Farmer Protest: ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ’ਚੋਂ ਪੰਜਾਬ ਤੇ ਹਰਿਆਣਾ ਦੀ ਨੁਮਾਇੰਦਗੀ ਖ਼ਤਮ ਕਰਨ ਸਬੰਧੀ ਲਏ ਗਏ ਫ਼ੈਸਲੇ ਵਿਰੁੱਧ 25 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਭਰ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਧਰਨੇ ਦਿੱਤੇ ਜਾ ਰਹੇ ਹਨ।

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾਈ ਜਨਰਲ ਸਕੱਤਰ ਜਗਮੋਹਣ ਸਿੰਘ ਪਟਿਆਲਾ ਨੇ ਕਿਹਾ ਕਿ ਬੀਬੀਐਮਬੀ ਸਬੰਧੀ ਪੰਜਾਬ ਵਿਰੋਧੀ ਫ਼ੈਸਲਾ ਲੈਣ ਮਗਰੋਂ ਕੇਂਦਰ ਸਰਕਾਰ ਨੇ ਹੁਣ ਚੰਡੀਗੜ੍ਹ ਇੰਡਸਟਰੀਅਲ ਐਂਡ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ (ਸਿਟਕੋ) ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਤਹਿਤ ਕੇਂਦਰੀ ਕੇਡਰ ਦਾ ਮੈਨੇਜਿੰਗ ਡਾਇਰੈਕਟਰ ਤਾਇਨਾਤ ਕੀਤਾ ਹੈ। ਕੇਂਦਰ ਸਰਕਾਰ ਹਰ ਮਸਲੇ ’ਤੇ ਦਖਲਅੰਦਾਜ਼ੀ ਹੀ ਨਹੀਂ ਕਰ ਰਹੀ, ਬਲਕਿ ਪੰਜਾਬ ਦੇ ਸਰੋਤ ਵੀ ਹੜੱਪ ਰਹੀ ਹੈ।

ਉਨ੍ਹਾਂ ਕਿਹਾ ਕਿ ਗੱਲ ਕੇਂਦਰ ਸਰਕਾਰ ਬੀਬੀਐਮਬੀ ਤੇ ਸਿਟਕੋ ਨੂੰ ਕਾਰਪੋਰੇਟ ਘਰਾਣਿਆਂ ਕੋਲ ਵੇਚਣ ਦਾ ਮਨ ਬਣਾਈ ਬੈਠੀ ਹੈ, ਜਿਸ ਕਰਕੇ ਕੇਂਦਰ ਦੇ ਅਜਿਹੇ ਮਾੜੇ ਮਨਸੂਬਿਆਂ ਖ਼ਿਲਾਫ਼ ਸੰਘਰਸ਼ ਤੋਂ ਬਿਨਾ ਹੋਰ ਕੋਈ ਚਾਰਾ ਨਹੀਂ ਰਹਿ ਗਿਆ। ਇਸ ਦੌਰਾਨ ਬਲਬੀਰ ਸਿੰਘ ਰਾਜੇਵਾਲ ਸਮੇਤ 25 ਕਿਸਾਨ ਜਥੇਬੰਦੀਆਂ ’ਚੋਂ ਕਈ ਹੋਰ ਆਗੂਆਂ ਨੇ ਵੀ ਕਿਸਾਨਾਂ ਨੂੰ ਇਨ੍ਹਾਂ ਧਰਨਿਆਂ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਹੈ।

ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਰਹੀਆਂ 32 ’ਚੋਂ 22 ਕਿਸਾਨ ਜਥੇਬੰਦੀਆਂ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾ ’ਚ ਕੁੱਦ ਪਈਆਂ ਸਨ। ਚੋਣਾਂ ਤੋਂ ਬਾਅਦ ਇਸ ਪਲੇਠੇ ਪ੍ਰੋਗਰਾਮ ਵਿੱਚ ਇਨ੍ਹਾਂ 22 ਜਥੇਬੰਦੀਆਂ ਦੇ ਨਾਲ ਤਿੰਨ ਹੋਰ ਜਥੇਬੰਦੀਆਂ ਵੀ ਆ ਰਲੀਆਂ ਹਨ।


ਉਧਰ, ਮੁੱਖ ਮੰਤਰੀ ਚਰਨਜੀਤ ਚੰਨੀ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਸਥਾਈ ਮੈਂਬਰੀ ਖਤਮ ਕਰਨ ਦੇ ਮਾਮਲੇ ’ਤੇ ਚੁੱਪ ਤੋੜੀ ਹੈ। ਤਕਰੀਬਨ ਦੋ ਹਫਤਿਆਂ ਮਗਰੋਂ ਮੁੱਖ ਮੰਤਰੀ ਚੰਨੀ ਨੂੰ ਇਸ ਮਾਮਲੇ ਦਾ ਖਿਆਲ ਆਇਆ ਹੈ ਹੈ। ਮੁੱਖ ਮੰਤਰੀ ਚੰਨੀ ਨੇ ਬੀਬੀਐਮਬੀ ਮਾਮਲੇ ਤੇ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਦੇ ਮੁੱਦੇ ’ਤੇ ਗੱਲਬਾਤ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਸਮਾਂ ਮੰਗਿਆ ਹੈ।