Faridkot Accident : ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ-ਮੋਗਾ ਰੋਡ 'ਤੇ ਸ਼ਨੀਵਾਰ ਅੱਧੀ ਰਾਤ ਨੂੰ ਕੈਂਟਰ ਅਤੇ ਕਾਰ ਵਿਚਾਲੇ ਹੋਈ ਆਹਮੋ-ਸਾਹਮਣੇ ਦੀ ਭਿਆਨਕ ਟੱਕਰ ਵਿੱਚ ਕਾਰ ਸਵਾਰ ਇੱਕ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ 3 ਹੋਰ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਪਹਿਲਾਂ ਸਿਵਲ ਹਸਪਤਾਲ ਕੋਟਕਪੂਰਾ ਲਿਜਾਇਆ ਗਿਆ, ਜਿੱਥੋਂ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਬਠਿੰਡਾ ਦੇ ਏਮਜ਼ ਹਸਪਤਾਲ ਰੈਫਰ ਕਰ ਦਿੱਤਾ ਗਿਆ।

Continues below advertisement

ਮ੍ਰਿਤਕ ਦੀ ਪਛਾਣ ਗਿੱਦੜਬਾਹਾ ਨਿਵਾਸੀ ਤੇਜਪਾਲ ਛਾਬੜਾ (47) ਵਜੋਂ ਹੋਈ ਹੈ। ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਕੋਟਕਪੂਰਾ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਤੇਜਪਾਲ ਛਾਬੜਾ ਆਪਣੀ ਭੈਣ ਅਤੇ ਹੋਰ ਰਿਸ਼ਤੇਦਾਰਾਂ ਨੂੰ ਮਿਲਣ ਲਈ ਕੋਟਕਪੂਰਾ ਆਏ ਹੋਏ ਸਨ। 

Continues below advertisement

ਦੇਰ ਰਾਤ ਉਹ ਆਪਣੇ ਰਿਸ਼ਤੇਦਾਰ ਸੁਖਦਰਸ਼ਨ ਕੁਮਾਰ, ਅਸ਼ੋਕ ਕੁਮਾਰ ਅਤੇ ਜਸਵਿੰਦਰ ਪਾਲ ਨਾਲ ਮੋਗਾ ਰੋਡ ਸਥਿਤ ਇੱਕ ਢਾਬੇ 'ਤੇ ਖਾਣਾ ਖਾਣ ਤੋਂ ਬਾਅਦ ਕਾਰ ਰਾਹੀਂ ਵਾਪਸ ਪਰਤ ਰਹੇ ਸਨ।ਰਾਤ ਕਰੀਬ ਇੱਕ ਵਜੇ ਸਾਹਮਣੇ ਤੋਂ ਆ ਰਹੇ ਇੱਕ ਕੈਂਟਰ ਨਾਲ ਉਨ੍ਹਾਂ ਦੀ ਕਾਰ ਦੀ ਜ਼ੋਰਦਾਰ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਤੇਜਪਾਲ ਛਾਬੜਾ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਮ੍ਰਿਤਕ ਦੇ ਜੀਜਾ ਸੁਭਾਸ਼ ਚੰਦਰ ਨੇ ਦੱਸਿਆ ਕਿ ਹਾਦਸੇ ਤੋਂ ਤੁਰੰਤ ਬਾਅਦ ਆਲੇ-ਦੁਆਲੇ ਦੇ ਲੋਕ ਮੌਕੇ 'ਤੇ ਪਹੁੰਚੇ ਅਤੇ ਜ਼ਖ਼ਮੀਆਂ ਨੂੰ ਬਾਹਰ ਕੱਢ ਕੇ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ। ਉਨ੍ਹਾਂ ਇਹ ਵੀ ਦੱਸਿਆ ਕਿ ਤੇਜਪਾਲ ਛਾਬੜਾ ਦੀ ਪਤਨੀ ਦੀ ਕੋਰੋਨਾ ਮਹਾਮਾਰੀ ਦੌਰਾਨ ਮੌਤ ਹੋ ਗਈ ਸੀ।

ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਹੋਵੇਗੀ ਅਗਲੀ ਕਾਰਵਾਈ

ਥਾਣਾ ਸਿਟੀ ਕੋਟਕਪੂਰਾ ਦੇ ਐਸਐਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਸੀ। ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਰੀਦਕੋਟ ਮੈਡੀਕਲ ਕਾਲਜ ਹਸਪਤਾਲ ਭੇਜਿਆ ਗਿਆ ਹੈ। ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।