ਪਾਰਟੀ ਵੱਲੋਂ ਜਾਰੀ ਸੰਯੁਕਤ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ,
ਬਾਦਲ ਪਰਿਵਾਰ ਅਜਿਹੇ ਹੱਥ ਕੰਡੇ ਵਰਤ ਕੇ ਸੂਬੇ 'ਚ ਆਪਣੀ ਗੁਆਚ ਚੁੱਕੀ ਸਿਆਸੀ ਜ਼ਮੀਨ ਨੂੰ ਲੱਭ ਰਿਹਾ ਹੈ। ਇਸ ਵਿੱਚ ਇਹ ਕਦੇ ਵੀ ਕਾਮਯਾਬ ਨਹੀਂ ਹੋ ਸਕਦੇ, ਕਿਉਂਕਿ ਪੰਜਾਬ ਦੇ ਕਿਸਾਨਾਂ ਸਮੇਤ ਹਰ ਵਰਗ ਦੇ ਲੋਕ ਬਾਦਲ ਪਰਿਵਾਰ ਦੀਆਂ ਸਾਰੀਆਂ ਘਟੀਆਂ ਚਾਲਾਂ ਨੂੰ ਭਲੀਭਾਂਤ ਜਾਣੂ ਚੁੱਕੇ ਹਨ। ਬਾਦਲ ਪਰਿਵਾਰ ਨੇ ਹਮੇਸ਼ਾ ਸੂਬੇ ਦੇ ਕਿਸਾਨਾਂ, ਦਲਿਤਾਂ ਤੇ ਵਪਾਰੀਆਂ ਦੇ ਹਿੱਤਾਂ ਨੂੰ ਛਿੱਕੇ ਟੰਗ ਕੇ ਆਪਣੇ ਨਿੱਜੀ ਹਿੱਤਾਂ ਨੂੰ ਤਰਜੀਹ ਦਿੱਤੀ ਹੈ।-
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ
ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੇ ਕਿਸਾਨਾਂ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਦੇ ਮਕਸਦ ਨਾਲ ਰੈਲੀਆਂ ਕੀਤੀਆਂ, ਸ਼ੰਭੂ ਬਾਰਡਰ 'ਤੇ ਨਾਅਰੇ ਲਵਾ ਕੇ ਡਰਾਮੇਬਾਜ਼ੀ ਕੀਤੀ, ਪਰ ਅਫ਼ਸੋਸ ਅਜਿਹੀਆਂ ਡਰਾਮੇਬਾਜ਼ੀਆਂ ਕਰਨ ਦੇ ਬਾਵਜੂਦ ਜਦੋਂ ਪੰਜਾਬ ਦੇ ਕਿਸਾਨਾਂ ਦਾ ਸੰਘਰਸ਼ ਇੱਕਜੁੱਟ ਜਾਰੀ ਹੈ ਤਾਂ ਹੁਣ ਸੁਖਬੀਰ ਤੇ ਕੈਪਟਨ ਇੱਕ ਦੂਸਰੇ ਦੇ ਖ਼ਿਲਾਫ਼ ਬਿਆਨਬਾਜ਼ੀ ਕਰਨ 'ਤੇ ਉੱਤਰ ਆਏ ਹਨ।-
ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਮੋਦੀ ਸਰਕਾਰ ਇਨ੍ਹਾਂ ਤਿੰਨ ਆਰਡੀਨੈਂਸਾਂ ਰਾਹੀਂ ਵੱਡੀਆਂ ਪ੍ਰਾਈਵੇਟ ਕੰਪਨੀਆਂ ਤੇ ਅੰਬਾਨੀਆਂ-ਅਡਾਨੀਆਂ ਦਾ ਪੰਜਾਬ-ਹਰਿਆਣਾ ਦੇ ਖੇਤਾਂ ਤੇ ਮੰਡੀਆਂ 'ਤੇ ਕਬਜ਼ਾ ਕਰਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਦ ਕਾਰਪੋਰੇਟ ਘਰਾਨਿਆਂ ਦੀ ਪੰਜਾਬ 'ਚ 'ਐਂਟਰੀ' ਹੋ ਗਈ ਤਾਂ ਮੱਕੀ, ਗੰਨੇ ਤੇ ਦਾਲਾਂ ਵਾਂਗ ਕਣਕ ਅਤੇ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਨਿਰਾਰਥਕ ਹੋ ਜਾਵੇਗਾ ਤੇ ਪੰਜਾਬ ਦੇ ਕਿਸਾਨ ਕੌਡੀਆਂ ਦੇ ਮੁੱਲ ਫ਼ਸਲਾਂ ਵੇਚਣ ਤੇ ਭੁਗਤਾਨ ਲਈ ਮਹੀਨੇ ਸਾਲ ਠੋਕਰਾਂ ਖਾਣ ਲਈ ਮਜਬੂਰ ਹੋਣਗੇ।