ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਸੋਮਵਾਰ ਨੂੰ ਲੋਕ ਸਭਾ ’ਚ ਖੇਤੀ ਸੈਕਟਰ ਨਾਲ ਜੁੜੇ ਤਿੰਨ ਬਿੱਲ ਪੇਸ਼ ਕਰਨ ਮਗਰੋਂ ਪੰਜਾਬ ਦੇ ਕਿਸਾਨਾਂ ਨੇ ਆਰ-ਪਾਰ ਦੀ ਲੜਾਈ ਵਿੱਢ ਦਿੱਤੀ ਹੈ। ਅੱਜ ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਡੇ ਐਕਸ਼ਨ ਕਰ ਰਹੀਆਂ ਹਨ। ਦਸ ਕਿਸਾਨ ਜਥੇਬੰਦੀਆਂ ਨੇ ਸੂਬੇ ਵਿੱਚ 25 ਥਾਵਾਂ ਉੱਤੇ ਸੜਕਾਂ ਜਾਮ ਕਰ ਦਿੱਤੀਆਂ ਹਨ। ਬੀਕੇਯੂ (ਉਗਰਾਹਾਂ) ਨੇ ਪਟਿਆਲਾ ਤੇ ਬਾਦਲ ਪਿੰਡ ਵਿੱਚ 15 ਤੋਂ 20 ਸਤੰਬਰ ਤੱਕ ਪੱਕਾ ਮੋਰਚਾ ਖੋਲ੍ਹ ਦਿੱਤਾ ਹੈ।
ਉਧਰ, ਕਿਸਾਨਾਂ ਤੇ ਮਜ਼ਦੂਰਾਂ ਦਾ ਜੇਲ੍ਹ ਭਰੋ ਅੰਦੋਲਨ ਅੱਜ 9ਵੇਂ ਦਿਨ ਵੀ ਜਾਰੀ ਹੈ ਪਰ ਸਰਕਾਰ ਕਿਸਾਨਾਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ। ਜੇਲ੍ਹ ਭਰੋ ਅੰਦੋਲਨ ਵਿੱਚ ਵੱਡੀ ਗਿਣਤੀ ਬੀਬੀਆਂ ਤੇ ਕਿਸਾਨ-ਮਜ਼ਦੂਰ ਪਹੁੰਚ ਰਹੇ ਹਨ। ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਹੈ ਕਿ ਆਰਡੀਨੈਂਸਾਂ ਨੂੰ ਕਾਨੂੰਨ ਬਣਾਉਣ ਲਈ ਲਿਆਂਦੇ ਬਿੱਲਾਂ ਦੇ ਹੱਕ ਵਿੱਚ ਵੋਟ ਪਾਉਣ ਵਾਲੇ ਸੰਸਦ ਮੈਂਬਰਾਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਗੰਭੀਰ ਹੈ ਤਾਂ ਹਰਸਿਮਰਤ ਬਾਦਲ ਨੂੰ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿਵਾਉਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਦੇਸ਼ ਦੀਆਂ ਢਾਈ ਸੌ ਤੋਂ ਵੱਧ ਕਿਸਾਨ ਜਥੇਬੰਦੀਆਂ ਦੀ ਤਾਲਮੇਲ ਕਮੇਟੀ ਦੇ ਸੱਦੇ ਉੱਤੇ ਪੰਜਾਬ ਦੀਆਂ 10 ਕਿਸਾਨ ਜਥੇਬੰਦੀਆਂ ਵੀ ਸੰਘਰਸ਼ ਵਿੱਚ ਡਟ ਗਈਆਂ ਹਨ। ਉਨ੍ਹਾਂ ਨੇ ਸੋਮਵਾਰ ਨੂੰ ਬਰਨਾਲਾ, ਮੋਗਾ, ਪਟਿਆਲਾ, ਫਗਵਾੜਾ ਤੇ ਅੰਮ੍ਰਿਤਸਰ ’ਚ ਲਲਕਾਰ ਰੈਲੀਆਂ ਕਰਕੇ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ ਵਾਪਸ ਲੈਣ ਦੀ ਮੰਗ ਕੀਤੀ। ਜਥੇਬੰਦੀਆਂ ਨੇ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਲਈ 16 ਸਤੰਬਰ ਨੂੰ ਮੀਟਿੰਗ ਰੱਖ ਲਈ ਹੈ।
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਲੱਖੋਵਾਲ, ਸਿੱਧੂਪੁਰ ਗਰੁੱਪ, ਬੀਕੇਯੂ (ਕਾਦੀਆਂ) ਦੋਆਬਾ ਕਿਸਾਨ ਸੰਘਰਸ਼ ਕਮੇਟੀ, ਬੀਕੇਯੂ (ਮਾਨਸਾ), ਇੰਡੀਅਨ ਫਾਰਮਰਜ਼ ਐਸੋਸੀਏਸ਼ਨ, ਗੰਨਾ ਸੰਘਰਸ਼ ਕਮੇਟੀ ਸਮੇਤ ਦਸ ਕਿਸਾਨ ਜਥੇਬੰਦੀਆਂ ਅੱਜ ਸੂਬੇ ਦੀਆਂ 25 ਥਾਵਾਂ ਉੱਤੇ ਮੁੱਖ ਸੜਕਾਂ ਜਾਮ ਕਰ ਰਹੀਆਂ ਹਨ।
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਪਟਿਆਲਾ ਤੇ ਬਾਦਲ ਪਿੰਡ ਵਿੱਚ 15 ਤੋਂ 20 ਸਤੰਬਰ ਤੱਕ ਦਿਨ-ਰਾਤ ਦੇ ਪੱਕੇ ਮੋਰਚੇ ਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਰੋਨਾ ਤੋਂ ਸਾਵਧਾਨੀਆਂ ਲਈ ਲੋੜੀਂਦੇ ਮਾਸਕ, ਸੈਨੇਟਾਈਜ਼ਰ ਆਦਿ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਇਨ੍ਹਾਂ ਧਰਨਿਆਂ ਵਿੱਚ ਖੇਤੀ ਆਰਡੀਨੈਂਸਾਂ ਤੋਂ ਇਲਾਵਾ ਜਮਹੂਰੀ ਹੱਕਾਂ ਨੂੰ ਕੁਚਲਣ ਵਾਲੇ ਕਾਨੂੰਨਾਂ ਅਧੀਨ ਝੂਠੇ ਕੇਸਾਂ ਵਿੱਚ ਫਸਾਏ ਬਜ਼ੁਰਗ ਕਵੀ ਵਰਵਰਾ ਰਾਓ, ਪ੍ਰੋਫੈਸਰ ਸਾਈਂਬਾਬਾ, ਜਾਮੀਆ ਦੇ ਵਿਦਿਆਰਥੀਆਂ ਸਮੇਤ ਸਭ ਨੂੰ ਰਿਹਾਅ ਕਰਨ ਦੀ ਮੰਗ ਵੀ ਕੀਤੀ ਜਾਵੇਗੀ।
ਨਵੇਂ ਖੇਤੀ ਕਾਨੂੰਨਾਂ ਖਿਲਾਫ ਉੱਠ ਖੜ੍ਹੇ ਪੰਜਾਬ ਦੇ ਕਿਸਾਨ, ਸੂਬੇ ਭਰ 'ਚ ਵੱਡੇ ਐਕਸ਼ਨ
ਏਬੀਪੀ ਸਾਂਝਾ
Updated at:
15 Sep 2020 10:22 AM (IST)
ਕੇਂਦਰ ਸਰਕਾਰ ਵੱਲੋਂ ਸੋਮਵਾਰ ਨੂੰ ਲੋਕ ਸਭਾ ’ਚ ਖੇਤੀ ਸੈਕਟਰ ਨਾਲ ਜੁੜੇ ਤਿੰਨ ਬਿੱਲ ਪੇਸ਼ ਕਰਨ ਮਗਰੋਂ ਪੰਜਾਬ ਦੇ ਕਿਸਾਨਾਂ ਨੇ ਆਰ-ਪਾਰ ਦੀ ਲੜਾਈ ਵਿੱਢ ਦਿੱਤੀ ਹੈ। ਅੱਜ ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਡੇ ਐਕਸ਼ਨ ਕਰ ਰਹੀਆਂ ਹਨ। ਦਸ ਕਿਸਾਨ ਜਥੇਬੰਦੀਆਂ ਨੇ ਸੂਬੇ ਵਿੱਚ 25 ਥਾਵਾਂ ਉੱਤੇ ਸੜਕਾਂ ਜਾਮ ਕਰ ਦਿੱਤੀਆਂ ਹਨ। ਬੀਕੇਯੂ (ਉਗਰਾਹਾਂ) ਨੇ ਪਟਿਆਲਾ ਤੇ ਬਾਦਲ ਪਿੰਡ ਵਿੱਚ 15 ਤੋਂ 20 ਸਤੰਬਰ ਤੱਕ ਪੱਕਾ ਮੋਰਚਾ ਖੋਲ੍ਹ ਦਿੱਤਾ ਹੈ।
- - - - - - - - - Advertisement - - - - - - - - -