Punjab News : ਪੰਜਾਬ (Punjab) ਦੀਆਂ ਪੰਜ ਕਿਸਾਨ ਜਥੇਬੰਦੀਆਂ (Five farmer organizations) ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 18 ਜਨਵਰੀ ਨੂੰ ਚੰਡੀਗੜ੍ਹ (Chandigarh) ਵਿੱਚ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਚੰਡੀਗੜ੍ਹ 'ਚ ਕਿਸ ਥਾਂ 'ਤੇ ਅੰਦੋਲਨ ਕੀਤਾ ਜਾਵੇਗਾ, ਇਸ ਦਾ ਫੈਸਲਾ 8 ਜਨਵਰੀ ਨੂੰ ਲਿਆ ਜਾਵੇਗਾ। ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ (BKU) ਦੇ ਬਲਬੀਰ ਸਿੰਘ ਰਾਜੇਵਾਲ (Balbir Singh Rajewal) , ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਪ੍ਰੇਮ ਸਿੰਘ, ਕਿਸਾਨ ਸੰਘਰਸ਼ ਕਮੇਟੀ ਦੇ ਕਮਲਪ੍ਰੀਤ ਸਿੰਘ ਪੰਨੂ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਹਰਜਿੰਦਰ ਸਿੰਘ ਟਾਂਡਾ ਅਤੇ ਬੀਕੇਯੂ ਮਾਨਸਾ ਦੇ ਭੋਗ ਸਿੰਘ ਨੇ ਸ਼ਮੂਲੀਅਤ ਕੀਤੀ। ਸ਼ਨਿੱਚਰਵਾਰ ਨੂੰ ਸੈਕਟਰ 35 ਸਥਿਤ ਕਿਸਾਨ ਭਵਨ ਵਿੱਚ ਪੰਜ ਕਿਸਾਨ ਜਥੇਬੰਦੀਆਂ ਨੇ ਆਗਾਮੀ ਅੰਦੋਲਨ ਦੀ ਰੂਪ-ਰੇਖਾ ਉਲੀਕਣ ਲਈ ਮੀਟਿੰਗ ਕੀਤੀ।
ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਵਿੱਚ ਰਾਜੇਵਾਲ ਨੇ ਦੱਸਿਆ ਕਿ 18 ਜਨਵਰੀ ਨੂੰ ਕਿਸਾਨ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ, ਗੰਨੇ ਦੀ ਘੱਟ ਕੀਮਤ, ਐਸਵਾਈਐਲ, ਚੰਡੀਗੜ੍ਹ ਪੰਜਾਬ ਨੂੰ ਦੇਣ ਆਦਿ ਮੁੱਦਿਆਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਵਾਰ ਕਿਸਾਨ ਅੰਦੋਲਨ ਮੁਹਾਲੀ ਤੋਂ ਸ਼ੁਰੂ ਹੋ ਕੇ ਚੰਡੀਗੜ੍ਹ ਨਹੀਂ ਪਹੁੰਚੇਗਾ, ਸਗੋਂ ਚੰਡੀਗੜ੍ਹ ਦੇ ਅੰਦਰ ਹੀ ਸ਼ੁਰੂ ਕੀਤਾ ਜਾਵੇਗਾ।
ਉਨ੍ਹਾਂ ਕਿਹਾ, ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਸੂਬੇ ਦੇ ਕਿਸਾਨ ਰਾਜਧਾਨੀ ਵਿੱਚ ਆਪਣੀਆਂ ਮੰਗਾਂ ਲਈ ਆਵਾਜ਼ ਉਠਾ ਸਕਦੇ ਹਨ। ਰਾਜੇਵਾਲ ਨੇ ਚੇਤਾਵਨੀ ਵੀ ਦਿੱਤੀ ਕਿ ਜੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਪੁਲਿਸ ਨੇ ਅੰਦੋਲਨ ਦੀ ਇਜਾਜ਼ਤ ਨਾ ਦਿੱਤੀ ਤਾਂ ਇਹ ਕਿਸਾਨਾਂ ਦੇ ਹੱਕਾਂ ਦੀ ਉਲੰਘਣਾ ਹੋਵੇਗੀ, ਜਿਸ ਨੂੰ ਚੁਣੌਤੀ ਦਿੱਤੀ ਜਾਵੇਗੀ।
8 ਜਨਵਰੀ ਨੂੰ ਚੰਡੀਗੜ੍ਹ ਪ੍ਰਸ਼ਾਸਨ ਨਾਲ ਕਰਨਗੇ ਮੀਟਿੰਗ
ਰਾਜੇਵਾਲ ਨੇ ਕਿਹਾ, 18 ਜਨਵਰੀ ਨੂੰ ਚੰਡੀਗੜ੍ਹ ਵਿਖੇ ਅੰਦੋਲਨ ਕਿੱਥੇ ਕੀਤਾ ਜਾਵੇਗਾ, ਇਸ ਸਬੰਧੀ ਫੈਸਲਾ 8 ਜਨਵਰੀ ਨੂੰ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਬਾਰੇ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਵੀ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 18 ਜਨਵਰੀ ਦੇ ਅੰਦੋਲਨ ਸਬੰਧੀ ਪੰਜਾਬ ਭਰ ਦੇ ਪਿੰਡਾਂ ਵਿੱਚ ਇੱਕ ਲੱਖ ਪੋਸਟਰ ਵੰਡੇ ਜਾਣਗੇ ਅਤੇ ਕਿਸਾਨਾਂ ਨੂੰ ਚੰਡੀਗੜ੍ਹ ਪਹੁੰਚਣ ਦਾ ਸੱਦਾ ਦਿੱਤਾ ਜਾਵੇਗਾ।
ਕਿਸਾਨਾਂ ਦੀਆਂ ਮੰਗਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ, ਜਿਸ ਕਾਰਨ ਸੂਬਾ ਅਤੇ ਕੇਂਦਰ ਸਰਕਾਰਾਂ ਵੱਲੋਂ ਕੋਈ ਕਦਮ ਨਹੀਂ ਚੁੱਕੇ ਜਾ ਰਹੇ। ਇਸ ਲਈ ਸਿਰਫ਼ ਕਿਸਾਨਾਂ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਐਲਾਨੇ ਗੰਨੇ ਦੇ ਭਾਅ ਨੂੰ ਨਾਕਾਫ਼ੀ ਦੱਸਦਿਆਂ ਉਹਨਾਂ ਕਿਹਾ ਕਿ ਗੰਨੇ ਦੀ ਫ਼ਸਲ ਦੀ ਲਾਗਤ ਸਭ ਤੋਂ ਵੱਧ ਹੈ ਅਤੇ ਕਿਸਾਨ ਇਸ ਭਾਅ ਤੋਂ ਖ਼ੁਸ਼ ਨਹੀਂ ਹਨ।