ਚੰਡੀਗੜ੍ਹ: ਪੰਚਾਇਤ ਚੋਣਾਂ ਦੇ ਚੱਲਦਿਆਂ ਪੰਜਾਬ ਦਾ ਮਾਹੌਲ ਭਖ਼ਿਆ ਹੋਇਆ ਹੈ। ਕਾਂਗਰਸੀ ਵਿਧਾਇਕ ਦੀ ਧੱਕੇਸ਼ਾਹੀ ਅਤੇ ਗ਼ੈਰ ਕਾਂਗਰਸੀ ਉਮੀਦਵਾਰਾਂ ਦੇ ਕਾਗਜ਼ ਰੱਦ ਕਰਨ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਰਿਹਾਇਸ਼ ਦੇ ਬਾਹਰ ਨੈਸ਼ਨਲ ਹਾਈਵੇ 54 ’ਤੇ ਧਰਨਾ ਲਾ ਦਿੱਤਾ। ਇਸ ਦੇ ਤਹਿਤ ਤਿੰਨ ਘੰਟਿਆਂ ਤਕ ਫ਼ਰੀਦਕੋਟ-ਬਠਿੰਡਾ ਕੌਮੀ ਮਾਰਗ ਜਾਮ ਕੀਤਾ ਗਿਆ। ਜ਼ਿਕਰਯੋਗ ਹੈ ਕਿ ਫ਼ਰੀਦਕੋਟ ਬਲਾਕ ਅਧੀਨ ਪੈਂਦੇ ਪਿੰਡਾਂ ਦੀਆਂ ਪੰਚਾਇਤੀ ਚੋਣਾਂ 'ਚ ਉੱਤਰੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਵਿੱਚ ਅਕਾਲੀ ਅਤੇ ਗ਼ੈਰ ਕਾਂਗਰਸੀ ਉਮੀਦਵਾਰਾਂ ਦੀਆਂ ਨਾਮਜ਼ਦਗੀ ਕਾਗਜ਼ ਰੱਦ ਹੋਏ ਹਨ।

ਮਾਲਵਾ ਜ਼ੋਨ 1 ਦੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ ਵਿੱਚ ਦਿੱਤੇ ਧਰਨੇ ਦੌਰਾਨ ਕਾਂਗਰਸੀ ਹਲਕਾ ਵਿਧਾਇਕ ਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਦੇ ਨਾਲ ਹੀ ਅਕਾਲੀਆਂ ਨੇ ਕਾਂਗਰਸੀ ਵਿਧਾਇਕ ਦੀ ਸ਼ਹਿ ’ਤੇ ਧਾਂਦਲੀਆਂ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਨੂੰ ਵੀ ਚੇਤਾਵਨੀ ਦਿੱਤੀ। ਇਸ ਦੌਰਾਨ ਰੋਮਾਣਾ ਕਿਹਾ ਕਿ ਉਹ ਕਾਂਗਰਸੀ ਧੱਕੇਸ਼ੀਹੀ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਪਹੁੰਚ ਕਰਨਗੇ।

ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਇਸ ਵਾਰ ਪੰਚਾਇਤੀ ਚੋਣਾਂ ਵਿੱਚ ਆਪਣੀ ਹਾਰ ਨੂੰ ਵੇਖਦਿਆਂ ਕਾਂਗਰਸੀ ਹਲਕਾ ਵਿਧਾਇਕ ਨੇ ਕਥਿਤ ਸਰਕਾਰੀ ਅਧਿਕਾਰੀਆਂ ਨਾਲ ਮਿਲ ਕੇ ਗ਼ੈਰ-ਕਾਂਗਰਸੀ ਉਮੀਦਵਾਰਾਂ ਦੇ ਕਾਗਜ਼ ਰੱਦ ਕੀਤੇ। ਇਸ ਸਭ ਦੇ ਖ਼ਿਲਾਫ਼ ਅੱਜ ਉਨ੍ਹਾਂ ਮੁੱਖ ਚੋਣ ਕਮਿਸ਼ਨਰ ਪੰਜਾਬ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੂੰ ਏਡੀਸੀ ਵਿਕਾਸ ਫਰੀਦਕੋਟ ਰਾਹੀਂ ਮੰਗ ਪੱਤਰ ਭੇਜਿਆ ਹੈ। ਏਡੀਸੀ ਨੇ ਉਨ੍ਹਾਂ ਨੂੰ ਮਾਮਲੇ ਦੀ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਏਗੀ।