Kisan Andolan: ਹਰਿਆਣਾ ਪੁਲਿਸ ਵੱਲੋਂ ਨੌਜਵਾਨ ਕਿਸਾਨ ਪ੍ਰੀਤਪਾਲ ਸਿੰਘ ਨੂੰ ਖਨੌਰੀ ਸਰਹੱਦ ਤੋਂ ਗੈਰ-ਕਾਨੂੰਨੀ ਢੰਗ ਨਾਲ ਗ੍ਰਿਫ਼ਤਾਰ ਕਰਨ, ਉਸ ਨੂੰ ਮਿੱਥੇ ਸਮੇਂ ਅੰਦਰ ਮੈਜਿਸਟਰੇਟ ਦੇ ਸਾਹਮਣੇ ਪੇਸ਼ ਨਾ ਕਰਨ ਅਤੇ ਸਹੀ ਇਲਾਜ ਨਾ ਕਰਵਾਉਣ ਦੇ ਦੋਸ਼ ਹੇਠ ਦਾਇਰ ਪਟੀਸ਼ਨ ਦਾ ਜਵਾਬ ਦਾਖ਼ਲ ਕਰਦਿਆਂ ਹਰਿਆਣਾ ਸਰਕਾਰ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।


ਖੱਟਰ ਸਰਕਾਰ ਨੇ ਕਿਹਾ ਕਿ ਪ੍ਰੀਤਪਾਲ ਨੂੰ ਨਾ ਤਾਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਨਾ ਹੀ ਉਸ ਖ਼ਿਲਾਫ਼ ਕੋਈ ਐਫਆਈਆਰ ਦਰਜ ਕੀਤੀ ਗਈ ਹੈ। ਉਹ ਜੀਂਦ ਦੇ ਦਾਤਾ ਸਿੰਘ ਵਾਲਾ ਸਰਹੱਦ 'ਤੇ ਜ਼ਖਮੀ ਹਾਲਤ 'ਚ ਮਿਲਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ।



ਪਟੀਸ਼ਨ ਦਾਇਰ ਕਰਦੇ ਹੋਏ ਪ੍ਰੀਤਪਾਲ ਸਿੰਘ ਦੇ ਪਿਤਾ ਦਵਿੰਦਰ ਸਿੰਘ ਵਾਸੀ ਸੰਗਰੂਰ ਨੇ ਹਾਈ ਕੋਰਟ ਨੂੰ ਦੱਸਿਆ ਸੀ ਕਿ ਉਸ ਦਾ ਪੁੱਤਰ ਕਿਸਾਨਾਂ ਨਾਲ ਸ਼ਾਂਤਮਈ ਢੰਗ ਨਾਲ ਧਰਨੇ ਵਿੱਚ ਹਿੱਸਾ ਲੈ ਰਿਹਾ ਸੀ। ਹਰਿਆਣਾ ਪੁਲਿਸ ਨੇ 21 ਫਰਵਰੀ ਨੂੰ ਦੁਪਹਿਰ 2 ਵਜੇ ਖਨੌਰੀ ਸਰਹੱਦ ਤੋਂ ਪੰਜਾਬ ਦੇ ਖੇਤਰ ਵਿੱਚ ਦਾਖਲ ਹੋ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਸੀ। ਜ਼ਖਮੀ ਹੋਣ ਤੋਂ ਬਾਅਦ ਉਸ ਨੂੰ ਪੁਲਸ ਨੇ ਗੈਰ-ਕਾਨੂੰਨੀ ਤੌਰ 'ਤੇ ਹਿਰਾਸਤ 'ਚ ਲੈ ਲਿਆ ਅਤੇ ਰੋਹਤਕ ਪੀ.ਜੀ.ਆਈ. ਰੈਫਰ ਕਰ ਦਿੱਤਾ। 



ਪਟੀਸ਼ਨਕਰਤਾ ਦੇ ਪੁੱਤਰ ਦੀ ਗ੍ਰਿਫਤਾਰੀ ਦੇ 48 ਘੰਟੇ ਬਾਅਦ ਵੀ ਉਸ ਨੂੰ ਨਿਰਧਾਰਤ ਵਿਵਸਥਾ ਅਨੁਸਾਰ ਕਿਸੇ ਵੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਨਹੀਂ ਕੀਤਾ ਗਿਆ। ਪਟੀਸ਼ਨਰ ਨੇ ਬੇਟੇ ਨੂੰ ਪੀਜੀਆਈ ਚੰਡੀਗੜ੍ਹ ਜਾਂ ਰਾਜਿੰਦਰਾ ਹਸਪਤਾਲ ਪਟਿਆਲਾ ਵਿੱਚ ਤਬਦੀਲ ਕਰਨ ਲਈ ਹਦਾਇਤਾਂ ਜਾਰੀ ਕਰਨ ਦੀ ਅਪੀਲ ਕੀਤੀ ਸੀ। ਹਾਈ ਕੋਰਟ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ 23 ਫਰਵਰੀ ਨੂੰ ਇਸ ਮਾਮਲੇ ਵਿੱਚ ਵਾਰੰਟ ਅਫਸਰ ਨਿਯੁਕਤ ਕੀਤਾ ਸੀ।



ਸੋਮਵਾਰ ਨੂੰ ਹਰਿਆਣਾ ਸਰਕਾਰ ਦੀ ਤਰਫੋਂ ਜਵਾਬ ਦਾਖਲ ਕਰਦੇ ਹੋਏ ਹਾਈਕੋਰਟ ਨੂੰ ਦੱਸਿਆ ਗਿਆ ਕਿ ਪੰਜਾਬ ਦੀ ਸਰਹੱਦ ਤੋਂ 599 ਮੀਟਰ ਪਹਿਲਾਂ ਹਰਿਆਣਾ ਦੀ ਸਰਹੱਦ 'ਚ ਬੈਰੀਕੇਡਿੰਗ ਕੀਤੀ ਗਈ ਹੈ। ਅਜਿਹੇ 'ਚ ਪ੍ਰਦਰਸ਼ਨਕਾਰੀ ਹਰਿਆਣਾ ਦੇ ਅਧਿਕਾਰ ਖੇਤਰ 'ਚ ਮੌਜੂਦ ਸਨ।


 21 ਫਰਵਰੀ ਨੂੰ ਅੰਦੋਲਨਕਾਰੀਆਂ ਨੇ ਪੁਲਿਸ 'ਤੇ ਹਮਲਾ ਕਰ ਦਿੱਤਾ ਸੀ ਅਤੇ ਝੜਪ 'ਚ ਕਈ ਪੁਲਿਸ ਵਾਲੇ ਜ਼ਖਮੀ ਹੋ ਗਏ ਸਨ। ਇਸ ਦੌਰਾਨ ਪੁਲਿਸ ਪਾਰਟੀ ਨੇ ਪ੍ਰੀਤਪਾਲ ਨੂੰ ਖੇਤਾਂ 'ਚ ਜ਼ਖਮੀ ਹਾਲਤ 'ਚ ਦੇਖਿਆ ਅਤੇ ਉਸ ਨੂੰ ਇਲਾਜ ਲਈ ਨਰਵਾਣਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਬਾਅਦ ਵਿੱਚ ਉਸ ਨੂੰ ਪੀਜੀਆਈ ਰੋਹਤਕ ਰੈਫਰ ਕਰ ਦਿੱਤਾ ਗਿਆ।