਸੰਘਰਸ਼ ਮਗਰੋਂ ਕੇਂਦਰ ਦੀ ਮੋਦੀ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਤੋਂ ਬਾਅਦ ਦੂਜੀਆਂ ਮੰਗਾਂ ਮੰਨਣ ਲਈ ਵੀ ਸਹਿਮਤੀ ਦੇ ਦਿੱਤੀ ਸੀ।ਜਿਸ ਤੋਂ ਬਾਅਦ ਕਿਸਾਨਾਂ ਨੇ 9 ਦਸੰਬਰ 2021 ਨੂੰ ਘਰ ਵਾਪਸੀ ਦਾ ਐਲਾਨ ਕੀਤਾ ਸੀ ਅਤੇ 11 ਦਸੰਬਰ ਨੂੰ ਦਿੱਲੀ ਦੇ ਸਾਰੇ ਬਾਰਡਰਾਂ ਤੋਂ ਆਪਣੇ ਘਰਾਂ ਨੂੰ ਵਾਪਸ ਪਰਤਣੇ ਸ਼ੁਰੂ ਹੋ ਗਏ ਸੀ।
ਭਾਰਤ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸਤੰਬਰ 2020 ਵਿੱਚ ਤਿੰਨ ਖੇਤੀ ਕਾਨੂੰਨ ਪਾਸ ਕੀਤੇ ਸੀ, ਜਿਸ ਖ਼ਿਲਾਫ਼ ਪੰਜਾਬ ਤੋਂ ਸ਼ੁਰੂ ਹੋਇਆ ਅੰਦੋਲਨ ਦੇਸ਼ ਭਰ 'ਚ ਫੈਲ ਗਿਆ ਸੀ। ਦੇਸ਼ ਭਰ ਦੀਆਂ 500 ਦੇ ਕਰੀਬ ਕਿਸਾਨ ਜਥੇਬੰਦੀਆ ਨੇ ਸਾਂਝੇ ਮੰਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ 26 ਨਵੰਬਰ 2020 ਨੂੰ ਦਿੱਲੀ ਵੱਲ ਕੂਚ ਕੀਤਾ ਸੀ।ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਹਰਿਆਣੇ ਵਿੱਚ ਜ਼ਬਰਦਸਤ ਪੁਲਿਸ ਬੈਰੀਕੇਡਸ ਅਤੇ ਹੰਝੂ ਗੈਸ ਦੇ ਗੋਲੇ ਤੇ ਪਾਣੀ ਦੀਆਂ ਬੁਛਾੜਾਂ ਦਾ ਵੀ ਸਾਹਮਣਾ ਕਰਨਾ ਪਿਆ ਸੀ।
ਖੇਤੀ ਕਾਨੂੰਨਾਂ ਦੇ ਸੰਸਦ ਵਿੱਚ ਰੱਦ ਹੋਣ ਤੋਂ ਬਾਅਦ ਵੱਡੀ ਗਿਣਤੀ ਕਿਸਾਨ ਜਥੇਬੰਦੀਆਂ ਅੰਦੋਲਨ ਵਾਪਸ ਲੈਣ ਦੇ ਪੱਖ ਵਿਚ ਸੀ। ਦਿੱਲੀ 'ਚ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਕਰਨ ਵਾਲੀਆਂ 40 ਕਿਸਾਨ ਜਥੇਬੰਦੀਆਂ ਵਿੱਚੋਂ 25, ਪੰਜਾਬ ਨਾਲ ਸਬੰਧਤ ਸੀ, ਜੋ ਅੰਦੋਲਨ ਵਾਪਸ ਲੈਣ ਦੇ ਹੱਕ ਵਿੱਚ ਸੀ।
ਉਨ੍ਹਾਂ ਦੀ ਦਲੀਲ ਸੀ ਕਿ ਕਾਨੂੰਨ ਰੱਦ ਹੋ ਚੁੱਕੇ ਹਨ, ਸਰਕਾਰ ਨੇ ਐੱਮਐੱਸਪੀ ਉੱਤੇ ਕਮੇਟੀ ਬਣਾਉਣ ਦਾ ਐਲਾਨ ਕਰ ਦਿੱਤਾ ਸੀ ਅਤੇ ਪੰਜਾਬ ਸਰਕਾਰ ਨੇ ਸਾਰੇ ਕੇਸ ਵਾਪਸ ਲੈ ਲਏ ਹਨ ਅਤੇ ਮ੍ਰਿਤਕਾਂ ਨੂੰ ਮੁਆਵਜ਼ਾ ਵੀ ਦਿੱਤਾ ਜਾ ਰਿਹਾ ਹੈ। ਇਸ ਲਈ ਉਨ੍ਹਾਂ ਦੀਆਂ ਅਹਿਮ ਮੰਗਾਂ ਮੰਨੀਆ ਜਾ ਚੁੱਕੀਆਂ ਹਨ।