ਪਟਿਆਲਾ: ਭਾਰਤੀ ਕਿਸਾਨ ਯੂਨੀਅਨ ਨੇ ਟਿਊਬਵੈਲ ਕੁਨੈਕਸ਼ਨ ਦੇ ਮਾਮਲੇ 'ਤੇ ਪੰਜਾਬ ਸਰਕਾਰ ਨੂੰ ਹਫਤੇ ਦਾ ਅਲਟੀਮੇਟਮ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਨੇ ਸਰਕਾਰ ਨੂੰ ਹਫਤੇ ਦਾ ਸਮਾਂ ਦਿੰਦਿਆਂ ਕਿਹਾ ਹੈ ਕਿ ਜੇਕਰ ਹਫਤੇ ਅੰਦਰ ਕਿਸਾਨਾਂ ਨੂੰ ਕੂਨੈਕਸ਼ਨ ਨਾ ਦਿੱਤੇ ਗਏ ਤਾਂ ਮੁੜ ਪ੍ਰਦਰਸ਼ਨ ਵਿੱਢ ਦਿੱਤੇ ਜਾਣਗੇ।
ਕਿਸਾਨਾਂ ਨੇ ਇਲਜ਼ਾਮ ਲਾਇਆ ਹੈ ਕਿ ਸਾਲ 2103 ਵਿੱਚ ਪੰਜਾਬ ਸਰਕਾਰ ਵੱਲੋਂ ਪੰਜ ਏਕੜ ਤੱਕ ਜ਼ਮੀਨ ਵਾਲੇ ਕਿਸਾਨਾਂ ਨੂੰ ਬਿਜਲੀ ਟਿਊਬਵੈਲ ਦੇ ਕੁਨੈਕਸ਼ਨ ਦੇਣ ਦਾ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਆਪਣੀ ਇਸੇ ਮੰਗ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਵੱਲੋਂ ਪਟਿਆਲਾ ਸਥਿਤ ਪਾਵਰਕਾਮ ਦੇ ਮੁੱਖ ਦਫਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ। ਇਸ ਵਿੱਚ ਨਰਮਾ ਪੱਟੀ ਦੇ ਹਜ਼ਾਰਾਂ ਕਿਸਾਨਾਂ ਨੇ ਸ਼ਮੂਲੀਅਤ ਕੀਤੀ।
ਪਾਵਰਕਾਮ ਦੇ ਮੁੱਖ ਦਫਤਰ ਅੱਗੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਸਾਲ 2013 ਵਿੱਚ ਢਾਈ ਤੋਂ ਪੰਜ ਏਕੜ ਜ਼ਮੀਨ ਵਾਲੇ ਕਿਸਾਨਾਂ ਨੂੰ ਟਿਊਬਵੈਲ ਕੁਨੈਕਸ਼ਨ ਦੇਣ ਦਾ ਵਾਅਦਾ ਕੀਤਾ ਸੀ। ਸਾਲ 2014 ਦੀਆਂ ਚੋਣਾਂ ਨੂੰ ਦੇਖਦਿਆਂ ਸਰਕਾਰ ਨੇ ਘਰ-ਘਰ ਜਾ ਕੇ ਵੀ ਕੁਨੈਕਸ਼ਨ ਵੰਡੇ ਸੀ ਪਰ ਚੋਣਾਂ ਨਿਕਲਣ ਤੋਂ ਬਾਅਦ ਸਰਕਾਰ ਨੇ ਕਿਸਾਨਾਂ ਨੂੰ ਕੂਨੈਕਸ਼ਨ ਦੇਣੇ ਬੰਦ ਕਰ ਦਿੱਤੇ ਜਦੋਂਕਿ ਕਿਸਾਨਾਂ ਵੱਲੋਂ ਕੂਨੈਕਸ਼ਨਾਂ ਲਈ ਪਾਵਰਕਾਮ ਨੂੰ ਲੱਖਾਂ ਰੁਪਏ ਦੀ ਅਦਾਇਗੀ ਵੀ ਕਰ ਦਿੱਤੀ ਸੀ।
ਯੂਨੀਅਨ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਤੇ ਸੂਬਾ ਜਨਰਲ ਸਕੱਤਰ ਜਗਮੋਹਣ ਸਿੰਘ ਨੇ ਦੱਸਿਆ ਕਿ ਆਪਣੇ ਵਾਅਦੇ ਤੋਂ ਬਾਅਦ ਹੁਣ ਤੱਕ ਸਰਕਾਰ ਵੱਲੋਂ 15 ਫੀਸਦੀ ਤੋਂ ਵੀ ਘੱਟ ਕੂਨੈਕਸ਼ਨ ਜਾਰੀ ਕੀਤੇ ਹਨ ਜਦੋਂਕਿ ਸਰਕਾਰ ਨੇ ਨਰਮਾ ਪੱਟੀ ਦੇ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਸਾਰੇ ਕੂਨੈਕਸ਼ਨ ਦੇਣ ਦੀ ਗੱਲ ਆਖੀ ਸੀ। ਆਗੂਆਂ ਨੇ ਐਲਾਨ ਕੀਤਾ ਕਿ ਉਹ ਹਫਤੇ ਦਾ ਸਮਾਂ ਸਰਕਾਰ ਤੇ ਪਾਵਰਕਾਮ ਨੂੰ ਦੇ ਰਹੇ ਹਨ। ਇਸ ਤੋਂ ਬਾਅਦ ਪਿਛਲੇ ਸਾਲ ਦੀ ਤਰ੍ਹਾਂ ਹੀ ਸੜਕਾਂ 'ਤੇ ਉਤਰਿਆ ਜਾਵੇਗਾ।