ਚੰਡੀਗੜ੍ਹ :  ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਅਤੇ ਪੰਜਾਬ ਸੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਗਾਇਕੀ ਦੇ ਖੇਤਰ ਵਿੱਚ ਅੰਤਰਾਰਸ਼ਟਰੀ ਪੱਧਰ `ਤੇ ਨਾਮਣਾ ਖੱਟਣ ਵਾਲੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀਆਂ ਮਾਰ ਕੇ ਕੀਤੀ ਗਈ ਹਤਿਆ ਦੀ ਸਖਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਬੇਵਕਤ ਅਕਾਲ ਚਲਾਣਾ ਨਾਲ ਜਿੱਥੇ ਉਨ੍ਹਾਂ ਦੇ ਪਰਿਵਾਰ ਅਤੇ ਉਨ੍ਹਾਂ ਨੂੰ ਸੁਣਨ ਵਾਲੇ ਨੌਜਵਾਨ ਵਰਗ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ,ਉਥੇ ਹੀ ਪੰਜਾਬੀ ਸੰਗੀਤ ਜਗਤ ਵਿੱਚ ਵੀ ਬਹੁਤ ਵੱਡਾ ਖਲਾਅ ਪੈਦਾ ਹੋ ਗਿਆ ਹੈ।



ਸ: ਸੁਖਦੇਵ ਸਿੰਘ ਢੀਂਡਸਾ ਅਤੇ ਸ: ਪਰਮਿੰਦਰ ਸਿੰਘ ਢੀਂਡਸਾ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਤੁਰੰਤ ਕਾਬੂ ਕਰਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਦੋਵੇਂ ਆਗੂਆਂ ਨੇ ਪੰਜਾਬ ਦੀ ਲਗਾਤਾਰ ਵਿਗੜ ਰਹੀ ਅਮਨ ਕਾਨੂੰਨ ਵਿਵਸਥਾ `ਤੇ ਵੀ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਲੋੜਵੰਦ ਲੋਕਾਂ ਨੂੰ ਪੂਰੀ ਸੁਰੱਖਿਆ ਪ੍ਰਦਾਨ ਕਰਨ ਦੀ ਵੀ ਅਪੀਲ ਕੀਤੀ ਹੈ।



ਇਥੇ ਜਾਰੀ ਇੱਕ ਸਾਂਝੇ ਬਿਆਨ ਵਿੱਚ ਉਪਰੋਕਤ ਦੋਵੇਂ ਸੀਨੀਅਰ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਆਏ ਦਿਨ ਵਾਪਰ ਰਹੀਆਂ ਗੈਂਗਵਾਰ ਅਤੇ ਹੋਰਨਾਂ ਅਪਰਾਧਕ ਵਾਰਦਾਤਾਂ ਨੂੰ ਵੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਭ ਤੋਂ ਪਹਿਲਾਂ ਪੰਜਾਬ ਦੀ ਅਮਨ ਕਾਨੂੰਨ ਵਿਵਸਥਾ ਵੱਲ ਧਿਆਨ ਦੇਣਾ ਚਾਹੀਦਾ ਹੈ। ਸ: ਸੁਖਦੇਵ ਸਿੰਘ ਢੀਂਡਸਾ ਨੇ ਮੁੱਖ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਲੋੜਵੰਦ ਲੋਕਾਂ ਦੀ ਸੁਰੱਖਿਆ ਵਿੱਚ ਕਟੌਤੀ ਕਰਨ ਦੀ ਬਜਾਏ ਸੁਰੱਖਿਆ ਪ੍ਰਬੰਧ ਹੋਰ ਮਜਬੂਤ ਕਰਨ ਤਾਂ ਜੋ ਇਨ੍ਹਾਂ ਅਪਰਾਧਕ ਵਾਰਦਾਤਾਂ ਵਿੱਚ ਸਿ਼ਕਾਰ ਬਣ ਰਹੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ।