Farmer Protest: ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਪੰਜਾਬ ਭਰ ਵਿੱਚ ਮੁੱਖ ਮੰਤਰੀ, ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਈ ਥਾਵਾਂ ਉੱਤੇ ਪੁਲਿਸ ਨਾਲ ਝੜਪ ਹੋਣ ਦੀਆਂ ਤਸਵੀਰਾਂ ਵੀ ਸਾਹਣਮੇ ਆਈਆਂ ਹਨ।

Continues below advertisement


ਇਸ ਮੌਕੇ ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਅੱਜ ਦੇ ਇੱਕਠ ਸਾਬਿਤ ਕਰਦੇ ਹਨ ਕਿ ਪੰਜਾਬ ਦੇ ਲੋਕ ਪੰਜਾਬ ਸਰਕਾਰ ਦੁਆਰਾ ਸ਼ੰਭੂ ਤੇ ਖਨੌਰੀ ਬਾਰਡਰ ਤੇ ਕੀਤੇ ਤਸ਼ੱਦਦ ਖ਼ਿਲਾਫ਼ ਉੱਠ ਖੜ੍ਹੇ ਹੋਏ ਹਨ ਅਤੇ ਪੰਜਾਬ ਸਰਕਾਰ ਨੂੰ ਕੰਧ ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਜੇ ਸਰਕਾਰ ਅਜਿਹੇ ਕਦਮ ਚੱਕੇਗੀ ਤਾਂ ਲੋਕ ਇਸਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਤਿਆਰ ਹਨ। 



ਉਨ੍ਹਾਂ ਕਿਹਾ ਕਿ 19 ਮਾਰਚ ਨੂੰ ਪੰਜਾਬ ਤੇ ਕੇਂਦਰ ਸਰਕਾਰ ਵੱਲੋਂ, ਚਲਦੇ ਕਿਸਾਨੀ ਅੰਦੋਲਨ ਦੌਰਾਨ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਪੁਲਿਸ ਬਲ ਦੀ ਵਰਤੋਂ ਕਰਕੇ ਮੋਰਚੇ ਉਖਾੜਨ ਦੀ ਕਾਰਵਾਈ ਕਰਨ ਕਾਰਨ ਹੋਏ ਹਰ ਤਰ੍ਹਾਂ ਦੇ ਮਾਲੀ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਦੁਆਰਾ ਕੀਤੀ ਜਾਵੇ ਤੇ ਟਰਾਲੀਆਂ ਜਾਂ ਹੋਰ ਸਮਾਨ ਚੋਰੀ ਹੋਣ ਦੇ ਇਸ ਸਾਰੇ ਘਟਨਾਕ੍ਰਮ ਦੇ ਪਿੱਛੇ ਸਾਜ਼ਿਸ਼ ਵਿੱਚ ਸ਼ਾਮਿਲ ਵਿਧਾਇਕ ਗੁਰਲਾਲ ਘਨੌਰ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕੀਤੀ ਜਾਵੇ। 



ਉਹਨਾ ਕਿਹਾ ਕਿ ਜਿਸ ਤਰ੍ਹਾਂ ਮੋਗਾ ਵਿੱਚ ਐਮਐਲਏ ਲਾਡੀ ਢੋਸ ਵੱਲੋਂ ਗੁੰਡਾਗਰਦੀ ਕਰਦੇ ਹੋਏ ਸ਼ਾਂਤਮਈ ਧਰਨਾ ਦੇ ਰਹੇ ਕਿਸਾਨਾਂ ਨਾਲ ਮਾੜਾ ਵਿਹਾਰ ਕੀਤਾ ਹੈ ਉਸ ਦੇ ਉੱਤੇ ਪੰਜਾਬ ਸਰਕਾਰ ਤੁਰੰਤ ਕਾਰਵਾਈ ਕਰੇ ਨਹੀਂ ਤਾਂ ਲਾਡੀ ਢੋਸ ਦੇ ਖਿਲਾਫ ਤਿੱਖਾ ਐਕਸ਼ਨ ਕੀਤਾ ਜਾਵੇਗਾ।  ਇਸ ਮੌਕੇ ਕਿਸਾਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਕਿਸਾਨਾਂ ਨਾਲ ਧੱਕਾ ਕੀਤਾ ਹੈ ਉਸ ਦਾ ਦੇਣ ਵੀ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਇੱਕ-ਇੱਕ ਪਾਈ ਦਾ ਹਿਸਾਬ ਲਿਆ ਜਾਵੇਗਾ ਤੇ ਇਸ ਨੂੰ ਲੈ ਕੇ ਉਨ੍ਹਾਂ ਵੱਲੋਂ ਛੇਤੀ ਹੀ ਐਲਾਨ ਕੀਤਾ ਜਾਵੇਗਾ।


ਉਨ੍ਹਾਂ ਦੱਸਿਆ ਕਿ ਛਿਟ ਪੁੱਟ ਘਟਨਾਵਾਂ ਨੂੰ ਛੱਡ ਕੇ ਸਾਰੇ ਪੰਜਾਬ ਭਰ ਵਿੱਚ ਧਰਨੇ ਸ਼ਾਂਤਮਈ ਤਰੀਕੇ ਨਾਲ ਨੇਪਰੇ ਚੜੇ ਹਨ। ਉਹਨਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਦੋਨੋਂ ਫੋਰਮ ਮੀਟਿੰਗਾਂ ਕਰਕੇ ਅਗਲੇ ਐਕਸ਼ਨ ਪ੍ਰੋਗਰਾਮ ਦੇਣਗੀਆਂ। ਉਹਨਾਂ ਨੇ ਦੱਸਿਆ ਕਿ ਅੱਜ ਦੇ ਪ੍ਰੋਗਰਾਮ ਵਿੱਚ ਸੰਯੁਕਤ ਕਿਸਾਨ ਮੋਰਚਾ ਭਾਰਤ ਦੀਆਂ ਜਥੇਬੰਦੀਆਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ, ਜਿਸ ਦਾ ਦੋਨੋਂ ਫੋਰਮ ਧੰਨਵਾਦ ਕਰਦੇ ਹਨ।  ਉਹਨਾਂ ਸਰਕਾਰ ਵੱਲੋਂ 1 ਅਪ੍ਰੈਲ ਤੋਂ ਵਧਾਏ ਜਾਣ ਵਾਲੇ ਟੋਲ ਟੈਕਸ ਦੀ ਨਿਖੇਦੀ ਕੀਤੀ ਅਤੇ ਇਸ ਨੂੰ ਲੋਕਾਂ ਦੀ ਲੁੱਟ ਕਰਾਰ ਦਿੱਤਾ।